Sunday, December 22, 2024

ਡਾ. ਓਬਰਾਏ ਦੇ ਯਤਨਾਂ ਸਦਕਾ 40 ਦਿਨਾਂ ਬਾਅਦ ਭਾਰਤ ਪੁੱਜਾ ਅਜਨਾਲਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਰੱਬ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਸਰਹੱਦੀ ਹਲਕਾ ਅਜਨਾਲਾ ਨਾਲ ਸੰਬੰਧਿਤ ਪਿੰਡ ਮੱਦੂਛਾਂਗਾ ਦੇ 29 ਸਾਲਾ ਬਿਕਰਮਜੀਤ ਸਿੰਘ ਪੁੱਤਰ ਸੁਲੱਖਣ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਮ੍ਰਿਤਕ ਸਰੀਰ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਉਚੇਚੇ ਤੌਰ ‘ਤੇ ਭੇਜੇ ਗਏ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ ਤੋਂ ਇਲਾਵਾ ਸਰਬੱਤ ਦਾ ਭਲਾ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸਿੰਘ ਸੰਧੂ, ਪਰਮਿੰਦਰ ਸਿੰਘ ਸੰਧੂ ਅਤੇ ਪਰਿਵਾਰ ਦੇ ਮੈਂਬਰਾਂ ਨੇ ਪ੍ਰਾਪਤ ਕੀਤਾ।
ਡਾ. ਐਸ.ਪੀ ਸਿੰਘ ਓਬਰਾਏ ਨੇ ਜਾਰੀ ਮੀਡੀਆ ਬਿਆਨ ਵਿੱਚ ਦੱਸਿਆ ਕਿ ਬਿਕਰਮਜੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕੁੱਝ ਸਮਾਂ ਪਹਿਲਾਂ ਹੀ ਕਰਜ਼ਾ ਚੁੱਕ ਕੇ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਆਇਆ ਸੀ। ਜਿਸ ਦੀ ਬੀਤੀ 1 ਅਗਸਤ ਨੂੰ ਅਚਾਨਕ ਮੌਤ ਹੋ ਗਈ ਸੀ।ਇਸ ਮੰਦਭਾਗੀ ਘਟਨਾ ਸਬੰਧੀ ਉਨਾਂ ਨੂੰ ਟਰੱਸਟ ਦੀ ਅੰਮ੍ਰਿਤਸਰ ਟੀਮ ਰਾਹੀਂ ਜਾਣਕਾਰੀ ਮਿਲੀ ਸੀ।ਉਨਾਂ ਨੇ ਇਸ ਕੇਸ ਦੀ ਪੈਰਵਾਈ ਕੀਤੀ ਤਾਂ ਪਤਾ ਲੱਗਾ ਕਿ ਬਿਕਰਮਜੀਤ ਦੇ ਕੰਮ ਵਾਲੀ ਕੰਪਨੀ ਉਸਦੀ ਮ੍ਰਿਤਕ ਦੇਹ ਭਾਰਤ ਭੇਜਣ ਤੋਂ ਇਨਕਾਰੀ ਹੋ ਗਈ ਹੈ, ਜਿਸ ‘ਤੇ ਉਨਾਂ ਭਾਰਤੀ ਦੂਤਾਵਾਸ ਦੀ ਮਦਦ ਨਾਲ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਉਸੇ ਹੀ ਕੰਪਨੀ ਦੇ ਖਰਚ `ਤੇ ਅੱਜ ਬਿਕਰਮਜੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਉਸ ਦੇ ਵਾਰਸਾਂ ਤੱਕ ਪਹੁੰਚਾਇਆ ਹੈ।
ਬਿਕਰਮਜੀਤ ਸਿੰਘ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਭਰਾ ਜਗਰੂਪ ਸਿੰਘ, ਦਲਬੀਰ ਸਿੰਘ, ਸਰਬਜੋਤ ਸਿੰਘ, ਸ਼ਰਨਜੀਤ ਸਿੰਘ, ਧਰਮਿੰਦਰ ਸਿੰਘ, ਰਣਜੀਤ ਸਿੰਘ, ਸੁਖਜਿੰਦਰ ਸਿੰਘ ਆਦਿ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਦੇ ਪਿਤਾ ਦੀ ਵੀ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਉਸ ਦੀ ਬਜ਼ੁਰਗ ਮਾਂ ਦਾ ਰੋ-ਰੋ ਕੇ ਬਹੁਤ ਬੁਰਾ ਹਾਲ ਹੈ।ਚੇਅਰਮੈਨ ਚੇਤਨਪੁਰਾ, ਮੰਨੂੰ ਮੱਲੀ ਬੋਹੜਵਾਲਾ, ਕੁਲਵੰਤ ਸਿੰਘ ਬਾਬਾ ਸਮੇਤ ਬਿਕਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਡਾ. ਐੱਸ.ਪੀ.ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਧੰਨਵਾਦ ਕੀਤਾ।ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਵੱਲੋਂ ਵੀ ਟੈਲੀਫੋਨ ਰਾਹੀਂ ਡਾ. ਓਬਰਾਏ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ ਹੈ।
ਯਾਦ ਰਹੇ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 371 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …