ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਹਰਿਆਣਾ ਦੇ ਜਿਲ੍ਹਾ ਅੰਬਾਲਾ ਦੇ ਪਿੰਡ ਬਹੀਟਾ ਨਾਲ ਸਬੰਧਿਤ 41 ਸਾਲਾ ਊਧਮ ਸਿੰਘ ਪੁੱਤਰ ਕਿਰਪਾਲ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਮੀਡੀਆ ਨੂੰ ਜਾਰੀ ਬਿਆਨ ਵਿੱਚ ਡਾ. ਓਬਰਾਏ ਨੇ ਦੱਸਿਆ ਕਿ ਊਧਮ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਪੰਜ ਵਰ੍ਹੇ ਪਹਿਲਾਂ ਦੁਬਈ ਆਇਆ ਸੀ।ਬੀਤੇ ਜੁਲਾਈ ਮਹੀਨੇ ਅੰਦਰ ਭੇਦ ਭਰੇ ਹਾਲਾਤ ਵਿੱਚ ਉਸ ਦੀ ਮੌਤ ਹੋ ਗਈ।ਡਾ. ਓਬਰਾਏ ਨੇ ਦੱਸਿਆ ਕਿ ਉਧਮ ਦੀ ਲਾਸ਼ ਲਾਵਾਰਿਸ ਹਾਲਤ ਵਿੱਚ ਮਿਲਣ `ਤੇ ਭਾਰਤੀ ਦੂਤਘਰ ਉਨਾਂ ਨੂੰ ਊਧਮ ਸਿੰਘ ਦੇ ਵਾਰਸਾਂ ਨੂੰ ਇਹ ਸੂਚਨਾ ਦੇਣ ਲਈ ਕਿਹਾ ਸੀ।ਉਨ੍ਹਾਂ ਦੱਸਿਆ ਉਨ੍ਹਾਂ ਨੇ ਸਰਬੱਤ ਦਾ ਭਲਾ ਟਰੱਸਟ ਦੀ ਹਰਿਆਣਾ ਇਕਾਈ ਦੇ ਆਗੂ ਲਖਵਿੰਦਰਪਾਲ ਸਿੰਘ ਗਰੇਵਾਲ ਰਾਹੀਂ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕਰਕੇ ਉਨਾਂ ਨਾਲ ਵਾਪਰੀ ਇਸ ਅਨਹੋਣੀ ਤੋਂ ਜਾਣੂ ਕਰਵਾਇਆ ਅਤੇ ਦੁਬਈ ਸਥਿਤ ਆਪਣੀ ਟੀਮ ਵਲੋਂ ਊਧਮ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਲੋੜੀਂਦੀ ਸਮੁੱਚੀ ਕਾਗਜ਼ੀ ਕਾਰਵਾਈ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਮੁਕੰਮਲ ਕਰ ਕੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਿਆ ਹੈ।ਡਾ. ਓਬਰਾਏ ਅਨੁਸਾਰ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ, ਉਨ੍ਹਾਂ ਵਲੋਂ ਹੀ ਕੀਤਾ ਗਿਆ ਹੈ, ਜੋ ਉਨ੍ਹਾਂ ਨੂੰ ਕੁੱਝ ਸਮੇਂ ਬਾਅਦ ਸਰਕਾਰ ਤੋਂ ਪ੍ਰਾਪਤ ਹੋ ਜਾਵੇਗਾ।ਡਾ. ਐਸ.ਪੀ ਸਿੰਘ ਉਬਰਾਏ ਨੇ ਕਿਹਾ ਕਿ ਉਨ੍ਹਾਂ ਵਲੋਂ ਊਧਮ ਸਿੰਘ ਦੀਆਂ ਦੋ ਮਾਸੂਮ ਧੀਆਂ ਤੇ ਪਤਨੀ ਲਈ 2000 ਰੁਪਏ ਮਹੀਨਾ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ।
ਪੀੜ੍ਹਤ ਪਰਿਵਾਰ ਨਾਲ ਹਵਾਈ ਅੱਡੇ `ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਅਤੇ ਆਗੂ ਜਗਦੇਵ ਸਿੰਘ ਛੀਨਾ, ਪਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 375 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਇਸੇ ਦੌਰਾਨ ਹਵਾਈ ਅੱਡੇ ‘ਤੇ ਹਰਿਆਣਾ ਤੋਂ ਮ੍ਰਿਤਕ ਦੇਹ ਲੈਣ ਪਹੁੰਚੇ ਊਧਮ ਸਿੰਘ ਦੇ ਪਿਤਾ ਕਿਰਪਾਲ ਸਿੰਘ ਅਤੇ ਦੋਸਤ ਗੁਰਪ੍ਰੀਤ ਸਿੰਘ ਨੇ ਡਾ. ਐਸ.ਪੀ ਸਿੰਘ ਓਬਰਾਏ ਦਾ ਸ਼ੁਕਰਾਨਾ ਕੀਤਾ।
Check Also
ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …