Sunday, April 19, 2026

ਡਾ. ਓਬਰਾਏ ਦੇ ਯਤਨਾਂ ਸਦਕਾ ਮਾਲੇਰਕੋਟਲਾ ਦੇ ਮੁਹੰਮਦ ਰਫ਼ੀਕ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ

ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਬੀਤੇ ਦਿਨ ਮਲੇਰਕੋਟਲਾ ਨੇੜਲੇ ਪਿੰਡ ਮਹੌਲੀ ਖੁਰਦ ਦੇ 38 ਸਾਲਾ ਮੁਹੰਮਦ ਰਫ਼ੀਕ ਪੁੱਤਰ ਮੁਹੰਮਦ ਸਤਾਰ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਡਾ. ਐਸ.ਪੀ ਸਿੰਘ ਓਬਰਾਏ ਵਲੋਂ ਮੀਡੀਆ ਨੁੰ ਜਾਰੀ ਬਿਆਨ ਅਨੁਸਾਰ ਮੁਹੰਮਦ ਰਫ਼ੀਕ ਕਰੀਬ ਡੇਢ ਸਾਲ ਪਹਿਲਾਂ ਬਤੌਰ ਲੱਕੜ ਦਾ ਕਾਰੀਗਰ ਦੁਬਈ ਆਇਆ ਸੀ।ਜਿਸ ਦੀ ਬੀਤੀ 19 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।ਇਸ ਮੰਦਭਾਗੀ ਘਟਨਾ ਸਬੰਧੀ ਉਨਾਂ ਨੂੰ ਭਾਰਤੀ ਦੂਤਾਵਾਸ ਵੱਲੋਂ ਜਾਣਕਾਰੀ ਦਿੱਤੀ ਗਈ ਸੀ।ਉਨ੍ਹਾਂ ਦੀ ਮਲੇਰਕੋਟਲਾ ਨਾਲ ਸੰਬੰਧਿਤ ਟੀਮ ਨੇ ਪੀੜਤ ਪਰਿਵਾਰ ਨੂੰ ਲੱਭ ਕੇ ਉਨ੍ਹਾਂ ਨੂੰ ਵਾਪਰੇ ਇਸ ਦੁਖਾਂਤ ਦੀ ਜਾਣਕਾਰੀ ਦਿੱਤੀ ਸੀ।ਡਾ. ਉਬਰਾਏ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੂੰ ਜਾਣਕਾਰੀ ਦੇਣ ਉਪਰੰਤ ਉਨ੍ਹਾਂ ਨੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ `ਚ ਦੁਬਈ ਸਥਿਤ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮੁਹੰਮਦ ਰਫ਼ੀਕ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ ।
ਮੁਹੰਮਦ ਰਫ਼ੀਕ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਚਾਚੇ ਬਾਰੂ ਮੁਹੰਮਦ ਤੇ ਨਜ਼ਦੀਕੀ ਰਿਸ਼ਤੇਦਾਰ ਐਡਵੋਕੇਟ ਮੁਹੰਮਦ ਜਾਵੇਦ ਤੇ ਰਫ਼ੀਕ ਦੇ ਪਰਿਵਾਰਕ ਮੈਂਬਰਾਂ ਨੇ ਡਾ. ਐਸ.ਪੀ ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰ ਨੂੰ ਉਸਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।
ਪੀੜਤ ਪਰਿਵਾਰ ਨਾਲ ਹਵਾਈ ਅੱਡੇ `ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਵਿੱਤ ਸਕੱਤਰ ਨਵਜੀਤ ਸਿੰਘ ਘਈ ਤੇ ਸੁਖਚੈਨ ਸਿੰਘ ਹੇਰ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 367 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …