Tuesday, February 25, 2025
Breaking News

ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕੀਤਾ ਗਿਆ, ਜਿਸ ਵਿੱਚ ਖ਼ਾਲਸਾ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਬੁਲਾਰਿਆਂ ਨੇ ਗੁਰੂ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਪੰਥਕ ਏਕਤਾ ਦੀ ਲੋੜ ‘ਤੇ ਜ਼ੋਰ ਦਿੱਤਾ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਪੂਰੀ ਦੁਨੀਆ ਦੇ ਧਰਮ ਇਤਿਹਾਸ ਅੰਦਰ ਲਾਸਾਨੀ ਅਤੇ ਉਭਰਵਾਂ ਹੈ।ਸੇਵਾ ਅਤੇ ਸਿਮਰਨ ਸਿੱਖੀ ਦੇ ਦੋ ਅਹਿਮ ਥੰਮ੍ਹ ਹਨ ਅਤੇ ਗੁਰੂ ਸਾਹਿਬਾਨ ਨੇ ਇਸ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਆਪ ਦਿੱਤੀ ਹੈ।ਉਨ੍ਹਾਂ ਕਿਹਾ ਕਿ ਤੀਜੇ ਅਤੇ ਚੌਥੇ ਪਾਤਸ਼ਾਹ ਜੀ ਦੇ 450 ਸਾਲਾ ਸ਼ਤਾਬਦੀ ਦਿਹਾੜੇ ਉਨ੍ਹਾਂ ਦੇ ਜੀਵਨ ਇਤਿਹਾਸ ਅਤੇ ਘਾਲਣਾ ਤੋਂ ਸੇਧ ਲੈਣ ਲਈ ਵੱਡੇ ਮਹੱਤਵ ਵਾਲੇ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਨੇ ਨਿਰਸਵਾਰਥ ਹੋ ਕੇ ਸੇਵਾ ਕਰਨ ਦਾ ਮਾਰਗ ਦਿੱਤਾ ਅਤੇ ਸ੍ਰੀ ਗੁਰੂ ਰਾਮਦਾਸ ਜੀ ਨੇ ਇਸ ਸਿਧਾਂਤ ਨੂੰ ਹੋਰ ਪੱਕਿਆਂ ਕੀਤਾ।ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਦੀ ਸੰਗਤ ਨੂੰ ਵਧਾਈ ਵੀ ਦਿੱਤੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀਆਂ ਦੇ ਦਿਹਾੜੇ ਸਾਡੇ ਲਈ ਭਵਿੱਖ ਦੀਆਂ ਤਰਜ਼ੀਹਾਂ ਨਿਰਧਾਰਤ ਕਰਨ ਦਾ ਮੌਕਾ ਹਨ।ਦਮਦਮੀ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਨੇ ਵੀ ਸਿੱਖ ਧਰਮ ਇਤਿਹਾਸ ਅਤੇ ਕੌਮੀ ਫ਼ਰਜ਼ਾਂ ਪ੍ਰਤੀ ਦ੍ਰਿੜ੍ਹਤਾ ਅਤੇ ਜਜ਼ਬਾ ਪ੍ਰਚੰਡ ਰੱਖਣ ਦੀ ਅਪੀਲ ਕੀਤੀ।ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਗੁਰੂ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ, ਜਦਕਿ ਰਾਗੀ ਢਾਡੀ ਤੇ ਕਵਿਸ਼ਰ ਜਥਿਆਂ ਨੇ ਵੀ ਹਾਜ਼ਰੀ ਭਰੀ।ਸਟੇਜ਼ ਦੀ ਸੇਵਾ ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਨਿਭਾਈ।ਸਮਾਗਮ ਦੌਰਾਨ ਤੀਜੇ ਅਤੇ ਚੌਥੇ ਪਾਤਸ਼ਾਹ ਨਾਲ ਸਬੰਧਤ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੋਵੀਨਾਰ ਵੀ ਜਾਰੀ ਕੀਤਾ ਗਿਆ।ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਨਮਾਨਿਤ ਕੀਤਾ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਖ਼ੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਅਤੇ ਸੰਗਤਾਂ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ

ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ …