ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁ. ਬਾਬਾ ਅਟੱਲ ਰਾਏ ਸਾਹਿਬ ਵਿਖੇ ਜਲੌ ਸਜਾਏ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ
ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖ਼ਸ਼ੀਅਤਾਂ ਨੇ ਵੀ ਹਾਜ਼ਰੀ ਭਰੀ। ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ।ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ।ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਸਮੁੱਚੀ ਮਨੁੱਖਤਾ ਲਈ ਜੀਵਨ ਰੁਸ਼ਨਾਉਣ ਵਾਲੇ ਹਨ।ਗੁਰੂ ਸਾਹਿਬ ਨੇ ਊਚ-ਨੀਚ, ਜਾਤ-ਪਾਤ ਤੇ ਵਰਨ-ਵੰਡ ਦੀਆਂ ਵਲਗਣਾਂ ਨੂੰ ਤੋੜ ਕੇ ਇਕ ਅਕਾਲ ਪੁਰਖ ਦੇ ਲੜ ਲਾਇਆ।ਉਨ੍ਹਾਂ ਸੰਗਤਾਂ ਨੂੰ ਗੁਰੂ-ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ, ਸੁਪ੍ਰਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਯੁਵਰਾਜ ਸਿੰਘ, ਗੁਰਤਿੰਦਰਪਾਲ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media