ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਤਲੂਨੀ ਨਾਲ ਸਬੰਧਿਤ 36 ਸਾਲਾ ਜਤਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਮੀਡੀਆ ਨੂੰ ਜਾਰੀ ਬਿਆਨ ਅਨੁਸਾਰ ਦੋ ਮਾਸੂਮ ਬੱਚਿਆਂ ਦਾ ਪਿਤਾ ਜਤਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕੁੱਝ ਸਮਾਂ ਪਹਿਲਾਂ ਦੁਬਈ ਆਇਆ ਸੀ ਕਿ ਬੀਤੇ ਦਿਨੀਂ ਭੇਦ ਭਰੇ ਹਾਲਾਤ ਵਿੱਚ ਉਸਦੀ ਮੌਤ ਹੋ ਗਈ। ਡਾ. ਓਬਰਾਏ ਨੇ ਦੱਸਿਆ ਕਿ ਜਤਿੰਦਰ ਦੀ ਲਾਸ਼ ਲਾਵਾਰਿਸ ਹਾਲਤ ਵਿੱਚ ਮਿਲਣ `ਤੇ ਭਾਰਤੀ ਦੂਤਘਰ ਵੱਲੋਂ ਉਨ੍ਹਾਂ ਨਾਲ ਸੰਪਰਕ ਕਰਨ ਉਪਰੰਤ ਉਨ੍ਹਾਂ ਨੇ ਸਰਬੱਤ ਦਾ ਭਲਾ ਟਰੱਸਟ ਦੀ ਹੁਸ਼ਿਆਰਪੁਰ ਇਕਾਈ ਦੇ ਪ੍ਰਧਾਨ ਆਗਿਆਪਾਲ ਸਿੰਘ ਰਾਹੀਂ ਮ੍ਰਿਤਕ ਦੇ ਪਾਸੋਂ ਜਾਣਕਾਰੀ ਹਾਸਲ ਕੀਤੀ।ਇਸ ਉਪਰੰਤ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕੀਤੀ ਗਈ। ਉਨਾਂ ਕਿਹਾ ਕਿ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਆਇਆ ਖਰਚ, ਦੁਬਈ ਸਥਿਤ ਭਾਰਤੀ ਦੂਤਘਰ ਵੱਲੋਂ ਕੀਤਾ ਗਿਆ ਹੈ।
ਡਾ.ਐਸ.ਪੀ ਸਿੰਘ ਉਬਰਾਏ ਨੇ ਇੱਥੇ ਇਹ ਵੀ ਦੱਸਿਆ ਕਿ ਜਤਿੰਦਰ ਸਿੰਘ ਦੇ ਮਾਸੂਮ ਬੱਚਿਆਂ ਤੇ ਪਤਨੀ ਲਈ ਦੋ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੁੱਝ ਦਿਨ ਪਹਿਲਾਂ ਕਪੂਰਥਲਾ ਜਿਲ੍ਹੇ ਦੇ ਪਿੰਡ ਥਿਗਲੀ ਦੇ ਜਗਬੀਰ ਸਿੰਘ, ਅੰਮ੍ਰਿਤਸਰ ਦੇ ਕਸਬਾ ਅਜਨਾਲਾ ਨੇੜਲੇ ਪਿੰਡ ਮੱਦੂਸ਼ਾਂਗਾ ਦੇ ਨੌਜਵਾਨ ਬਿਕਰਮਜੀਤ ਸਿੰਘ ਅਤੇ ਮਜੀਠਾ ਨੇੜਲੇ ਪਿੰਡ ਸ਼ਾਮਨਗਰ ਦੇ ਨੌਜਵਾਨ ਪਲਵਿੰਦਰ ਸਿੰਘ, ਜਿਨ੍ਹਾਂ ਦੇ ਮ੍ਰਿਤਕ ਸਰੀਰ ਦੁਬਈ ਤੋਂ ਵਾਰਸਾਂ ਤੱਕ ਪਹੁੰਚਾਏ ਗਏ ਸਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਟਰੱਸਟ ਵੱਲੋਂ 2000-2000 ਰੁਪਏ ਮਹੀਨਾਵਾਰ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ ।
ਪੀੜ੍ਹਤ ਪਰਿਵਾਰ ਨਾਲ ਹਵਾਈ ਅੱਡੇ `ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਲ੍ਹਿਾ ਅੰਮ੍ਰਿਤਸਰ ਦੇ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਅਤੇ ਆਗੂ ਜਗਦੇਵ ਸਿੰਘ ਛੀਨਾ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 373 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਹਵਾਈ ਅੱਡੇ ‘ਤੇ ਮ੍ਰਿਤਕ ਦੇਹ ਲੈਣ ਪਹੁੰਚੇ ਜਤਿੰਦਰ ਸਿੰਘ ਦੇ ਪਿਤਾ ਹਰਭਜਨ ਸਿੰਘ, ਰਿਸ਼ਤੇਦਾਰ ਬਲਵਿੰਦਰ ਕੁਮਾਰ ਅਤੇ ਪਿੰਡ ਵਾਸੀਆਂ ਨੇ ਡਾ. ਐੱਸ.ਪੀ ਸਿੰਘ ਓਬਰਾਏ ਦਾ ਸ਼ੁਕਰਾਨਾ ਕੀਤਾ।
Check Also
ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …