Sunday, December 22, 2024

ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ `ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ – ਮੁੱਖ ਮੰਤਰੀ ਪੰਜਾਬ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਉੱਚ ਆਦਰਸ਼ਾਂ `ਤੇ ਚੱਲ ਰਹੀ ਹੈ ਤਾਂ ਜੋ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਅੰਮ੍ਰਿਤਸਰ ਵਿਖੇ ਕੱਲ ਨਤਮਸਤਕ ਹੋਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੁਹਰਾਇਆ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਭਾਸ਼ਾ ਦੇ ‘ਪਿਤਾਮਾ’ ਅਤੇ ਵਿਸ਼ਵ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ, ਜਿਨ੍ਹਾਂ ਨੇ ਆਪਣੀ ਅਮਰ ਅਤੇ ਮਹਾਨ ਰਚਨਾ ‘ਰਾਮਾਇਣ’ ਰਾਹੀਂ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੈ ਅਤੇ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਭਗਵਾਨ ਵਾਲਮੀਕਿ ਜੀ ਨੇ ਇਸ ਪਵਿੱਤਰ ਧਰਤੀ `ਤੇ ਭਗਵਾਨ ਰਾਮ ਜੀ ਦੇ ਪੁੱਤਰਾਂ ਲਵ ਅਤੇ ਕਸ਼ ਨੂੰ ਸਿਖਲਾਈ ਦਿੱਤੀ ਸੀ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਅਸਥਾਨ ਦੇ ਵਿਆਪਕ ਵਿਕਾਸ ਲਈ ਸਾਧਨ ਜੁਟਾਉਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਬਾਰਕ ਧਰਤੀ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਲਈ ਹਰ ਹੀਲਾ ਵਰਤਿਆ ਜਾਵੇਗਾ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰ ਕੇ ਪੰਜਾਬ ਵਿੱਚ ਸੀਵਰੇਜ਼ ਵਾਲਿਆਂ ਨਾਲ ਹੋ ਰਹੇ ਅਣਮਨੁੱਖੀ ਸਲੂਕ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ।ਸੂਬਾ ਸਰਕਾਰ ਨੇ ਸੀਵਰੇਜ ਕਰਮਚਾਰੀਆਂ ਦੀ ਡਿਊਟੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਵੀਂ ਮਸ਼ੀਨਰੀ ਖ਼ਰੀਦੀ ਹੈ।
ਸਰਕਾਰੀ ਨੌਕਰੀ ਵਿੱਚੋਂ ਠੇਕਾ ਸ਼ਬਦ ਨੂੰ ਖ਼ਤਮ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਫ਼ਾਈ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਨੀਤੀ `ਤੇ ਵਿਚਾਰ ਕਰ ਰਹੀ ਹੈ।ਇਸ ਮੰਤਵ ਲਈ ਪਹਿਲਾਂ ਹੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਹੀ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਗਰੀਬੀ ਵਿਚੋਂ ਬਾਹਰ ਕੱਢ ਸਕਦੀ ਹੈ।ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇ.ਈ.ਈ ਅਤੇ ਹੋਰ ਵੱਕਾਰੀ ਪ੍ਰੀਖਿਆਵਾਂ ਪਾਸ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਚਲਿਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਡੇਟਾਬੇਸ ਤਿਆਰ ਕਰਨ ਵਿੱਚ ਵੀ ਸਰਕਾਰ ਦੀ ਮਦਦ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ) ਕਿਸੇ ਵੀ ਜਾਨੀ ਨੁਕਸਾਨ ਦੀ ਸਥਿਤੀ ਵਿੱਚ ਐਸ.ਐਸ.ਐਫ ਮਹਿਜ਼ 6 ਤੋਂ 8 ਮਿੰਟ ਵਿੱਚ ਮੌਕੇ ‘ਤੇ ਪਹੁੰਚ ਜਾਂਦੀ ਹੈ ਅਤੇ ਇਹ ਫੋਰਸ ਲੋਕਾਂ ਲਈ `ਜੀਵਨ ਰੱਖਿਅਕ` ਬਣ ਕੇ ਉੱਭਰੀ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …