Sunday, November 24, 2024

ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲ ਖ਼ਾਲਸਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਦਲ ਖ਼ਾਲਸਾ ਦੇ ਮੋਢੀ ਆਗੂ ਭਾਈ ਗਜਿੰਦਰ ਸਿੰਘ ਜੋ ਬੀਤੇ ਦਿਨੀਂ ਪਾਕਿਸਤਾਨ ‘ਚ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਪੰਥਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।ਆਪਣੇ ਸੰਬੋਧਨ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਗਜਿੰਦਰ ਸਿੰਘ ਪੰਥਕ ਸੰਘਰਸ਼ ਦੇ ਉਹ ਯੋਧੇ ਸਨ, ਜਿਨ੍ਹਾਂ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਕੌਮ ਦੇ ਲੇਖੇ ਲਾਇਆ।ਉਨਾਂ ਕਿਹਾ ਕਿ ਭਾਈ ਗਜਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਲਾਵਤਨੀ ਸਿੱਖ ਯੋਧੇ ਦਾ ਖਿਤਾਬ ਦਿੱਤਾ ਗਿਆ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥਕ ਪ੍ਰੰਪਰਾਵਾਂ ਅਨੁਸਾਰ ਸਮਾਗਮ ਕਰਕੇ ਇਹ ਸਨਮਾਨ ਉਨ੍ਹਾਂ ਦੇ ਪਰਿਵਾਰ ਨੂੰ ਸੌਂਪਿਆ ਜਾਵੇਗਾ।ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਭਾਈ ਗਜਿੰਦਰ ਸਿੰਘ, ਭਾਈ ਹਰਦੀਪ ਸਿੰਘ ਨਿੱਝਰ ਤੇ ਭਾਈ ਪਰਮਜੀਤ ਸਿੰਘ ਪੰਜਵੜ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਲਈ ਕਾਰਵਾਈ ਕਰੇ। ਦਲ ਖ਼ਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਈ ਗਜਿੰਦਰ ਸਿੰਘ ਕਿਸੇ ਇਕ ਜਥੇਬੰਦੀ ਦੇ ਨਹੀਂ, ਸਗੋਂ ਸਮੁੱਚੇ ਖਾਲਸਾ ਪੰਥ ਦੇ ਸਨ।ਉਨ੍ਹਾਂ ਸਮਾਗਮ ਵਿੱਚ ਪਹੁੰਚੀਆਂ ਸਮੁੱਚੀਆਂ ਜਥੇਬੰਦੀਆਂ ਦਾ ਧੰਨਵਾਦ ਵੀ ਕੀਤਾ।ਭਾਈ ਗਜਿੰਦਰ ਸਿੰਘ ਦੇ ਭਰਾ ਭਾਈ ਦਰਸ਼ਨ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ।
ਸਮਾਗਮ ’ਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਬੀਬੀ ਕਿਰਨਜੋਤ ਕੌਰ, ਕਰਨੈਲ ਸਿੰਘ ਪੰਜੋਲੀ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਸਪੁੱਤਰ ਭਾਈ ਈਸ਼ਰ ਸਿੰਘ, ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਪਰਮਜੀਤ ਸਿੰਘ ਮੰਡ, ਪ੍ਰੋ. ਬਲਜਿੰਦਰ ਸਿੰਘ, ਨਰੈਣ ਸਿੰਘ ਚੌੜਾ, ਕਰਨੈਲ ਸਿੰਘ ਪੀਰ ਮੁਹੰਮਦ, ਜਸਕਰਨ ਸਿੰਘ ਕਾਹਨਸਿੰਘ ਵਾਲਾ, ਭਾਈ ਮਨਜੀਤ ਸਿੰਘ ਭੋਮਾਂ ਆਦਿ ਮੌਜੂਦ ਸਨ।

Check Also

ਸੂਬੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜ਼ੀਹ – ਡਾ. ਰਵਜੋਤ ਸਿੰਘ

ਵਾਲਡ ਸਿਟੀ ਦੇ ਸੀਵਰੇਜ ਨੂੰ ਬਦਲਣ ਦੀ ਬਣਾਓ ਤਜਵੀਜ਼ ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – …