ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਉੱਘੇ ਅਕਾਦਮਿਕ ਮਾਹਿਰ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਪਟਿਆਲਾ ਦੇ ਸੰਸਥਾਪਕ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਰਸਮੀ ਤੌਰ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਅਹੁੱਦਾ ਸੰਭਾਲ ਲਿਆ।ਪ੍ਰੋ. ਪਲਵਿੰਦਰ ਸਿੰਘ ਡੀਨ ਅਕਾਦਮਿਕ ਮਾਮਲੇ, ਪ੍ਰੋ. ਕੇ. ਐਸ ਕਾਹਲੋਂ ਰਜਿਸਟਰਾਰ; ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ, ਡੀਨ ਵਿਦਿਆਰਥੀ ਭਲਾਈ ਪ੍ਰੋ. ਸਰਬਜਿੰਦਰ ਸਿੰਘ, ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।ਪ੍ਰੋ. ਕਰਮਜੀਤ ਸਿੰਘ ਨੇ ਸ਼ੁਕਰਾਨਾ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ ਤਕ ਪਹੁੰਚਾਉਣ ਅਤੇ ਵਿਦਿਆਰਥੀਆਂ ਨੂੰ ਨੌਕਰੀਆਂ ਤੇ ਵਪਾਰ ਯੋਗ ਬਣਾਉਣ ਵਰਗੀਆਂ ਹੋਰ ਪਹਿਲਕਦਮੀਆਂ `ਤੇ ਆਪਣੇ ਵਿਚਾਰ ਸਾਂਝੇ ਕੀਤੇ।ਇਸ ਤੋਂ ਪਹਿਲਾਂ ਕੈਂਪਸ ਪਹੁੰਚਣ `ਤੇ ਯੂਨੀਵਰਸਿਟੀ ਭਾਈਚਾਰੇ ਵਲੋਂ ਪ੍ਰੋ. ਕਰਮਜੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ।
ਆਪਣੇ ਸੰਬੋਧਨ ਵਿਚ ਪ੍ਰੋ. ਕਰਮਜੀਤ ਸਿੰਘ ਨੇ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਖਸ਼ਿਸ਼ ਸਦਕਾ ਹੀ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ `ਤੇ ਬਣੀ ਇਸ ਮਹਾਨ ਯੂਨੀਵਰਸਿਟੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ।ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਮੀਰ ਵਿਰਾਸਤ ਬਾਰੇ ਗਲ ਕਰਦਿਆਂ ਕਿਹਾ ਕਿ ਇਸ ਯੂਨੀਵਰਸਿਟੀ ਦਾ ਨਾਂ ਪਹਿਲਾਂ ਹੀ ਰਾਸ਼ਟਰੀ ਪੱਧਰ `ਤੇ ਪ੍ਰਮੁੱਖ ਸੰਸਥਾ ਵਿਚੋਂ ਇੱਕ ਹੈ ਅਤੇ ਉਨ੍ਹਾਂ ਦੀ ਪਹਿਲ ਕਦਮੀਆਂ ਵਿਚ ਪਹਿਲੇ ਨੰਬਰ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ `ਤੇ ਪ੍ਰਮੁੱਖ ਯੂਨੀਵਰਸਿਟੀਆਂ ਵਿਚ ਸਥਾਪਿਤ ਕਰਨਾ ਹੋਵੇਗਾ।
ਉਨ੍ਹਾਂ ਕਿਹਾ ਕਿ ਹੁਣ ਦਾ ਸਮਾਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਵਰਗੀਆਂ ਅਤਿ-ਆਧੁਨਿਕ ਤਕਨਾਲੋਜੀਆਂ ਵਾਲਾ ਦੌਰ ਹੈ।ਉਨ੍ਹਾਂ ਦੀ ਇਹ ਕੋਸ਼ਿਸ਼ ਹੋਵੇਗੀ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੀ ਇਸ ਆਰਟੀਫੀਸ਼ੀਅਲ ਇੰਟੈਲੀਜੈਂਸ ਦੌਰ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲੇ ਅਤੇ ਵਿਦਿਆਰਥੀਆਂ ਨੂੰ ਰੁਜ਼ਗਾਰਯੋਗ ਅਤੇ ਉੱਦਮੀ ਯੋਗਤਾਵਾਂ ਦੇ ਸਮਰੱਥ ਬਣਾਏ।ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਹੁਨਰ-ਅਧਾਰਿਤ ਕੋਰਸਾਂ ਦੀ ਸ਼ੁਰੂਆਤ ਕਰਨ ਨੂੰ ਪਹਿਲ ਦਿੱਤੀ ਜਾਵੇਗੀ।ਖੋਜ਼ ਅਤੇ ਨਵੀਨਤਾ ਦੀ ਪ੍ਰਮੁੱਖ ਭੂਮਿਕਾ ਨੂੰ ਸਵੀਕਾਰਦਿਆਂ ਉਨ੍ਹਾਂ ਸਮਕਾਲੀ ਚੁਣੌਤੀਆਂ ਨੂੰ ਹੱਲ ਕਰਨ ਵਿਗਿਆਨਕ ਖੋਜ ਦੇ ਨਾਲ ਨਾਲ ਸਮਾਜ ਵਿਗਿਆਨ ਨਾਲ ਸਬੰਧਤ ਖੋਜਾਂ ਵਿੱਚ ਵਧੇਰੇ ਵਿਕਸਤ ਹੋਣ ਦੀ ਲੋੜ `ਤੇ ਜ਼ੋਰ ਦਿੱਤਾ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ `ਸਰਬਤ ਦਾ ਭਲਾ` ਤੋਂ ਪ੍ਰੇਰਨਾ ਲੈਂਦਿਆਂ ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਵਿਚ `ਕੁੱਲ ਦਾਖਲਾ ਲੈਣ ਦਾ ਅਨੁਪਾਤ` 29.1 ਫੀਸਦ ਹੈ, ਉਨ੍ਹਾਂ ਦਾ ਟੀਚਾ ਜਿਵੇਂ ਕਿ ਭਾਰਤ ਸਰਕਾਰ ਦਾ ਟੀਚਾ ਹੈ, ਇਸ `ਕੁੱਲ ਦਾਖਲਾ ਲੈਣ ਦਾ ਅਨੁਪਾਤ` ਦੇ ਟੀਚੇ ਨੂੰ 50 ਫੀਸਦ ਤੱਕ ਪਹੁੰਚਾਉਣਾ ਹੈ।ਉਨ੍ਹਾਂ ਕਿਹਾ ਕਿ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਦੱਬੇ-ਕੁਚਲੇ ਅਤੇ ਪਛੜੇ ਵਰਗਾਂ, ਵੱਖ-ਵੱਖ ਤੌਰ `ਤੇ ਵਿਸ਼ੇਸ਼ ਲੋੜਾਂ ਵਿਅਕਤੀਆਂ ਅਤੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਉੱਚ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ `ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਪ੍ਰੋ. ਕਰਮਜੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ `ਤੇ ਖਾਸ ਉਚਾਈ ਤਕ ਲਿਜਾਣ ਬਾਰੇ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਇਹ ਯਕੀਨੀ ਬਣਾਏਗੀ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਪਹਿਲਾਂ ਨਾਲੋਂ ਵੀ ਵੱਧ ਗਿਆਨਵਾਨ, ਰੋਜ਼ਗਾਰਮੁਖੀ, ਉਦਮੀ ਯੋਗਤਾਵਾਂ ਅਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਲੈਸ ਹੋ ਕੇ ਵਿਸ਼ਵ ਵਿਚ ਵਿਚਰਣ ਅਤੇ ਸਮਾਜ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਯੂਨੀਵਰਸਿਟੀ ਦੀ ਪਛਾਣ ਨੂੰ ਹੋਰ ਨਿਖਾਰਣ। ਉਨ੍ਹਾਂ ਇਹਨਾਂ ਉਦੇਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਫੈਕਲਟੀ, ਸਟਾਫ ਅਤੇ ਵਿਦਿਆਰਥੀਆਂ ਦੇ ਸਮੂਹਿਕ ਯਤਨਾਂ ਤੋਂ ਸਮਰਥਨ ਅਤੇ ਸਮਰਪਣ ਭਾਵਨਾ ਦੀ ਮੰਗ ਵੀ ਕੀਤੀ।
ਇਸ ਮੌਕੇ ਫੈਕਲਟੀ ਅਤੇ ਸਟਾਫ਼ ਮੈਂਬਰਾਂ ਅਤੇ ਹੋਰ ਪਤਵੰਤਿਆਂ ਨੇ ਪ੍ਰੋ: ਸਿੰਘ ਨੂੰ ਉਪ ਕੁਲਪਤੀ ਵਜੋਂ ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …