ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਬੀਤੇ ਦਿਨੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਗਰ ਕੀਰਤਨ ਦੇ ਰੂਪ ਵਿਚ ਚੱਲੀ ਵਿਸ਼ੇਸ਼ ਰੇਲ ਯਾਤਰਾ ਦਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਵਾਪਸ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਈ।ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿਚ ਰਵਾਨਗੀ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਪੰਥ ਅੰਦਰ ਪੰਜ ਤਖ਼ਤਾਂ ਦੀ ਆਪਣੀ ਮਹਾਨਤਾ ਹੈ ਅਤੇ ਹਰ ਸਿੱਖ ਤਖ਼ਤਾਂ ਦੇ ਦਰਸ਼ਨਾਂ ਦੀ ਤਾਂਘ ਰੱਖਦਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਸੰਗਤਾਂ ਨੇ ਵਿਸ਼ੇਸ਼ ਰੇਲ ਰਾਹੀਂ ਨਗਰ ਕੀਰਤਨ ਦੇ ਰੂਪ ਵਿਚ ਪੰਜ ਤਖ਼ਤਾਂ ਦੇ ਦਰਸ਼ਨ ਕੀਤੇ ਹਨ, ਜੋ ਵਡਭਾਗੇ ਹਨ।
ਨਗਰ ਕੀਰਤਨ ਦੀ ਰਵਾਨਗੀ ਮੌਕੇ ਪੁਲਿਸ ਪਾਰਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਹਾਥੀ, ਘੋੜਿਆਂ ਸਮੇਤ ਖਾਲਸਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ ਗਈ।
ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਸਿੰਘ ਸਾਹਿਬ ਬਾਬਾ ਗੁਰਮੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਗੁਰਲਾਲ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਬਿਕਰਮਜੀਤ ਸਿੰਘ ਝੰਗੀ, ਸੂਚਨਾ ਅਧਿਕਾਰੀ ਤਰਸੇਮ ਸਿੰਘ ਮੋਰਾਂਵਾਲੀ, ਰਵਿੰਦਰ ਸਿੰਘ ਕਪੂਰ, ਰਵਿੰਦਰ ਸਿੰਘ ਬੁੰਗਈ ਸਮੇਤ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਤੇ ਸੰਗਤਾਂ ਨੇ ਹਾਜ਼ਰੀ ਭਰੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …