Saturday, December 21, 2024

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

ਐਡਵੋਕੇਟ ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ ਮਿਲੀਆਂ 33 ਵੋਟਾਂ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ।ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅੰਦਰ ਹੋਏ ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਕੁੱਲ ਪਈਆਂ 142 ਵੋਟਾਂ ਵਿੱਚੋਂ 107 ਵੋਟਾਂ ਪ੍ਰਾਪਤ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਲ ਕੀਤੀ।ਉਨ੍ਹਾਂ ਦੇ ਮੁਕਾਬਲੇ ਪ੍ਰਧਾਨਗੀ ਦੀ ਚੋਣ ਲੜਨ ਲਈ ਖੜੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪਈਆਂ, ਜਦਕਿ 2 ਵੋਟਾਂ ਰੱਦ ਹੋਈਆਂ।ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ 142 ਮੈਂਬਰ ਮੌਜੂਦ ਰਹੇ।
ਜਨਰਲ ਇਜਲਾਸ ਦੌਰਾਨ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡਵਾਲਾ ਨੂੰ ਜਨਰਲ ਸਕੱਤਰ ਚੁਣਿਆ ਗਿਆ।ਇਸ ਤੋਂ ਇਲਾਵਾ ਚੁਣੀ ਗਈ 11 ਮੈਂਬਰੀ ਅੰਤ੍ਰਿੰਗ ਕਮੇਟੀ ਵਿਚ ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਕਾਇਮਪੁਰ, ਦਲਜੀਤ ਸਿੰਘ ਭਿੰਡਰ, ਸੁਖਹਰਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਪੁੜੇਣ ਤੇ ਪਰਮਜੀਤ ਸਿੰਘ ਰਾਏਪੁਰ ਸ਼ਾਮਲ ਹਨ। ਇਸ ਦੇ ਨਾਲ ਹੀ ਆਨਰੇਰੀ ਮੁੱਖ ਸਕੱਤਰ ਵਜੋਂ ਕੁਲਵੰਤ ਸਿੰਘ ਮੰਨਣ ਨੂੰ ਨਿਯੁਕਤ ਕੀਤਾ ਗਿਆ ਹੈ।
ਐਡਵੋਕੇਟ ਧਾਮੀ ਨੇ ਪ੍ਰਧਾਨ ਚੁਣੇ ਜਾਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਇਹ ਵੱਡੀ ਸੇਵਾ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਪ੍ਰਾਪਤ ਹੋਈ ਹੈ, ਜਿਸ ਨੂੰ ਉਹ ਗੁਰੂ ਸਾਹਿਬ ਦੀ ਭੈਅ ਭਾਵਨੀ, ਨਿਰਮਤਾ ਤੇ ਪੰਥਕ ਭਾਵਨਾਵਾਂ ਅਨੁਸਾਰ ਨਿਭਾਉਣ ਦਾ ਯਤਨ ਕਰਨਗੇ।ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਾਲ ਦੀ ਚੋਣ ਵਿਚ ਪੰਜਾਬ ਦੀ ਆਪ ਸਰਕਾਰ ਦੇ ਨਾਲ-ਨਾਲ ਭਾਰਤ ਸਰਕਾਰ, ਭਾਜਪਾ, ਆਰ.ਐਸ.ਐਸ, ਕਾਂਗਰਸ ਨੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਪ੍ਰੰਤੂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਦ੍ਰਿੜ੍ਹਤਾ ਨਾਲ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਖੜ੍ਹ ਕੇ ਇਕ ਮਿਸਾਲ ਕਾਇਮ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਚੋਣ ਦੇ ਨਤੀਜੇ ਪੰਥ ਵਿਰੋਧੀ ਸ਼ਕਤੀਆਂ ਕਰਾਰਾ ਜਵਾਬ ਹਨ।ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜ਼ਿੰਮੇਵਾਰੀ ਹੁਣ ਹੋਰ ਵੀ ਵੱਧ ਗਈ ਹੈ, ਜਿਸ ਪ੍ਰਤੀ ਉਹ ਸਮਰਪਣ ਭਾਵਨਾ ਨਾਲ ਕਾਰਜ਼ ਕਰਨਗੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …