Wednesday, July 30, 2025
Breaking News

ਜਿਲ੍ਹਾ ਪ੍ਰਸ਼ਾਸ਼ਨ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਮਨਾਇਆ ਤੀਆਂ ਦਾ ਤਿਉਹਾਰ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਡਾ. ਗੁਰਪ੍ਰੀਤ ਕੌਰ ਸਮੇਤ ਹੋਰ ਸਖਸ਼ੀਅਤਾਂ ਨੇ ਕੀਤੀ ਸ਼ਿਰਕਤ

ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲਾ ਪ੍ਰਸ਼ਾਸ਼ਨ ਸੰਗਰੂਰ ਦੇ ਸਹਿਯੋਗ ਨਾਲ ਧੂਰੀ ਵਿਖੇ ਤੀਆਂ ਦਾ ਤਿਉਹਾਰ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਮਾਤਾ ਹਰਪਾਲ ਕੌਰ, ਭੈਣ ਮਨਪ੍ਰੀਤ ਕੌਰ, ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਸਮੇਤ ਵੱਡੀ ਗਿਣਤੀ ‘ਚ ਉਘੀਆਂ ਸ਼ਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ।
ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਧੀਆਂ ਵਲੋਂ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਕੇ ਨਾ ਕੇਵਲ ਆਪਣੇ ਮਾਪਿਆਂ ਬਲਕਿ ਸੂਬੇ ਅਤੇ ਦੇਸ਼ ਦਾ ਨਾਮ ਵੀ ਰੌਸ਼ਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਧੀਆਂ ਅੱਜ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ ਅਤੇ ਪੰਜਾਬ ਸਰਕਾਰ ਵਲੋਂ ਵੀ ਬੇਟੀਆਂ ਨੂੰ ਹਰ ਖੇਤਰ ਵਿੱਚ ਬਣਦਾ ਮਾਣ ਸਤਿਕਾਰ ਦੇਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜਿਥੇ ਪੰਜਾਬ ਵਿੱਚ ਲੜਕੀਆਂ ਦੀ ਅਨੁਪਾਤ ਦਰ ਵਧਾਉਣ ਦੀ ਦਿਸ਼ਾ ਵਿੱਚ ਯਤਨ ਕਰ ਰਹੇ ਹਾਂ।ਪੰਜਾਬ ਦੇ ਮਾਣਮੱਤੇ ਸਭਿਆਚਾਰ ਨੂੰ ਦਰਸਾਉਂਦੀਆਂ ਵਸਤਾਂ ਦੇ ਪ੍ਰਦਰਸ਼ਨ ਵਾਲੇ ਸੈਲਫੀ ਪੁਆਇੰਟ ਖਿੱਚ ਦਾ ਕੇਂਦਰ ਬਣੇ ਰਹੇ।
ਤੀਆਂ ਦੇ ਤਿਓਹਾਰ ਦੌਰਾਨ ਪ੍ਰਦਰਸ਼ਿਤ ਕੀਤੇ ਵਾਣ ਵਾਲੇ ਮੰਜੇ, ਹੱਥ ਨਾਲ ਬੁਣੀਆਂ ਪੱਖੀਆਂ, ਚਰਖੇ, ਫੁਲਕਾਰੀਆਂ, ਬਾਗ਼, ਛੱਜ, ਚੱਲ੍ਹਾ, ਕੁੰਡਾ ਸੋਟਾ, ਸਜਾਵਟੀ ਭਾਂਡੇ, ਪੀੜ੍ਹੀਆਂ ਆਦਿ ਸਦੀਵੀ ਯਾਦ ਦਾ ਹਿੱਸਾ ਬਣਾਈਆਂ ਗਈਆਂ।
ਸਮਾਗਮ ਦੌਰਾਨ ਪੰਜਾਬ ਦੀ ਨਾਮਵਰ ਗਾਇਕਾ ਗੁਰਲੇਜ਼ ਅਖਤਰ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜ਼ਨ ਕੀਤਾ।ਪ੍ਰਸ਼ਾਸ਼ਨਿਕ, ਪੁਲਿਸ, ਸਿਆਸੀ ਆਗੂਆਂ ਦੀਆਂ ਪਤਨੀਆਂ ਤੇ ਪਰਿਵਾਰਕ ਮੈਂਬਰਾਂ ਨੇ ਵੀ ਤੀਆਂ ਦੇ ਤਿਉਹਾਰ ਦਾ ਅਨੰਦ ਮਾਣਿਆ।
ਸਪੈਸ਼ਲ ਚੀਫ ਸੈਕਟਰੀ ਰਾਜੀ ਪੀ. ਸ਼੍ਰੀਵਾਸਤਵ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਸਪੈਸ਼ਲ ਸਕੱਤਰ ਕੇਸ਼ਵ ਹਿੰਗੋਨੀਆ, ਜੁਆਇੰਟ ਸਕੱਤਰ ਆਨੰਦ ਸਾਗਰ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਹੋਰ ਸ਼ਖਸ਼ੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …