ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚਲ ਰਹੇ ਸਮੂਹ ਅਦਾਰਿਆਂ ਵੱਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਅਲੌਕਿਕ ਕੀਰਤਨ ਦਰਬਾਰ ਆਯੋਜਿਤ ਕੀਤਾ ਗਿਆ ।
ਕੀਰਤਨ ਦਰਬਾਰ ਦੀ ਅਰੰਭਤਾ ਭਾਈ ਗੁਰਦੀਪ ਸਿੰਘ ਸਲੂਜਾ ਜੀ ਦੇ ਕੀਰਤਨੀ ਜਥੇ ਵਲੋਂ “ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸੁ ਡਿਠੈ ਸਭਿ ਦੁਖਿ ਜਾਇ” ਰਸਭਿੰਨੇ ਸ਼ਬਦ ਨਾਲ ਕੀਤੀ ਗਈ।ਉਪਰੰਤ ਨਿਰਧਾਰਿਤ ਰਾਗ ਕੀਰਤਨ ਦਰਬਾਰ ਦਾ ਅਰੰਭ ਕੀਤਾ ਗਿਆ।ਦੀਵਾਨ ਅਧੀਨ ਚੱਲ ਰਹੇ ਅੰਮ੍ਰਿਤਸਰ ਅਤੇ ਤਰਨਤਾਰਨ ਸਕੂਲਜ਼ ਜੋਨਾਂ ਦੇ ਵਿਦਿਆਰਥੀਆਂ ਨੇ ਸਮੂਹਿਕ ਰੂਪ ਵਿਚ ਪੁਰਾਤਨ ਕੀਰਤਨ ਚੌਂਕੀ ਪਰੰਪਰਾ ਰਾਹੀਂ ਕੀਰਤਨ ਕੀਤਾ।ਇਸ ਅਲੌਕਿਕ ਕੀਰਤਨ ਦਰਬਾਰ ਵਿੱਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ, ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਸੁਲਤਾਨ ਸਿੰਘ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸੰਤ ਬਾਬਾ ਸੇਵਾ ਸਿੰਘ ਜੀ ਮੁਖੀ ਕਾਰ ਸੇਵਾ ਖਡੂਰ ਸਾਹਿਬ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਵਲੋਂ ਬਾਬਾ ਸੁੱਖਾ ਸਿੰਘ, ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਮੁੱਖੀ ਦਮਦਮੀ ਟਕਸਾਲ ਭਿੰਡਰਾਵਾਲੇ ਵਿਸ਼ੇਸ਼ ਤੌਰ ‘ਤੇ ਪੁੱਜੇ ਜਿਨਾਂ ਨੂੰ ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਨਿਭਾਈਆਂ ਗਈਆਂ ਵੱਡਮੁੱਲੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਅਮਰਜੀਤ ਸਿੰਘ ਪਟਿਆਲਾ, ਬੀਬੀ ਪ੍ਰਭਜੋਤ ਕੌਰ ਬਟਾਲਾ ਦੇ ਕੀਰਤਨੀ ਜਥਿਆਂ ਨੇ ਅੰਮ੍ਰਿਤਮਈ ਰੱਬੀ ਗੁਰਬਾਣੀ ਦੀ ਛਹਿਬਰ ਲਗਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ।ਪੁਰਾਤਨ ਤੰਤੀ ਸਾਜ਼ਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ।
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਸੰਗਤਾਂ ਨੂੰ ‘ਜੀ ਆਇਆਂ’ ਆਖਿਆ। ਉਹਨਾਂ ਨੇ ਵਿਦਿਅਕ, ਧਾਰਮਿਕ ਅਤੇ ਸਮਾਜਿਕ ਖੇਤਰਾਂ ਵਿੱਚ ਦੀਵਾਨ ਦੀ ਉਪਲੱਬਧੀਆਂ ਅਤੇ ਵਿਕਾਸ ਕਾਰਜ਼ਾਂ ਦੀ ਜਾਣਕਾਰੀ ਦਿੱਤੀ।ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਚੀਫ਼ ਖ਼ਾਲਸਾ ਦੀਵਾਨ ਵੱਲੋਂ ਪੰਥਕ ਅਤੇ ਵਿਦਿਅਕ ਖੇਤਰ ਵਿੱਚ ਕੀਤੇ ਕਾਰਜ਼ਾਂ ਦੀ ਸ਼ਲਾਘਾ ਕੀਤੀ।ਜਥੇਦਾਰ ਕੇਸਗੜ੍ਹ ਸਾਹਿਬ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਹਰ ਸਿੱਖ ਲਈ ਗੁਰਮੁਖੀ ਦਾ ਗਿਆਨ ਜਰੂਰੀ ਦੱਸਿਆ ਅਤੇ ਅਜੋਕੇ ਸਮੇਂ ਵਿੱਚ `ੳ ਅਤੇ ਜੂੜਾ` ਸੰਭਾਲਣ ਦੀ ਲੋੜ ‘ਤੇ ਜੋਰ ਦਿੱਤਾ।ਕੀਰਤਨ ਦਰਬਾਰ ਦੌਰਾਨ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਲੰਗਰ ਦੀ ਸੇਵਾ ਨਿਭਾਈ ਗਈ।ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਜਗਜੀਤ ਸਿੰਘ, ਕਾਰਜ਼ਕਾਰੀ ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਨੇ ਦੀਵਾਨ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ।ਇਸ ਮੌਕੇ ਦੀਵਾਨ ਮੈਂਬਰ ਅਵਤਾਰ ਸਿੰਘ ਘੁੱਲਾ, ਪ੍ਰਿੰਸੀਪਲ ਕਵਲਪ੍ਰੀਤ ਕੌਰ ਅਤੇ ਡਾ. ਜਸਵਿੰਦਰ ਕੌਰ ਮਾਹਲ ਨੂੰ ਵੀ ਸਨਮਾਨਿਤ ਕੀਤਾ ਗਿਆ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …