Thursday, October 17, 2024

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

18 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 19 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਸਬੰਧੀ ਸੱਚਖੰਡ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦਾ ਭੋਗ 19 ਅਕਤੂਬਰ ਨੂੰ ਪਾਇਆ ਜਾਵੇਗਾ।ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਸਤਨਾਮ ਸਿੰਘ ਰਿਆੜ, ਸੁਪਰਡੈਂਟ ਨਿਸ਼ਾਨ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਮੀਤ ਮੈਨੇਜਰ ਅਜੈ ਸਿੰਘ ਹਾਜ਼ਰ ਸਨ।

ਪ੍ਰਤਾਪ ਸਿੰਘ ਨੇ ਦੱਸਿਆ ਕਿ ਭਲਕੇ 18 ਅਕਤੂਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਪਲਾਜ਼ਾ ਘੰਟਾ ਘਰ, ਜ਼ਲ੍ਹਿਆਂਵਾਲਾ ਬਾਗ, ਘਿਓ ਮੰਡੀ ਚੌਕ, ਸ਼ੇਰਾਂ ਵਾਲ ਗੇਟ, ਮਹਾਂ ਸਿੰਘ ਗੇਟ, ਚੌਂਕ ਰਾਮ ਬਾਗ, ਹਾਲ ਗੇਟ, ਹਾਥੀ ਗੇਟ, ਲੋਹਗੜ੍ਹ ਗੇਟ, ਲਾਹੌਰੀ ਗੇਟ, ਬੇਰੀ ਗੇਟ, ਖ਼ਜ਼ਾਨਾ ਗੇਟ, ਗੇਟ ਹਕੀਮਾਂ, ਭਗਤਾਂ ਵਾਲਾ ਚੌਕ, ਚਾਟੀਵਿੰਡ ਗੇਟ, ਸੁਲਤਾਨਵਿੰਡ ਗੇਟ, ਘਿਓ ਮੰਡੀ ਚੌਕ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ।18 ਅਕਤੂਬਰ ਨੂੰ ਰਾਤ ਸਮੇਂ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ/ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਹੋਵੇਗਾ। ਗੁਰਪੁਰਬ ਵਾਲੇ ਦਿਨ 19 ਅਕਤੂਬਰ ਨੂੰ ਜਿਥੇ ਸਾਰਾ ਦਿਨ ਧਾਰਮਿਕ ਦੀਵਾਨ ਸੱਜਣਗੇ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟਲ ਰਾਇ ਸਾਹਿਬ ਵਿਖੇ ਜਲੌ ਸਜਣਗੇ।ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਹੋਵੇਗੀ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ’ਚ ਹੋਈ ਚੋਣ

ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ …