Wednesday, January 15, 2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ।ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ’ਚ ਸ਼ਮੂਲੀਅਤ ਕਰਨ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਜੀਵਨ ਮਾਨਵਤਾ ਲਈ ਕਲਿਆਣਕਾਰੀ ਹੈ।ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਜਾਤ-ਪਾਤ ਦੀ ਵਲਗਣ ਵਿੱਚੋਂ ਕੱਢਿਆ ਅਤੇ ਦੱਬੀ ਕੁਚਲੀ, ਲਤਾੜੀ ਤੇ ਦਬਾਈ ਜਾ ਰਹੀ ਲੋਕਾਈ ਵਾਸਤੇ ਆਸ ਅਤੇ ਧਰਵਾਸ ਬਣੇ।ਉਨ੍ਹਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਉਪਦੇਸ਼ ਨਾਲ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਮਾਰਗ ਨਿਰਧਾਰਤ ਕੀਤਾ।ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਗੁਰਬਾਣੀ ਉਪਦੇਸ਼ਾਂ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕਰਦਿਆਂ ਕਿਹਾ ਕਿ ਸਾਡਾ ਸਭ ਦਾ ਫਰਜ ਹੈ ਕਿ ਅਸੀਂ ਗੁਰੂ ਸਾਹਿਬ ਵੱਲੋਂ ਬਖਸ਼ੇ ਫਲਸਫੇ ਨੂੰ ਸੰਸਾਰ ਵਿਚ ਫੈਲਾਉਣ ਦਾ ਯਤਨ ਕਰੀਏ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ …