
ਅੰਮ੍ਰਿਤਸਰ, 9 ਜਨਵਰੀ (ਗੁਰਪ੍ਰੀਤ ਸਿੰਘ) – ਦਸ ਗੁਰੂ ਸਾਹਿਬਾਨ ਦੁਆਰਾ ਦਰਸਾਏ ਮਾਰਗ ‘ਤੇ ਚਲਦਿਆਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼ਹੀਦ ਭਾਈ ਤਾਰੂ ਸਿੰਘ ਕੇਸ ਸੰਭਾਲ ਦਸਤਾਰ ਸਿਖਲਾਈ ਸੰਸਥਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਸਵੇਰੇ 10 ਤੋਂ ਸ਼ਾਮ 4.30 ਵਜੇ ਤੱਕ ਗੁਰਮਤਿ ਗਿਆਨ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੰਠ, ਸਿੱਖ ਇਤਿਹਾਸ, ਕਵਿਤਾ, ਕਵੀਸ਼ਰੀ, ਭਾਸ਼ਣ, ਕੁਇਜ਼ ਅਤੇ ਦਸਤਾਰ ਸਜਾਉਣ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ।
ਇਸ ਮੌਕੇ ਬੀਬੀ ਕਿਰਨਜੋਤ ਕੌਰ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੇ ਕੁਰਬਾਨੀ ਭਰੇ ਜੀਵਨ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ।ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਮਤਿ ਗਿਆਨ ਸਮਾਗਮ ਦੌਰਾਨ ਪਹਿਲੇ, ਦੂਜੇ ਤੇ ਤੀਸਰੇ ਦਰਜੇ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।ਇਸ ਮੌਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਅੱਜ ਅਸੀਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਇਕੱਤਰ ਹੋਏ ਹਾਂ।ਉਨ੍ਹਾਂ ਨੌਜਵਾਨ ਬੱਚੇ-ਬੱਚੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪ ਸਭ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਾਲਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਰੱਖਦੇ ਹੋਏ ਸਾਬਤ ਸੂਰਤ ਸਿੱਖੀ ਸਰੂਪ ਵਿੱਚ ਬਾਣੀ ਤੇ ਬਾਣੇ ਦੇ ਧਾਰਨੀ ਹੋਵੋ ਤਾਂ ਜੋ ਉਨ੍ਹਾਂ ਸ਼ਹੀਦ ਹੋਏ ਸਾਹਿਬਜ਼ਾਦਿਆਂ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਅਰਪਣ ਕਰ ਸਕੀਏ।ਸਟੇਜ ਸਕੱਤਰ ਦੀ ਸੇਵਾ ਭਾਈ ਅਮਰੀਕ ਸਿੰਘ ਕਥਾਵਾਚਕ ਨੇ ਨਿਭਾਈ।ਇਸ ਮੌਕੇ ਸ. ਸ. ਸੁਖਰਾਜ ਸਿੰਘ ਐਡੀਸ਼ਨਲ ਮੈਨੇਜਰ, ਸ.ਜਗਤਾਰ ਸਿੰਘ ਤੇ ਸ. ਗੁਰਮੀਤ ਸਿੰਘ ਮੀਤ ਮੈਨੇਜਰ ਸ.ਇੰਦਰ ਮੋਹਣ ਸਿੰਘ ‘ਅਨਜਾਣ’ ਸੁਪਰਵਾਈਜ਼ਰ ਪਬਲੀਸਿਟੀ ਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media