ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸਿੱਖਾਂ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵੱਲੋਂ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਅਤੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਦੀਆਂ 450 ਸਾਲਾ ਇਤਿਹਾਸਕ ਸ਼ਤਾਬਦੀਆਂ ਨੂੰ ਸਮਰਪਿਤ ਗੁਰਮਤਿ ਸਮਾਗਮ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ 16 ਸਤੰਬਰ 2024 ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਵੱਲੋਂ ਨਵੀਂ ਪਨੀਰੀ ਨੂੰ ਸਿੱਖਿਆ ਦੇ ਨਾਲ-ਨਾਲ ਸਿੱਖੀ ਨਾਲ ਜ਼ੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ।ਇਹ ਮਹਾਨ ਸ਼ਤਾਬਦੀਆਂ ਦਾ ਦਿਹਾੜਾ ਸਿੱਖ ਧਰਮ ਇਤਿਹਾਸ ਵਿਚ ਬਹੁਤ ਪਵਿੱਤਰ ਅਤੇ ਅਹਿਮ ਹੈ।ਉਹਨਾਂ ਧਰਮ ਪ੍ਰਚਾਰ ਕਮੇਟੀ ਨੂੰ ਇਹਨਾਂ ਸ਼ਤਾਬਦੀਆਂ ਮੌਕੇ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨੂੰ ਵੱਧ ਤੋ ਵੱਧ ਪ੍ਰਚਾਰਨ ਅਤੇ ਪ੍ਰਸਾਰਨ ਲਈ ਦੀਵਾਨ ਦੇ ਸਕੂਲਾਂ ਵਿੱਚ ਵਿਸ਼ੇਸ਼ ਧਾਰਮਿਕ ਗਤੀਵਿਧੀਆਂ ਉਲੀਕਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬੱਚਿਆਂ ਨੂੰ ਗੁਰੂ ਸਾਹਿਬਾਨ ਦੇ ਸੱਚੇ-ਸੁੱਚੇ ਜੀਵਨ, ਸਿੱਖਿਆਵਾਂ, ਬਾਣੀ ਅਤੇ ਸਿੱਖੀ ਜੀਵਨ ਜਾਚ ਨਾਲ ਜੋੜਿਆ ਜਾ ਸਕੇ।
ਕਾਰਜਕਾਰੀ ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਨੇ ਦੱਸਿਆ ਕਿ ਗੁਰੂ ਸਾਹਿਬਾਨ ਦੀਆਂ ਸ਼ਤਾਬਦੀਆਂ ਨੂੰ ਸਮਰਪਿਤ 16 ਸਤੰਬਰ ਨੂੰ ਆਯੋਜਿਤ ਕੀਤੇ ਜਾ ਰਹੇ ਧਾਰਮਿਕ ਸਮਾਗਮ ਦੌਰਾਨ ਗੁਰਮਤਿ ਕਥਾ-ਵਿਚਾਰਾਂ ਅਤੇ ਅੰਮ੍ਰਿਤਮਈ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ ਅਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਇਸ ਮੋਕੇ ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਰਾਬਿੰਦਰਬੀਰ ਸਿੰਘ ਭੱਲਾ, ਏ.ਪੀ.ਐਸ ਮਾਨ, ਤਰਲੋਚਨ ਸਿੰਘ, ਗੁਰਭੇਜ ਸਿੰਘ ਆਦਿ ਮੈਂਬਰ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ‘ਪੰਜਾਬ ਦਾ ਭਵਿੱਖ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੰਜਾਬੀ ਅਧਿਐਨ ਵਿਭਾਗ ਪੰਜਾਬ ਕਲਾ …