Thursday, July 4, 2024

ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3200 ਬੱਚਿਆਂ ਨੇ ਕੀਤੀ ਸ਼ਮੂਲੀਅਤ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਝੱਬਰ ਨੇ ਬੱਚਿਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਸਾ ਜ਼ਿਲ੍ਹੇ ਦੇ ਹਲਕਾ ਜੋਗਾ ਵਿਖੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਯਤਨਾਂ ਨਾਲ ਪਿਛਲੇ ਇਕ ਮਹੀਨੇ ਤੋਂ ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ ਸਮਾਰੋਹ ਅੱਜ ਗੁਰਦੁਆਰਾ ਭਾਈ ਬਹਿਲੋ ਜੀ ਫਫੜੇ ਭਾਈਕੇ ਵਿਖੇ ਆਯੋਜਤ ਕੀਤਾ ਗਿਆ।ਸਮਾਗਮ ਵਿਚ 54 ਪਿੰਡਾਂ ਤੋਂ ਕੈਂਪ ਲਗਾ ਕੇ ਆਏ 3200 ਤੋਂ ਵੱਧ ਬੱਚਿਆਂ ਦੇ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਧਾਰਮਿਕ ਮੁਕਾਬਲਿਆਂ ਵਿਚ ਭਾਗ ਲਿਆ।ਉਨ੍ਹਾਂ 540 ਬੱਚਿਆਂ ਦਾ ਗੁਰਮਤਿ ਸਬੰਧੀ ਲਿਖਤੀ ਪੇਪਰ ਵੀ ਲਿਆ ਗਿਆ, ਜੋ ਪਿੰਡਾਂ ਵਿੱਚ ਲੱਗੇ ਗੁਰਮਤਿ ਕੈਂਪਾਂ ਦੌਰਾਨ ਅੱਵਲ ਆਏ ਸਨ।ਇਹ ਕੈਂਪ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਲਗਾਏ ਗਏ ਸਨ।
ਸਨਮਾਨ ਸਮਾਰੋਹ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰਬਾਣੀ ਦੀ ਸਿੱਖਿਆ ਦਾ ਮਨੁੱਖੀ ਜੀਵਨ ਲਈ ਵੱਡਾ ਮਹੱਤਵ ਹੈ ਅਤੇ ਖੁਸ਼ੀ ਦੀ ਗੱਲ ਹੈ ਕਿ ਗੁਰਮਤਿ ਕੈਂਪਾਂ ਵਿਚ ਸਿੱਖਿਆ ਲੈ ਕੇ ਬੱਚੇ ਅੱਗੇ ਸਮਾਜ ਨੂੰ ਵੀ ਆਪਣੇ ਸ਼ਾਨਾਂਮੱਤੇ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕਰ ਰਹੇ ਹਨ।ਉਨ੍ਹਾਂ ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹਲਕਾ ਜੋਗਾ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਅਜਿਹੇ ਕੈਂਪ ਹਰ ਹਲਕੇ ਵਿਚ ਲਗਾਉਣ ਲਈ ਯਤਨਸ਼ੀਲ ਹੋਣ ਲਈ ਕਿਹਾ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਅਤੇ ਕੈਂਪ ਵਿਚ ਸਹਿਯੋਗ ਦੇਣ ਵਾਲੇ ਗ੍ਰੰਥੀ ਸਿੰਘਾਂ, ਹਲਕਾ ਨਿਵਾਸੀਆਂ ਅਤੇ ਕੈਂਪ ’ਚ ਸ਼ਾਮਲ ਰਹੇ ਬੱਚਿਆਂ ਦਾ ਧੰਨਵਾਦ ਕੀਤਾ।ਸਮਾਗਮ ਸਮੇਂ ਵੱਖ-ਵੱਖ ਮੁਕਾਬਲਿਆਂ ਅਤੇ ਲਈ ਗਈ ਧਾਰਮਿਕ ਪ੍ਰੀਖਿਆ ਵਿੱਚੋਂ ਅੱਵਲ ਆਏ ਬੱਚਿਆਂ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਬੀਬੀ ਜਸਪਾਲ ਕੌਰ, ਮੈਬਰ ਸੁਰਜੀਤ ਸਿੰਘ ਰਾਏਪੁਰ, ਬੀਬੀ ਜੋਗਿੰਦਰ ਕੌਰ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਇਨਾਮ ਵਜੋਂ ਸਾਈਕਲ ਦੇ ਕੇ ਸਨਮਾਨਿਤ ਕੀਤਾ।ਕੈਂਪਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਵੀ ਮੈਡਲ, ਸਨਮਾਨ ਪੱਤਰ ਦੇ ਕੇ ਸਨਮਾਨ ਦਿੱਤਾ ਗਿਆ ਅਤੇ ਟੀਮਾਂ ਵੱਲੋਂ ਗੱਤਕੇ ਦੇ ਜੌਹਰ ਵੀ ਵਿਖਾਏ।ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਤਿਆਰ ਕੀਤੀ ਗਈ ਡਿਉੜੀ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਦਘਾਟਨ ਕੀਤਾ ਗਿਆ।
ਇਸ ਮੌਕੇ ਗੁਰਮੇਲ ਸਿੰਘ ਫਫੜੇ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਹਰਦੇਵ ਸਿੰਘ ਬਾਦਲ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਖਦੇਵ ਸਿੰਘ ਮੀਤ ਪ੍ਰਧਾਨ, ਬਲਜੀਤ ਸਿੰਘ ਅਤਲਾ, ਨਵਤੇਜ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ, ਮੈਨੇਜਰ ਅਜੈਬ ਸਿੰਘ ਜੋਗਾ, ਸੋਹਣ ਸਿੰਘ, ਇੰਚਾਰਜ਼ ਭੋਲਾ ਸਿੰਘ, ਸਹਾਇਕ ਇੰਚਾਰਜ਼ ਜਸਬੀਰ ਸਿੰਘ ਜੱਸੀ ਲੌਂਗੋਵਾਲ, ਪ੍ਰਿੰਸੀਪਲ ਜਸਵਿੰਦਰ ਸਿੰਘ, ਬਾਬਾ ਸੁਖਦੇਵ ਸਿੰਘ, ਪ੍ਰਚਾਰਕ ਭਾਈ ਅਮਰੀਕ ਸਿੰਘ, ਭਾਈ ਸਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਬੱਚੇ ਮੌਜ਼ੂਦ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …