Thursday, September 19, 2024

ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪੰਥਕ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਮਤਿ ਸਮਾਗਮ ਹੋਇਆ।ਉਚੇਚੇ ਤੌਰ ’ਤੇ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਸਰਕੇ ਨਗਰ ਸਿੱਖ ਧਰਮ ਇਤਿਹਾਸ ਅੰਦਰ ਬਹੁਤ ਅਹਿਮੀਅਤ ਵਾਲਾ ਹੈ, ਕਿਉਂਕਿ ਇਥੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਹੋਇਆ ਹੈ।ਇਹ ਨਗਰ ਸ੍ਰੀ ਗੁਰੂ ਰਾਮਦਾਸ ਜੀ ਦਾ ਨਾਨਕਾ ਪਿੰਡ ਵੀ ਹੈ ਅਤੇ ਭਾਈ ਗੁਰਦਾਸ ਜੀ ਵੀ ਇਸੇ ਨਗਰ ਤੋਂ ਹੋਏ ਹਨ।ਸ੍ਰੀ ਗੁਰੂ ਅੰਗਦ ਦੇਵ ਜੀ ਦੀ ਸਪੁੱਤਰੀ ਬੀਬੀ ਅਮਰੋ ਜੀ ਵੀ ਇਸੇ ਨਗਰ ਵਿੱਚ ਵਿਆਹੇ ਹੋਏ ਸਨ।ਏਨੇ ਵੱਡੇ ਇਤਿਹਾਸਕ ਮਹੱਤਵ ਵਾਲੇ ਨਗਰ ਨੂੰ ਉਭਾਰਨ ਵੱਲ ਕੌਮ ਨੂੰ ਤਵੱਜੋ ਦੇਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ 450 ਸਾਲਾ ਸ਼ਤਾਬਦੀ ਸਮਾਗਮਾਂ ਦੇ ਚੱਲਦਿਆਂ ਵੱਡੀ ਲੋੜ ਹੈ ਕਿ ਇਸ ਮਹਾਨ ਇਤਿਹਾਸਕ ਨਗਰ ਦੇ ਇਤਿਹਾਸ ਨੂੰ ਵੱਧ ਤੋਂ ਵੱਧ ਪ੍ਰਚਾਰਿਆ ਜਾਵੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸ਼ਤਾਬਦੀ ਦਿਹਾੜੇ ਸਿੱਖ ਕੌਮ ਲਈ ਬੇਹੱਦ ਅਹਿਮ ਹਨ।ਸੰਗਤਾਂ 16 ਤੋਂ 18 ਸਤੰਬਰ ਤੱਕ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਣ ਵਾਲੇ ਮੁੱਖ ਸ਼ਤਾਬਦੀ ਸਮਾਗਮਾਂ ਦਾ ਹਿੱਸਾ ਜ਼ਰੂਰ ਬਨਣ।
ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਸੰਗਤ ਨੂੰ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਅਵਤਾਰ ਸਿੰਘ ਸੁਰਸਿੰਘ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲੇ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸੀਨੀਅਰ ਅਕਾਲੀ ਆਗੂ ਗੁਲਜ਼ਾਰ ਸਿੰਘ ਰਣੀਕੇ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਪ੍ਰਮੁੱਖ ਸ਼ਖ਼ਸ਼ੀਅਤਾਂ ਨੇ ਹਾਜ਼ਰੀ ਭਰੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।
ਨਗਰ ਕੀਰਤਨ ਦੀ ਆਰੰਭਤਾ ਮੌਕੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਭਾਈ ਮਨਜੀਤ ਸਿੰਘ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਅਮਰੀਕ ਸਿੰਘ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਬਾਬਾ ਸੁੱਖਾ ਸਿੰਘ ਸਰਹਾਲੀ, ਆਕਲੀ ਆਗੂ ਰਾਜਵਿੰਦਰ ਸਿੰਘ ਰਾਜਾਲਦੇਹ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਧਰਮ ਪ੍ਰਚਾਰ ਕਮੇਟੀ ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਗੁਰਦੁਆਰਾ ਸੰਨ੍ਹ ਸਾਹਿਬ ਦੇ ਮੈਨੇਜਰ ਹਰਜੀਤ ਸਿੰਘ ਮੋਦੇ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …