Tuesday, December 3, 2024

ਸ਼੍ਰੋਮਣੀ ਕਮੇਟੀ ਨੇ ਰਾਏ ਬੁਲਾਰ ਜੀ ਦੇ ਵੰਸ਼ਜ਼ਾਂ ਨੂੰ ਭਾਰਤ ਆਉਣ ਦਾ ਸੱਦਾ ਭੇਜਿਆ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਰਾਏ ਬੁਲਾਰ ਜੀ ਦੇ ਪਾਕਿਸਤਾਨ ਵਿੱਚ ਰਹਿੰਦੇ ਚਾਰ ਵੰਸ਼ਜ਼ ਪਰਿਵਾਰਾਂ ਨੂੰ ਗੁਰੂ ਸਾਹਿਬ ਜੀ ਦੇ ਨਵੰਬਰ ਮਹੀਨੇ ਵਿੱਚ ਆ ਰਹੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਭਾਰਤ ਆਉਣ ਦਾ ਸੱਦਾ ਭੇਜਿਆ ਹੈ।
ਰਾਏ ਬੁਲਾਰ ਜੀ ਦੇ ਵੰਸ਼ਜ਼ ਰਾਏ ਮੁਹੰਮਦ ਸਲੀਮ ਭੱਟੀ ਸਮੇਤ ਚਾਰ ਪਰਿਵਾਰਾਂ ਨੂੰ ਭੇਜੇ ਗਏ ਸੱਦਾ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਇਸ ਸਾਲ 15 ਨਵੰਬਰ 2024 ਨੂੰ ਸ੍ਰੀ ਅੰਮ੍ਰਿਤਸਰ, ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ, ਬਟਾਲਾ, ਦਿੱਲੀ, ਨਾਨਕਮਤਾ (ਉਤਰਾਖੰਡ) ਵਿਖੇ ਸਥਿਤ ਕਈ ਗੁਰਧਾਮਾਂ ‘ਤੇ ਮਨਾਇਆ ਜਾ ਰਿਹਾ ਹੈ, ਇਸ ਲਈ ਰਾਏ ਬੁਲਾਰ ਜੀ ਦੇ ਵੰਸ਼ਜ਼ ਪਰਿਵਾਰ 1 ਤੋਂ 30 ਨਵੰਬਰ 2024 ਦੇ ਵਿਚਕਾਰ ਭਾਰਤ ਆ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ।ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਪਰਿਵਾਰਾਂ ਦੇ ਭਾਰਤ ਪਹੁੰਚਣ ‘ਤੇ ਉਨ੍ਹਾਂ ਦੀ ਰਿਹਾਇਸ਼ ਅਤੇ ਯਾਤਰਾ ਦੇ ਸਾਰੇ ਖਰਚੇ ਦਾ ਪ੍ਰਬੰਧ ਕਰਨ ਦੀ ਵੀ ਗੱਲ ਆਖੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਵੀਜ਼ੇ ਜਾਰੀ ਕਰਕੇ ਭਾਰਤ ਆਉਣ ਦੀ ਇਜ਼ਾਜਤ ਦੇਵੇ ਤਾਂ ਜੋ ਉਹ ਇੱਧਰ ਆ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿੱਚ ਸ਼ਾਮਲ ਹੋ ਸਕਣ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਯਾਦਗਾਰ ਵਜੋਂ ਲਗਾਈ ਗਈ ਰਾਏ ਬੁਲਾਰ ਜੀ ਦੀ ਤਸਵੀਰ ਨੂੰ ਨਿਹਾਰ ਸਕਣ।ਉਨ੍ਹਾਂ ਕਿਹਾ ਕਿ ਰਾਏ ਬੁਲਾਰ ਜੀ ਦੇ ਪਰਿਵਾਰ ਦਾ ਸਿੱਖਾਂ ਨਾਲ ਆਪਸੀ ਸਤਿਕਾਰ ਵਾਲਾ ਰਿਸ਼ਤਾ ਹੈ, ਕਿਉਂਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਵਜੋਂ ਰਾਏ ਬੁਲਾਰ ਜੀ ਦਾ ਇਤਿਹਾਸ ਅੰਦਰ ਸਥਾਨ ਮਹੱਤਵਪੂਰਨ ਹੈ।ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਕਈ ਵਾਰ ਸੱਦਾ ਪੱਤਰ ਦੇਣ ਅਤੇ ਸਰਕਾਰ ਨੂੰ ਲਿਖਣ ਦੇ ਬਾਵਜ਼ੂਦ ਵੀ ਇਨ੍ਹਾਂ ਨੂੰ ਵੀਜ਼ਾ ਨਹੀਂ ਦਿੱਤਾ ਗਿਆ ਸੀ ਅਤੇ ਹੁਣ ਸਰਕਾਰ ਨੂੰ ਇਸ ‘ਤੇ ਸੰਜ਼ੀਦਗੀ ਨਾਲ ਵਿਚਾਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਾਲ 2022 ਵਿੱਚ ਜਦੋਂ ਰਾਏ ਬੁਲਾਰ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਗਈ ਸੀ ਤਾਂ ਉਸ ਵਕਤ ਵੀ ਸ਼੍ਰੋਮਣੀ ਕਮੇਟੀ ਨੇ ਪਰਿਵਾਰ ਨੂੰ ਭਾਰਤ ਆਉਣ ਦਾ ਸੱਦਾ ਭੇਜਿਆ ਸੀ, ਪਰ ਭਾਰਤੀ ਵੀਜ਼ੇ ਨਾ ਮਿਲਣ ਕਰਕੇ ਉਹ ਆ ਨਹੀਂ ਸਕੇ ਸਨ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਦੇ ਪਿਤਾ ਮਹਿਤਾ ਕਲਿਆਨ ਦਾਸ ਜੀ ਰਾਏ ਬੁਲਾਰ ਜੀ ਦੇ ਕੋਲ ਨੌਕਰੀ ਕਰਦੇ ਸਨ।ਰਾਏ ਬੁਲਾਰ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਸਨ, ਜਿਨ੍ਹਾਂ ਨੇ ਛੋਟੀ ਉਮਰ ਵਿੱਚ ਹੀ ਗੁਰੂ ਸਾਹਿਬ ਅੰਦਰ ਰੱਬੀ ਜੋਤ ਦੀ ਪਛਾਣ ਕਰ ਲਈ ਸੀ।ਰਾਏ ਬੁਲਾਰ ਜੀ ਨੇ ਆਪਣੀ ਜਾਇਦਾਦ ਵਿਚੋਂ ਹਜ਼ਾਰਾਂ ਏਕੜ ਥਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ਕਰ ਦਿੱਤੀ ਸੀ, ਜੋ ਕਿ ਇਸ ਸਮੇਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਨਾਂ ਹੈ।

Check Also

ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ

ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …