ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ’ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ
ਦੇ ਹੱਕਾਂ ਉਪਰ ਸਿੱਧੇ ਤੌਰ ’ਤੇ ਡਾਕਾ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਪਹੁੰਚ ਪੰਜਾਬ ਅਤੇ ਪੰਜਾਬੀਆਂ ਦਾ ਸਿੱਧੇ ਤੌਰ ’ਤੇ ਨਿਰਾਦਰ ਹੈ।ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਸਥਾਪਤੀ ਪੰਜਾਬ ਦੇ ਦਰਜ਼ਨਾਂ ਪਿੰਡਾਂ ਦੀ ਹੋਂਦ ਨੂੰ ਖ਼ਤਮ ਕਰਨ ਨਾਲ ਹੋਈ ਹੈ, ਜਿਸ ਕਰਕੇ ਇਸ ਸ਼ਹਿਰ ’ਤੇ ਕੇਵਲ ਪੰਜਾਬ ਦਾ ਹੀ ਹੱਕ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸ਼ੁਰੂ ਤੋਂ ਹੀ ਮਨਸ਼ਾ ਪੰਜਾਬ ਵਿਰੋਧੀ ਰਹੀ ਹੈ।ਕਦੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸਬੰਧਤ ਜਮਹੂਰੀ ਹੱਕਾਂ ਨੂੰ ਖ਼ਾਤਮੇ ਦੀ ਗੱਲ ਕੀਤੀ ਜਾਂਦੀ ਹੈ ਅਤੇ ਕਦੀ ਚੰਡੀਗੜ੍ਹ ’ਚ ਕੰਮ ਕਰਦੇ ਮੁਲਾਜ਼ਮਾਂ ਉਪਰ ਕੇਂਦਰ ਸਰਕਾਰ ਵਾਲੇ ਨਿਯਮ ਲਾਗੂ ਕਰਨ ਦਾ ਫੈਸਲਾ ਕੀਤਾ ਜਾਂਦਾ ਹੈ।ਹੁਣ ਹਰਿਆਣਾ ਨੂੰ ਚੰਡੀਗੜ੍ਹ ਅੰਦਰ ਵੱਖਰੀ ਵਿਧਾਨ ਸਭਾ ਵਾਸਤੇ ਜਗ੍ਹਾਂ ਦੇਣੀ ਪੰਜਾਬ ਨਾਲ ਧੋਖੇ ਦੀ ਸਿਖ਼ਰ ਹੈ, ਜਿਸ ਵਿਚ ਪੰਜਾਬ ਦੀ ਮੌਜੂਦਾ ਸਰਕਾਰ ਸਿੱਧੇ ਤੌਰ ‘ਤੇ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ’ਤੇ ਕੇਵਲ ਪੰਜਾਬ ਦਾ ਹੱਕ ਸੀ, ਹੱਕ ਹੈ ਅਤੇ ਹਮੇਸ਼ਾਂ ਰਹੇਗਾ।ਉਨ੍ਹਾਂ ਕਿਹਾ ਕਿ ਭਾਵੇਂ ਮੌਜੂਦਾ ਸਮੇਂ ਇਸ 10 ਏਕੜ ਜਗ੍ਹਾ ਦੇਣ ਦੇ ਬਦਲੇ ਹਰਿਆਣਾ ਵੱਲੋਂ ਪੰਚਕੂਲਾ ਵਿਚ 12 ਏਕੜ ਜਗ੍ਹਾ ਦੇਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ, ਪਰ ਪੰਜਾਬੀਆਂ ਨੂੰ ਧੋਖੇ ਵਿੱਚ ਰੱਖਣ ਦਾ ਹੀ ਇਕ ਤਰੀਕਾ ਹੈ।ਐਡਵੋਕੇਟ ਧਾਮੀ ਨੇ ਸਮੂਹ ਪੰਜਾਬ ਪੱਖੀ ਧਿਰਾਂ ਨੂੰ ਅਪੀਲ ਕੀਤੀ ਕਿ ਇਸ ਸਾਜ਼ਿਸ਼ੀ ਫੈਸਲੇ ਵਿਰੁੱਧ ਇਕ ਮੰਚ ’ਤੇ ਇਕੱਠੀਆਂ ਹੋਣ ਅਤੇ ਸਖ਼ਤ ਵਿਰੋਧ ਕੀਤਾ ਜਾਵੇ, ਤਾਂ ਕਿ ਇਹ ਫੈਸਲਾ ਲਾਗੂ ਨਾ ਹੋ ਸਕੇ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media