ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਦਾ ਰਹਿਣੀ ਅਤੇ ਠਰੰਮੇ ਵਾਲੀ ਸ਼ਖ਼ਸੀਅਤ ਹਨ।ਉਹ ਪਿੱਛਲੇ ਲੰਮੇ ਸਮੇਂ ਤੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨਾਲ ਜੁੜੇ ਹੋਏ ਹਨ।1956 ਵਿੱਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀ.ਏ ਐਲ.ਐਲ.ਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਕਰ ਰਹੇ ਹਨ।ਉਹ 1996 ਵਿੱਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਰਹੇ।ਉਹ ਧਰਮ ਪ੍ਰਚਾਰ ਦੇ ਮੈਂਬਰ ਵੀ ਰਹੇ ਅਤੇ ਅੰਤ੍ਰਿੰਗ ਮੈਂਬਰ ਵੀ ਬਣੇ।ਐਡਵੋਕੇਟ ਧਾਮੀ 2019 ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ, ਜਿਸ ਮਗਰੋਂ 2020 ਵਿੱਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁੱਦੇ ’ਤੇ ਸੇਵਾ ਨਿਭਾਈ।ਐਡਵੋਕੇਟ ਧਾਮੀ ਨਵੰਬਰ 2021 ਵਿੱਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਅਤੇ ਹੁਣ ਇਸ ਅਹੁੱਦੇ ਉਤੇ ਲਗਾਤਾਰ ਚੌਥੀ ਵਾਰ ਚੁਣੇ ਗਏ ਹਨ।ਉਹ ਸਿੱਖ ਸਰੋਕਾਰਾਂ ਦੀ ਡੂੰਘੀ ਪਕੜ ਰੱਖਦੇ ਹਨ ਅਤੇ ਇੱਕ ਇਮਾਨਦਾਰ ਆਗੂ ਵਜੋਂ ਜਾਣੇ ਜਾਂਦੇ ਹਨ।ਉਹ ਸਿੱਖ ਸੰਘਰਸ਼ ਦੇ ਯੋਧਿਆਂ ਦੇ ਕੇਸਾਂ ਦੀ ਪੈਰਵਾਈ ਵੀ ਕਰਦੇ ਰਹੇ ਹਨ।ਐਡਵੋਕੇਟ ਧਾਮੀ ਦੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਪ੍ਰਸ਼ਾਸਕੀ ਸੇਵਾਵਾਂ ਵਿੱਚ ਸਿੱਖ ਨੌਜੁਆਨਾਂ ਦੀ ਸ਼ਮੂਲੀਅਤ ਲਈ ਕੋਚਿੰਗ ਸੈਂਟਰ ਸਥਾਪਤ ਕਰਨਾ, ਗੁਰਦੁਆਰਾ ਸਾਹਿਬਾਨ ਅੰਦਰ ਸਿਰੋਪਾਓ ਦੀ ਵਰਤੋਂ ਨੂੰ ਸੀਮਤ ਕਰਨਾ ਅਤੇ ਆਈਆਂ ਸ਼ਤਾਬਦੀਆਂ ਨੂੰ ਖਾਲਸਾਈ ਜਾਹੋ-ਜਲਾਲ ਨਾਲ ਮਨਾਉਣਾ ਅਹਿਮ ਕਾਰਜ਼ ਹਨ।ਇਸ ਤੋਂ ਇਲਾਵਾ ਉਨ੍ਹਾਂ ਦੀ ਅਗਵਾਈ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਜ਼ੋਰਦਾਰ ਅਵਾਜ਼ ਉਠਾਈ ਗਈ।
Check Also
ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਰਵੀਦਾਸ ਜਯੰਤੀ ਅਤੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜਯੰਤੀ ਮਨਾਈ
ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਅਤੇ ਜਾਤ-ਪਾਤ …