Sunday, December 22, 2024

ਆਜ਼ਾਦੀ ਦਿਵਸ ਮੌਕੇ ਖੇਤੀ ਮੰਤਰੀ ਨੇ ਗੁਰੂ ਨਾਨਕ ਸਟੇਡੀਅਮ ‘ਚ ਲਹਿਰਾਇਆ ਤਿਰੰਗਾ

ਕਿਸਾਨੀ ਦੀ ਬਦਲੀ ਜਾਵੇਗੀ ਦਿਸ਼ਾ ਅਤੇ ਦਸ਼ਾ – ਖੁੱਡੀਆਂ

ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਦੇਸ਼ ਦੀ ਆਜ਼ਾਦੀ ਦੀ 78ਵੇਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ-ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ।ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ ਨਿਰੰਤਰ ਯਤਨ ਜਾਰੀ ਹਨ।ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੀ ਆਰਥਿਕ ਖੁਸ਼ਹਾਲੀ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਖੇਤੀਬਾੜੀ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਕਿਰਸਾਨੀ ਦੀ ਦਿਸ਼ਾ ਅਤੇ ਦਸ਼ਾ ਬਦਲੀ ਜਾਵੇਗੀ।
ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੇ ਵੇਰਵੇ ਦਿੰਦੇ ਖੁੱਡੀਆਂ ਨੇ ਕਿਹਾ ਕਿ ਸਾਡੀ ਸਰਕਾਰ ਵਲੋਂ ਪਿੱਛਲੇ 28 ਮਹੀਨਿਆਂ ਦੌਰਾਨ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਹ ਸਿਲਸਿਲਾ ਜਾਰੀ ਰਹੇਗਾ।ਹਜ਼ਾਰਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ।ਸਰਕਾਰ ਨੇ ਆਜ਼ਾਦੀ ਘੁਲਾਟੀਏ ਦੇ ਪਰਿਵਾਰਾਂ ਨੂੰ ਮਿਲਦੀ ਪੈਨਸ਼ਨ 9400/- ਤੋਂ ਵਧਾ ਕੇ 11000/-ਰੁਪਏ ਪ੍ਰਤੀ ਮਹੀਨਾ ਅਤੇ ਧਰਮੀ ਫੌਜੀਆਂ ਦੀ ਪੈਨਸ਼ਨ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਕਰ ਦਿੱਤੀ ਗਈ ਹੈ।ਉਨਾਂ ਦੱਸਿਆ ਕਿ ਸਫਲਤਾਪੂਰਵਕ ਚੱਲ ਰਹੇ 842 ਆਮ ਆਦਮੀ ਕਲੀਨਿਕਾਂ ਵਿੱਚ ਕਰੀਬ ਪੌਣੇ 2 ਕਰੋੜ ਲੋਕ ਇਲਾਜ਼ ਕਰਵਾ ਚੁੱਕੇ ਹਨ।
ਹਾਲ ਹੀ ਵਿੱਚ ਓਲੰਪਿਕ ਖੇਡਾਂ ‘ਚ ਜਿੱਤੀ ਹਾਕੀ ਟੀਮ ਨੂੰ ਵਧਾਈ ਦਿੰਦੇ ਉਨਾਂ ਦੱਸਿਆ ਕਿ ਸੂਬੇ ਵਿੱਚ ਖਿਡਾਰੀਆਂ ਨੂੰ ਨੌਕਰੀਆਂ, ਨਕਦ ਇਨਾਮ, ਤਿਆਰੀ ਲਈ ਨਕਦ ਰਾਸ਼ੀ ਅਤੇ ਕੋਚਾਂ ਦੇ ਮਾਣ-ਸਨਮਾਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ ਅਤੇ ਡੀ.ਐਸ.ਪੀ ਦੀ ਨੌਕਰੀ ਦਿੱਤੀ ਗਈ ਹੈ ਅਤੇ 75 ਕਰੋੜ ਦੀ ਨਗਦ ਰਾਸ਼ੀ ਵੰਡੀ ਗਈ ਹੈ।28 ਮਹੀਨਿਆਂ ਦੌਰਾਨ 702 ਤੋਂ ਵੱਧ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ।ਉਨਾਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ।
ਇਸ ਮੌਕੇ ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਮੈਡਮ ਜੀਵਨਜੋਤ ਕੌਰ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ, ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਜਿਲ੍ਹਾ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ, ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਚੇਅਰਮੈਨ ਨਗਰ ਸੁਧਾਰ ਟਰੱਸਟ ਅਸ਼ੋਕ ਤਲਵਾੜ, ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਜਿਲ੍ਹਾ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ ਮਨੀਸ਼ ਅਗਰਵਾਲ, ਮੈਂਬਰ ਟਰੇਡ ਕਮਿਸ਼ਨ ਜਸਕਰਨ ਬੰਦੇਸ਼ਾ, ਨਵਜੋਤ ਗਰੋਵਰ, ਇਕਬਾਲ ਸਿੰਘ ਲਾਲਪੁਰਾ, ਸਤਪਾਲ ਸੋਖੀ, ਰਵਿੰਦਰ ਹੰਸ ਅਤੇ ਹੋਰ ਆਗੂ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …