Friday, October 18, 2024

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ‘ਤੇ ਚੱਲ ਕੇ ਹੀ ਜੀਵਨ ਨੂੰ ਖੁਸ਼ਹਾਲ ਬਣਾ ਸਕਦੇ ਹਾਂ- ਹਰਭਜਨ ਸਿੰਘ

ਕੈਬਨਿਟ ਮੰਤਰੀ ਈ.ਟੀ.ਓ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ ਦਿੱਤੀ ਵਧਾਈ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਾਲਮੀਕਿ ਜੀ ਦੀਆਂ ਸਿੱਖਿਆਵਾਂ ‘ਤੇ ਚੱਲ ਕੇ ਹੀ ਵਿਅਕਤੀ ਆਪਣੇ ਜੀਵਨ ਨੂੰ ਖੁਸ਼ਹਾਲ ਬਣਾ ਸਕਦਾ ਹੈ।ਉਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੁਆਰਾ ਦਰਸਾਏ ਗਏ ਰਸਤੇ ‘ਤੇ ਚੱਲ ਕੇ ਹੀ ਅਸੀਂ ਸਮਾਜ ਵਿੱਚ ਭਾਈਚਾਰਕ ਸਾਂਝ ਪੈਦਾ ਕਰ ਸਕਦੇ ਹਾਂ।ਉਹ ਜੰਡਿਆਲਾ ਦੇ ਨੱਥੂਆਣਾ ਗੇਟ ਵਿਖੇ ਸਥਿਤ ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿਖੇ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰ ਰਹੇ ਸਨ।ਮੰਤਰੀ ਈ.ਟੀ.ਓ ਨੇ ਭਗਵਾਨ ਵਾਲਮੀਕਿ ਮੰਦਰ ਵਿਖੇ ਝੰਡੇ ਦੀ ਰਸਮ ਵੀ ਅਦਾ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਲਿਆ।
ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਭੂਸ਼ਣਪੁਰਾ, ਗਿੱਲਵਾਲੀ ਗੇਟ, ਸ਼ਾਸਤਰੀ ਮਾਰਕੀਟ ਅਤੇ ਪਿੰਡ ਮਾਹਲਾਂ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਕਰਵਾਏ ਗਏ ਸਮਾਗਮਾਂ ਵਿੱਚ ਹਾਜ਼ਰ ਹੋਏ।ਉਹ ਜੰਡਿਆਲਾ ਗੁਰੂ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ‘ਤੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਵੀ ਸ਼ਾਮਲ ਹੋਏ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੰਸਕ੍ਰਿਤ ਦੇ ਪਹਿਲੇ ਕਵੀ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਮਹਾਨ ਮਹਾਂਕਾਵਿ ਰਾਮਾਇਣ ਰਹਿੰਦੀ ਦੁਨੀਆਂ ਤੱਕ ਲੁਕਾਈ ਨੂੰ ਸੱਚ ਦਾ ਰਾਹ ਦਿਖਾਉਂਦੀ ਰਹੇਗੀ।ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਦੀਆਂ ਪਹਿਲਾਂ ਲਿਖੀਆਂ ਰਚਨਾਵਾਂ ਅੱਜ ਦੇ ਸਮਾਜ ਨੂੰ ਵੀ ਉਸੇ ਤਰ੍ਹਾਂ ਸੇਧ ਦੇ ਰਹੀਆਂ ਹਨ।ਮੰਤਰੀ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ ਹੈ।ਵੀਰ ਮੁਕੇਸ਼ (ਲਾਡੀ) ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ।
ਇਸ ਮੌਕੇ ਸ੍ਰੀਮਤੀ ਸੁਰਿੰਦਰ ਕੌਰ, ਸੁਖਵਿੰਦਰ ਸਿੰਘ, ਸਰਬਜੀਤ ਸਿੰਘ ਡਿੰਪੀ ਸ਼ਹਿਰੀ ਪ੍ਰਧਾਨ, ਨੀਰਜ਼ ਕੁਮਾਰ ਐਸ.ਐਚ.ਓ, ਸ੍ਰੀਮਤੀ ਸੁਨੈਨਾ ਰੰਧਾਵਾ ਬਲਾਕ ਪ੍ਰਧਾਨ, ਰਣਜੀਤ ਸਿੰਘ ਕੁੱਕੀ, ਮਨੋਹਰ ਸਿੰਘ, ਹਰਜੀਤ ਸਿੰਘ ਕਾਕੂ, ਰਮੇਸ਼ ਕੁਮਾਰ, ਦੇਵੀਦਾਸ ਪੁਰ ਦੇ ਸਰਪੰਚ ਨਿਸਾਨ ਸਿੰਘ, ਗੁਰਦਿਆਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਸ਼ਰਧਾਲੂ ਸੰਗਤਾਂ ਅਤੇ ਪਿੰਡਾਂ ਦੇ ਪੰਚ ਸਰਪੰਚ ਹਾਜ਼ਰ ਸਨ।

Check Also

ਖਾਲਸਾ ਕਾਲਜ ਵਲੋਂ ਲੋਗੋ ਡਿਜ਼ਾਈਨਿੰਗ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਦੀ …