Thursday, November 21, 2024

ਸ਼੍ਰੋਮਣੀ ਕਮੇਟੀ ਵੱਲੋਂ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਅੱਜ ਧਰਮ ਪ੍ਰਚਾਰ ਕਮੇਟੀ ਵੱਲੋਂ ‘ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਤੇ ਬਾਣੀ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਸ੍ਰੀ ਗੁਰੂ ਅੰਗਦ ਦੇਵ ਖ਼ਾਲਸਾ ਕਾਲਜ ਖਡੂਰ ਸਾਹਿਬ ਵਿਖੇ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਪਦਮ ਸ੍ਰੀ ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਬਲਵਿੰਦਰ ਸਿੰਘ ਕਾਹਲਵਾਂ ਤੇ ਗਿਆਨੀ ਮਹਿਤਾਬ ਸਿੰਘ ਨੇ ਸੰਬੋਧਨ ਕੀਤਾ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਸੈਮੀਨਾਰ ਦੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਨੇ ਜਾਤ ਪਾਤ ਤੇ ਊਚ ਨੀਚ ਦੇ ਵਿਤਕਰੇ ਨੂੰ ਖ਼ਤਮ ਕੀਤਾ ਅਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਇਹ ਦੂਸਰਾ ਸੈਮੀਨਾਰ ਹੈ, ਜਿਸ ਦੇ ਪ੍ਰਬੰਧਨ ਵਾਸਤੇ ਬਾਬਾ ਸੇਵਾ ਸਿੰਘ ਪਦਮਸ੍ਰੀ ਦਾ ਉਚੇਚਾ ਯੋਗਦਾਨ ਹੈ।ਇਸ ਤੋਂ ਪਹਿਲਾਂ ਬਾਬਾ ਸੇਵਾ ਸਿੰਘ ਨੇ ਸੈਮੀਨਾਰ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਨੂੰ ‘ਜੀ ਆਇਆਂ’ ਕਿਹਾ।
ਸੈਮੀਨਾਰ ਦੇ ਬੁਲਾਰੇ ਪ੍ਰਸਿੱਧ ਸਿੱਖ ਵਿਦਵਾਨ ਡਾ. ਅਮਰਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕਿਹਾ ਕਿ ਗੁਰੂ ਜੀ ਦੀ ਪਾਵਨ ਬਾਣੀ ਵਿੱਚੋਂ ਮਨੁੱਖੀ ਜੀਵਨ ਦੇ ਵਿਕਾਸ ਲਈ ਸਰਬਪੱਖੀ ਉਪਦੇਸ਼ ਪ੍ਰਾਪਤ ਹੁੰਦਾ ਹੈ। ਗੁਰੂ ਸਾਹਿਬ ਵੱਲੋਂ ਵਡੇਰੀ ਉਮਰ ਹੋਣ ਦੇ ਬਾਅਦ ਵੀ ਸਮਰਪਤ ਭਾਵਨਾ ਨਾਲ ਕੀਤੀ ਸੇਵਾ ਸੰਗਤਾਂ ਲਈ ਵੱਡੀ ਪ੍ਰੇਰਣਾ ਹੈ।ਡਾ. ਇੰਦਰਜੀਤ ਸਿੰਘ ਗੋਗੋਆਣੀ ਪ੍ਰਿੰਸੀਪਲ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਨੇ ਪਰਚਾ ਪੇਸ਼ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਨਾਲ ਸਬੰਧਤ ਦਿਹਾੜੇ ਸਾਨੂੰ ਚੇਤਨਤਾ ਦਿੰਦੇ ਹਨ ਕਿ ਅਸੀਂ ਉਸ ਵਿਰਾਸਤ ਦੇ ਵਾਰਸ ਹਾਂ, ਜੋ ਦੁਨੀਆਂ ਵਿਚ ਨਿਵੇਕਲੀ ਹੈ।ਪ੍ਰਮੁੱਖ ਸ਼ਖਸੀਅਤਾਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਸਨਮਾਨਿਤ ਵੀ ਕੀਤਾ ਗਿਆ।
ਸੈਮੀਨਾਰ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਗੁਰਬਚਨ ਸਿੰਘ ਕਰਮੂਵਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਸਾਬਕਾ ਸਕੱਤਰ ਤੇ ਡਾਇਰੈਕਟਰ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ਼ ਰਿਲੀਜੀਅਸ ਸਟੱਡੀ ਪ੍ਰੋ. ਵਰਿਆਮ ਸਿੰਘ, ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਵੱਲੋਂ ਦਿਲਜੀਤ ਸਿੰਘ ਬੇਦੀ, ਮੈਨੇਜਰ ਸਤਨਾਮ ਸਿੰਘ ਰਿਆੜ, ਇੰਚਾਰਜ਼ ਜੋਗੇਸ਼ਵਰ ਸਿੰਘ, ਸਤਵਿੰਦਰ ਸਿੰਘ ਫੂਲਪੁਰ, ਰਾਜਵਿੰਦਰ ਸਿੰਘ ਜੋਗਾ, ਪ੍ਰੋ. ਰਾਜਪਾਲ ਸਿੰਘ, ਪ੍ਰਿੰਸੀਪਲ ਗੁਰਜੀਤ ਕੌਰ, ਬਲਦੇਵ ਸਿੰਘ ਔਲਖ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

 

 

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …