Saturday, March 29, 2025
Breaking News

ਪੁਣੇ `ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਦੇ ਪੰਡਾਲ ਦਾ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪੁਣੇ `ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰ ਕੇ ਇਕ ਪੰਡਾਲ ਬਣਾਉਣ ਦਾ ਸਖਤ ਨੋਟਿਸ ਲੈਂਦਿਆਂ, ਇਸ ਨੂੰ ਸਿੱਖ ਭਾਵਨਾਵਾਂ ਭੜਕਾਉਣ ਦੀ ਕਾਰਵਾਈ ਕਰਾਰ ਦਿੱਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਣੇ ਸ਼ਹਿਰ ਦੇ ਕੈਂਪ ਏਰੀਆ `ਚ ਗਣਪਤੀ ਪੂਜਾ ਲਈ ਇਹ ਪੰਡਾਲ ਬਣਾਇਆ ਗਿਆ ਹੈ, ਜੋ ਬਿਲਕੁੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ‘ਤੇ ਹੈ। ਉਨ੍ਹਾਂ ਕਿਹਾ ਪੁਣੇ ਦੀ ਸਿੱਖ ਸੰਗਤ ਅਨੁਸਾਰ ਇਸ ਕੰਮ ਵਿੱਚ ਸ਼ਹਿਰ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਕੈਂਪ ਏਰੀਆ ਦੀ ਪ੍ਰਬੰਧਕ ਕਮੇਟੀ ਵੱਲੋਂ ਮੋਹਰੀ ਰੋਲ ਅਦਾ ਕੀਤਾ ਜਾ ਰਿਹਾ ਹੈ, ਜੋ ਹੋਰ ਵੀ ਦੁੱਖਦਾਈ ਹੈ।ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਵਲੋਂ ਜਾਣਬੁਝ ਕੇ ਸਿੱਖ ਧਰਮ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਦੀ ਨਕਲ ਕੀਤੀ ਜਾਂਦੀ ਹੈ, ਜਿਸ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨਹੀਂ ਕੀਤੀ ਜਾ ਸਕਦੀ।ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਪੁਣੇ ਵਿਖੇ ਇਕ ਟੀਮ ਨੂੰ ਪੜਤਾਲ ਲਈ ਭੇਜਿਆ ਜਾ ਰਿਹਾ ਹੈ।ਜੇਕਰ ਗੁਰਦੁਆਰਾ ਕਮੇਟੀ ਵੀ ਦੋਸ਼ੀ ਹੋਈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਲਈ ਲਿਖਿਆ ਜਾਵੇਗਾ।ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਮਾਮਲੇ ਤੁਰੰਤ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਲਿਆਂਦੇ ਜਾਣ।

Check Also

ਆਰਟ ਗੈਲਰੀ ਵਿਖੇ 3 ਰੋਜ਼ਾ ਪੇਟਿੰਗ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਅੱਜ ਸਥਾਨਕ ਇੰਡੀਅਨ ਅਕੈਡਮੀ ਆਫ਼ ਫ਼ਾਈਨ ਆਰਟ ਵਿਖੇ ਪੰਜਾਬ …