Sunday, December 22, 2024

ਖਾਲਸਾ ਸੰਸਥਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਗੁਰਪੁਰਬ ’ਤੇ ਨਗਰ ਕੀਰਤਨ ਸਜਾਇਆ

ਖਾਲਸਾ ਕਾਲਜ ’ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ ਨਗਰ ਕੀਰਤਨ

ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਮੂਹ ਵਿੱਦਿਅਕ ਅਦਾਰਿਆਂ ਵਲੋਂ ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਯੂਨੀਵਰਸਿਟੀ ਸਮੂਹ ਕਾਲਜਾਂ, ਸਕੂਲਾਂ ਦੇ ਪ੍ਰਿੰਸੀਪਲਾਂ, ਸਟਾਫ਼ ਮੈਂਬਰ ਅਤੇ ਕਰੀਬ 30 ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਨੇ ਨਗਰ ਕੀਰਤਨ ’ਚ ਹਾਜ਼ਰੀ ਭਰੀ।
ਖਾਲਸਾ ਯੂਨੀਵਰਸਿਟੀ ਦੇ ਪ੍ਰੋ: ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਹਿਜ-ਧਰਮ ਦਾ ਪ੍ਰਚਾਰ ਕਿਸੇ ਇਕ ਥਾਂ ’ਤੇ ਟਿਕ ਕੇ ਕਰਨ ਦੀ ਥਾਂ ਗੁਰੂ ਸਾਹਿਬ ਜੀ ਉਦਾਸੀਆਂ ’ਤੇ ਨਿਕਲ ਪਏ।ਆਪ ਜੀ ਨੇ ਪੂਰਬ, ਪੱਛਮ, ਉੱਤਰ ਅਤੇ ਦੱਖਣ ਚੌਹਾਂ ਦਿਸ਼ਾਵਾਂ ’ਚ ਪੈਂਦੇ ਪ੍ਰਸਿੱਧ ਧਰਮ ਸਥਾਨਾਂ ’ਤੇ ਗਏ।ਉਨ੍ਹਾਂ ਨੇ ਵਿਦਵਾਨਾਂ, ਧਾਰਮਿਕ ਮੁਖੀਆਂ, ਪੁਜਾਰੀਆਂ, ਪੀਰਾਂ, ਫ਼ਕੀਰਾਂ ਨਾਲ ਸੰਵਾਦ ਰਚਾਏ ਅਤੇ ਸਭ ਨੂੰ ਸਹੀ ਧਰਮ ਦਾ ਬੋਧ ਕਰਵਾ ਕੇ ਆਪਣਾ ਅਨੁਯਾਈ ਬਣਾਇਆ।ਛੀਨਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਲੋਕਾਂ ਨੂੰ ਵਹਿਮਾਂ ਭਰਮਾਂ, ਕਰਮ ਕਾਂਢਾ, ਜਾਤ ਪਾਤ ਅਤੇ ਊਚ ਨੀਚ ਵਰਗੀਆਂ ਸਮਾਜਿਕ ਕੁਰੀਤੀਆਂ ਤੋਂ ਕੱਢਦਿਆਂ ਸਮੂਹ ਜਗਤ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛੱਕੋ ਦਾ ਉਪਦੇਸ਼ ਦਿੱਤਾ।ਉਨ੍ਹਾਂ ਨੇੇ ਦੇਸ਼-ਵਿਦੇਸ਼ ’ਚ ਵੱਸਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ।
ਇਸ ਨਗਰ ਕੀਰਤਨ ’ਚ ਵਿਦਿਆਰਥੀਆਂ ਨੇ ‘ਕਲਿ ਤਾਰਣਿ ਗੁਰ ਨਾਨਕ ਆਇਆ, ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ, ਬੋਲੇ ਸੋ ਨਿਹਾਲ, ਪੰਥ ਕੀ ਜੀਤ’ ਆਦਿ ਗੁਰਬਾਣੀ ਸ਼ਬਦ ਦਾ ਉਚਾਰਣ ਕੀਤਾ।ਨਗਰ ਕੀਰਤਨ ਵੱਖ-ਵੱਖ ਪੜ੍ਹਾਵਾਂ ਤੋਂ ਹੁੰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਪੁੱਜਾ।ਇਸ ਸਮੇਂ ਵਿਦਿਆਰਥੀਆਂ ਨੇ ਗਤਕੇ ਦੇ ਜੌਹਰ ਵੀ ਦਿਖਾਏ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ’ਤੇ ਪੁੱਜਣ ਉਪਰੰਤ ਪੰਜ ਪਿਆਰੇ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਵੰਤ ਸਿੰਘ ਵੱਲੋਂ ਅਰਦਾਸ ਕੀਤੀ ਗਈ।