ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ ਬਿਊਰੋ) – ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਮਲੀਆਂ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਵਾਸਤੇ ਨਵੇਂ ਸਟੇਡੀਅਮ ਦਾ ਉਦਘਾਟਨ ਕੀਤਾ।ਕੈਬਨਿਟ ਮੰਤਰੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ, ਜਿਸ ਲਈ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਨਗੇ ਅਤੇ ਸਾਡੇ ਪਿੰਡਾਂ ਵਿਚੋਂ ਵੱਡੇ ਖਿਡਾਰੀ ਤਿਆਰ ਹੋਣਗੇ।ਹਰਭਜਨ ਸਿੰਘ ਨੇ ਕਿਹਾ ਕਿ ਕਬੱਡੀ ਸਾਡੇ ਪਿੰਡਾਂ ਦੇ ਸਭਿਆਚਾਰ ਨਾਲ ਜੁੜੀ ਹੋਈ ਖੇਡ ਹੈ ਅਤੇ ਇਹ ਸਟੇਡੀਅਮ ਸਾਡੇ ਇਲਾਕੇ ਦੇ ਬੱਚਿਆਂ ਨੂੰ ਮਾਂ ਖੇਡ ਵੱਲ ਪ੍ਰੇਰਿਤ ਵੀ ਕਰਨਗੇ।ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਅਹਿਦ ਲਿਆ ਗਿਆ ਹੈ, ਉਸ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਜਰੂਰੀ ਹੈ।
ਇਸ ਮੌਕੇ ਰਾਜ ਭਨੋਟ, ਸਰਪੰਚ ਨਵਕਿਰਨ ਸਿੰਘ, ਮੱਲ੍ਹੀ ਟਰਾਂਸਪੋਰਟਰ, ਸਰਬਜੀਤ ਡਿੰਪੀ, ਸਤਿੰਦਰ ਸਿੰਘ, ਸਮੂਹ ਪਿੰਡ ਵਾਸੀ ਅਤੇ ਖਿਡਾਰੀ ਵੱਡੀ ਗਿਣਤੀ ‘ਚ ਹਾਜ਼ਰ ਸਨ।