ਸਮਾਗਮ ਦੀ ਕਾਮਯਾਬੀ ਲਈ ਵਿਭਾਗਾਂ ਵੱਲੋਂ ਤਿਆਰੀਆਂ ਸ਼ੁਰੂ

ਬਟਾਲਾ, 10 ਜਨਵਰੀ (ਨਰਿੰਦਰ ਬਰਨਾਲ) – ਸਰਕਾਰੀ ਪਾਲੀਟੈਕਨੀਕਲ ਕਾਲਜ ਬਟਾਲਾ ਦੇ ਖੇਡ ਸਟੇਡੀਅਮ ਵਿਖੇ ਪ੍ਰਸ਼ਾਸਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਬਟਾਲਾ ਵਿਖੇ ਤਹਿਸੀਲ ਪੱਧਰੀ ਗਣਤੰਤਰ ਦਿਵਸ ਮਨਾਉਣ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅੱਜ ਸਥਾਨਕ ਬਟਾਲਾ ਕਲੱਬ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਤਹਿਸੀਲਦਾਰ ਬਟਾਲਾ ਸ. ਅਰਵਿੰਦਰਪਾਲ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਇਸ ਨੂੰ ਚਾਵਾਂ ਨਾਲ ਮਨਾਉਣਾ ਹਰ ਭਾਰਤ ਵਾਸੀ ਦਾ ਫਰਜ ਹੈ। ਉਨ੍ਹਾਂ ਕਿਹਾ ਕਿ ਬਟਾਲਾ ਦਾ ਤਹਿਸੀਲ ਪੱਧਰੀ ਸਮਾਗਮ ਯਾਦਗਾਰ ਹੋਵੇਗਾ ਅਤੇ ਸਾਰੇ ਵਿਭਾਗ ਸਮਾਗਮ ਦੀ ਸਫਲਤਾ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦੇਣ।
ਤਹਿਸੀਲਦਾਰ ਬਟਾਲਾ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ ਅਤੇ ਪੁਲਿਸ ਜਵਾਨਾ, ਪੰਜਾਬ ਹੋਮਗਾਰਡ ਅਤੇ ਐੱਨ.ਐੱਨ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ। ਸੱਭਿਆਚਾਰ ਪ੍ਰੋਗਰਾਮ ਦੀ ਕਾਮਯਾਬੀ ਅਤੇ ਇਸ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਲਈ ਇੱਕ ਸੱਭਿਆਚਾਰਕ ਕਮੇਟੀ ਦਾ ਗਠਨ ਵੀ ਕੀਤਾ ਗਿਆ। ਸ. ਅਰਵਿੰਦਰਪਾਲ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਲੋਕਾਂ ਦੇ ਬੈਠਣ, ਪੀਣ ਲਈ ਸਾਫ ਪਾਣੀ ਅਤੇ ਦੇ ਵਾਹਨਾਂ ਲਈ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ।
ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਨਾਇਬ ਤਹਿਸੀਲਦਾਰ ਲਛਮਣ ਸਿੰਘ, ਰਜਿੰਦਰ ਸਿੰਘ, ਈ.ਓ. ਨਗਰ ਕੌਂਸਲ ਭੁਪਿੰਦਰ ਸਿੰਘ, ਪਰਮਬੀਰ ਸਿੰਘ ਕਾਹਲੋਂ ਖੇਤੀਬਾੜੀ ਅਫਸਰ, ਬਾਗਬਾਨੀ ਅਫਸਰ, ਐੱਸ.ਐੱਮ.ਓ. ਡਾ. ਸੁਖਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਕੂਲੀ ਨੁਮਾਇੰਦੇ ਹਾਜ਼ਰ ਸਨ।
Punjab Post Daily Online Newspaper & Print Media