ਬਾਅਦ ‘ਚ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜ਼ਰ ਭਗਵੰਤ ਸਿੰਘ ਧੰਗੇੜਾ, ਬਲਵਿੰਦਰ ਸਿੰਘ ਮਥਰੇਵਾਲ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਵਲੋਂ ਛੀਨਾ ਸਮੇਤ ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਮਹਿਲ ਸਿੰਘ, ਡੀਨ ਡਾ: ਸੁਰਿੰਦਰ ਕੌਰ, ਰਜਿਸਟਾਰ ਡਾ: ਖੁਸ਼ਵਿੰਦਰ ਕੁਮਾਰ, ਡੀਨ ਡਾ: ਆਰ.ਕੇ ਧਵਨ, ਡੀਨ ਡਾ: ਕੰਵਲਜੀਤ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਰਾਜਬੀਰ ਸਿੰਘ, ਪਰਮਜੀਤ ਸਿੰਘ ਬੱਲ ਅਤੇ ਸਮੂਹ ਕਾਲਜਾਂ ਦੇ ਪ੍ਰਿੰਸੀਪਲਾਂ ਦਾ ਸਵਾਗਤ ਕਰਦਿਆਂ ਸਿਰੋਪਾਓ ਭੇਟ ਕੀਤਾ ਗਿਆ।
ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ: ਅਰਵਿੰਦਰ ਕੌਰ ਕਾਹਲੋਂ ਨੇ ਪ੍ਰਕਾਸ਼ ਪੁਰਬ ’ਤੇ ਵਧਾਈ ਦਿੱਤੀ। ਨਗਰ ਕੀਰਤਨ ’ਚ ਸਾਫ਼-ਸਫ਼ਾਈ ਦੀ ਵਿਵਸਥਾ ਨੂੰ ਦਰੁਸਤ ਰੱਖਣ ਲਈ ਵਿਦਿਆਰਥੀਆਂ ਨੇ ਪੜ੍ਹਾਅ-ਦਰ-ਪੜ੍ਹਾਅ ਚੱਲਦਿਆਂ ਸੇਵਾ ’ਚ ਯੋਗਦਾਨ ਪਾਇਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਡਾ. ਸੁਖਬੀਰ ਕੌਰ ਮਾਹਲ, ਸ੍ਰੀਮਤੀ ਰਮਿੰਦਰ ਕੌਰ, ਟੀ.ਪੀ.ਐਸ ਸੰਧੂ, ਮੇਜ਼ਰ ਸਿੰਘ ਸੰਧੂ, ਬਿਕਰਮਜੀਤ ਸਿੰਘ, ਗੁਰਮਹਿੰਦਰ ਸਿੰਘ, ਸਰਬਜੀਤ ਸਿੰਘ ਹੁਸ਼ਿਆਰ ਨਗਰ ਅਤੇ ਪ੍ਰਿੰ: ਮਨਦੀਪ ਕੌਰ, ਡਾਇਰੈਕਟਰ ਡਾ: ਮੰਜ਼ੂ ਬਾਲਾ, ਪ੍ਰਿੰ: ਡਾ: ਅਮਨਪ੍ਰੀਤ ਕੌਰ, ਪ੍ਰਿੰ: ਹਰੀਸ਼ ਕੁਮਾਰੀ, ਪ੍ਰਿੰ: ਗੁਰਦੇਵ ਸਿੰਘ, ਡਾਇਰੈਕਟਰ-ਕਮ-ਪ੍ਰਿੰਸੀਪਲ ਡਾ: ਜਸਪਾਲ ਸਿੰਘ, ਪ੍ਰਿੰ: ਡਾ: ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰ: ਨਾਨਕ ਸਿੰਘ, ਡਾ: ਐਸ.ਕੇ ਨਾਗਪਾਲ, ਪ੍ਰਿੰ: ਏ.ਐਸ. ਗਿੱਲ, ਪ੍ਰਿੰ: ਪੁਨੀਤ ਕੌਰ ਨਾਗਪਾਲ, ਪ੍ਰਿੰ: ਨਿਰਮਲਜੀਤ ਕੌਰ, ਪ੍ਰਿੰ: ਗੁਰਿੰਦਰਜੀਤ ਕੌਰ, ਪ੍ਰਿੰ: ਨਿਧੀ ਗੁਪਤਾ, ਅੰਡਰ ਸੈਕਟਰੀ ਡੀ.ਐਸ ਰਟੌਲ, ਸ਼੍ਰਮਣੀ ਕਮੇਟੀ ਤੋਂ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ, ਗੁਰਜੋਤ ਸਿੰਘ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ ਮੈਂਬਰ ਅਤੇ ਵੱਡੀ ਗਿਣਤੀ ’ਚ ਸਮੂਹ ਕਾਲਜ ਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …