ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਪੰਜਾਬ ਦੇ ਨਵੇਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਕੱਲ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜ਼ੂਦ ਸਨ।ਪਾਵਨ ਅਸਥਾਨ ਦੇ ਦਰਸ਼ਨ ਕਰਨ ਉਪਰੰਤ ਰਾਜਪਾਲ ਸ੍ਰੀ ਕਟਾਰੀਆ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।
ਪੰਜਾਬ ਦੇ ਰਾਜਪਾਲ ਸ੍ਰੀ ਕਟਾਰੀਆ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਸਦਕਾ ਦੇਸ਼ ਅਤੇ ਦੇਸ਼ ਦੀ ਸੰਸਕ੍ਰਿਤੀ ਸਾਡੇ ਪਾਸ ਸੁਰੱਖਿਅਤ ਹੈ।ਉਨ੍ਹਾਂ ਕਿਹਾ ਕਿ ਦੇਸ਼ ਦਾ ਹਰ ਬਾਸ਼ਿੰਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਾ ਚਾਹੁੰਦਾ ਹੈ।ਉਹ ਵੀ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਆਏ ਹਨ, ਤਾਂ ਕਿ ਆਪਣੇ ਖੇਤਰ ਵਿਚ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰ ਸਕਣ।
ਇਸੇ ਦੌਰਾਨ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੇ ਲੋਕਾਂ ਲਈ ਸ਼ਰਧਾ ਦਾ ਕੇਂਦਰ ਹੈ ਅਤੇ ਇਥੇ ਨਤਮਸਤਕ ਹੋ ਕੇ ਸੰਗਤਾਂ ਦੇ ਨਾਲ-ਨਾਲ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼ਰਧਾ ਪ੍ਰਗਟਾਉਂਦੀਆਂ ਹਨ।ਅੱਜ ਪੰਜਾਬ ਦੇ ਨਵੇਂ ਬਣੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਤਮਸਤਕ ਹੋਣ ਪੁੱਜੇ ਹਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਦਿੱਤਾ ਗਿਆ ਹੈ।
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਹਰਭਜਨ ਸਿੰਘ ਈ.ਟੀ.ਓ, ਮੈਨੇਜਰ ਨਰਿੰਦਰ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਆਦਿ ਮੌਜ਼ੂਦ ਸਨ।
Check Also
ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ …