ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਅੱਜ ਮੇਘਾਲਿਆ ਦੇ ਰਾਜਪਾਲ ਸ੍ਰੀ ਸੀ.ਐਚ ਵਿਜਯਸ਼ੰਕਰ ਨੂੰ ਮਿਲ ਕੇ ਸ਼ਿਲਾਂਗ ਵਿਖੇ ਪੰਜਾਬੀ ਕਾਲੋਨੀ ਵਿਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦਾ ਮਾਮਲਾ ਤੁਰੰਤ ਹੱਲ ਕਰਵਾਉਣ ਲਈ ਦਖ਼ਲ ਦੀ ਮੰਗ ਕੀਤੀ ਹੈ।ਇਸ ਵਫ਼ਦ ਨੇ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਡੋਨਾਲਡ ਫਿਲੀਪਸ ਵਾਹਲੈਂਗ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੇ ਸਿੱਖਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਮੰਗ ਪੱਤਰ ਸੌਂਪਿਆ ਸੀ ਅਤੇ ਹੁਣ ਮੇਘਾਲਿਆ ਦੇ ਗਵਰਨਰ ਨਾਲ ਮੁਲਾਕਾਤ ਕੀਤੀ ਗਈ।
ਸ਼੍ਰੋਮਣੀ ਕਮੇਟੀ ਵਫ਼ਦ ਦੀ ਅਗਵਾਈ ਕਰ ਰਹੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਅੱਜ ਸ਼੍ਰੋਮਣੀ ਕਮੇਟੀ ਵਫ਼ਦ ਨੇ ਮੇਘਾਲਿਆ ਦੇ ਰਾਜਪਾਲ ਨੂੰ ਸ਼ਿਲਾਂਗ ’ਚ ਗੁਰੂ ਘਰ ਨੂੰ ਢਾਹੁਣ ਦੀ ਕਾਰਵਾਈ ਤੁਰੰਤ ਰੋਕਣ ਲਈ ਸਰਕਾਰ ਨੂੰ ਨਿਰਦੇਸ਼ ਜਾਰੀ ਕਰਨ ਲਈ ਆਖਿਆ ਹੈ।ਭਾਈ ਮਹਿਤਾ ਨੇ ਕਿਹਾ ਕਿ ਸ਼ਿਲਾਂਗ ਦੀ ਪੰਜਾਬੀ ਕਾਲੋਨੀ ਵਿਚ ਵੱਸੇ ਸਿੱਖ ਪਰਿਵਾਰਾਂ ਦੇ ਘਰਾਂ ਦਾ ਮਾਮਲਾ ਲੰਮੇ ਸਮੇਂ ਤੋਂ ਚੱਲ ਰਿਹਾ ਹੈ ਅਤੇ ਹੁਣ ਗੁਰਦੁਆਰਾ ਸਾਹਿਬ ਢਾਹੁਣ ਦੇ ਨਿਰਦੇਸ਼ ਜਾਰੀ ਹੋਣ ’ਤੇ ਸਥਾਨਕ ਸਿੱਖਾਂ ਅੰਦਰ ਵਿਆਪਕ ਰੋਸ ਹੈ।
ਰਾਜਪਾਲ ਨਾਲ ਮੁਲਾਕਾਤ ਸਮੇਂ ਭਾਈ ਰਾਜਿੰਦਰ ਸਿੰਘ ਮਹਿਤਾ ਤੋਂ ਇਲਾਵਾ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸ਼ਿਲਾਂਗ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਪ੍ਰਧਾਨ ਗੁਰਜੀਤ ਸਿੰਘ, ਸੇਵ ਸ਼ਿਲਾਂਗ ਸਿੱਖਸ ਸੰਸਥਾ ਦੇ ਕਨਵੀਨਰ ਪ੍ਰੋਫ਼ੈਸਰ ਜਗਮੋਹਨ ਸਿੰਘ ਸ਼ਾਮਲ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …