Wednesday, September 18, 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਓਲੰਪਿਕ ਤਗ਼ਮਾ ਜੇਤੂ ਹਾਕੀ ਖਿਡਾਰੀਆਂ ਦਾ ਸਨਮਾਨ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਪੈਰਿਸ ਓਲੰਪਿਕ 2024 ਵਿੱਚ ਕਾਂਸੇ ਦਾ ਤਗ਼ਮਾ ਜਿੱਤ ਕੇ ਦੇਸ਼ ਵਾਪਸ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੂਚਨਾ ਕੇਂਦਰ ਵਿਖੇ ਹਾਕੀ ਖਿਡਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਿਹਰੀ ਮਾਡਲ, ਧਾਰਮਿਕ ਪੁਸਤਕਾਂ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਾਡੇ ਲਈ ਇਹ ਮਾਣ ਤੇ ਫ਼ਖਰ ਵਾਲੀ ਗੱਲ ਹੈ ਕਿ ਜਦੋਂ ਵੀ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਭਰਵੀਂ ਸ਼ਮੂਲੀਅਤ ਰਹੀ ਹੈ ਤਾਂ ਟੀਮ ਨੇ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ।ਉਨ੍ਹਾਂ ਹਾਕੀ ਖਿਡਾਰੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਅਰਦਾਸ ਵੀ ਕੀਤੀ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਤੇ ਸਿੱਖਾਂ ਦਾ ਮਾਣ ਵਧਾਉਣ ਵਾਲੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ ਜਾਂਦੀ ਰਹੇਗੀ।ਉਨ੍ਹਾਂ ਵਿਸ਼ੇਸ਼ ਤੌਰ ’ਤੇ ਭਾਰਤੀ ਹਾਕੀ ਟੀਮ ਲਈ ਖੇਡੇ ਸਾਬਤ ਸੂਰਤ ਗੁਰਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਜ਼ਿਕਰ ਕਰਦਿਆਂ ਸਿੱਖ ਪਰਿਵਾਰਾਂ ਨਾਲ ਸਬੰਧਤ ਖਿਡਾਰੀਆਂ ਨੂੰ ਆਪਣੇ ਸਿੱਖੀ ਸਰੂਪ ਬਰਕਰਾਰ ਰੱਖਣ ਦੀ ਪ੍ਰੇਰਣਾ ਵੀ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਲਈ ਪੁੱਜੇ ਭਾਰਤੀ ਹਾਕੀ ਟੀਮ ਦੇ 9 ਖਿਡਾਰੀਆਂ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ, ਸੁਖਜੀਤ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਜੁਗਰਾਜ ਸਿੰਘ ਸ਼ਾਮਲ ਸਨ।ਟੀਮ ਦੇ ਕੋਚ ਤੇ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦੇ ਨਾਲ ਸਨ।
ਮੀਡੀਆ ਨਾਲ ਗੱਲ ਕਰਦਿਆਂ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਅੱਜ ਟੀਮ ਦੇ ਖਿਡਾਰੀਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਡਭਾਗਾ ਮਹਿਸੂਸ ਕਰਦੇ ਹਨ।ਉਨ੍ਹਾਂ ਕਿ ਗੁਰੂ ਸਾਹਿਬ ਦੇ ਅਸ਼ੀਰਵਾਦ ਸਦਕਾ ਹੀ ਟੀਮ ਵੱਲੋਂ ਇਹ ਪ੍ਰਾਪਤੀ ਸੰਭਵ ਹੋ ਸਕੀ ਹੈ।ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਤਿਕਾਰ ਤੇ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਸਤਨਾਮ ਸਿੰਘ ਰਿਆੜ, ਰਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਹਾਕੀ ਕੋਚ ਗੁਰਮੀਤ ਸਿੰਘ ਆਦਿ ਹਾਜ਼ਰ ਸਨ।

 

Check Also

ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …