Saturday, February 15, 2025

ਡਿਪਟੀ ਕਮਿਸ਼ਨਰ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੈਂਡਿਗ ਇੰਤਕਾਲਾਂ ਦਾ ਨਿਪਟਾਰਾ ਕਰਨ ਦੇ ਆਦੇਸ਼

ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – ਜਿਲ੍ਹੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸ਼ਾਕਸੀ ਸਾਹਨੀ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ ਕਿਹਾ ਕਿ ਜਿੰਨਾਂ ਦੇ ਖੇਤਰਾਂ ਵਿੱਚ ਇੰਤਕਾਲਾਂ ਪੈਡਿੰਗ ਹਨ ’ਤੇ ਨਿੱਜੀ ਧਿਆਨ ਦੇ ਕੇ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸ ਕਿਸਮ ਦੀ ਮੁਸ਼ਕਲ ਨਾ ਆਵੇ।ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆ ਰਿਹਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕਾਂ ਵਲੋਂ ਇੰਤਕਾਲ ਨਹੀਂ ਕਰਵਾਇਆ ਜਾਂਦਾ, ਜਿਸ ਕਰਕੇ ਵਿਭਾਗ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨਾਂ ਕਿਹਾ ਕਿ ਸਰਕਾਰ ਦਾ ਅਕਸ਼ ਆਪਣੇ ਕੀਤੇ ਕੰਮਾਂ ਨਾਲ ਹੀ ਬਣਨਾ ਹੁੰਦਾ ਹੈ, ਸੋ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਉਂਦੇ ਲੋਕਾਂ ਨਾਲ ਸਲੀਕੇ ਨਾਲ ਪੇਸ਼ ਆਇਆ ਜਾਵੇ ਅਤੇ ਕਾਇਦੇ ਵਿੱਚ ਰਹਿੰਦੇ ਹੋਏ ਉਨਾਂ ਦੇ ਕੰਮ ਕੀਤੇ ਜਾਣ ਨਾ ਕਿ ਬਾਰ-ਬਾਰ ਦਫ਼ਤਰ ਆਉਣ ਲਈ ਮਜ਼ਬੂਰ ਕੀਤਾ ਜਾਵੇ।ਉਨਾਂ ਕਿਹਾ ਕਿ ਸਰਕਾਰੀ ਫਾਈਲਾਂ ਦੇ ਨਿਬੇੜੇ ਦੇ ਨਾਲ ਨਾਲ ਦਫ਼ਤਰ ਆਏ ਆਮ ਲੋਕਾਂ ਦੇ ਕੰਮ ਕਰਨੇ ਪਹਿਲੀ ਤਰਜ਼ੀਹ ਹੋਣੀ ਚਾਹੀਦੀ ਹੈ।
ਉਨਾਂ ਕਿਹਾ ਕਿ ਰਜਿਸਟਰੀਆਂ ਕਰਵਾਉਣ ਲਈ ਸਬ ਰਜਿਸਟਰਾਰ ਦਫਤਰਾਂ ਵਿੱਚ ਆਉਂਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ ਇਸ ਲਈ ਸਬੰਧਤ ਸਬ ਰਜਿਸਟਰਾਰ ਖੁਦ ਧਿਆਨ ਦੇਣ।ਉਨਾਂ ਕਿਹਾ ਕਿ ਜ਼ਮੀਨਾਂ ਦਾ ਇੰਦਰਾਜ਼ ਆਨਲਾਈਨ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕ ਘਰ ਬੈਠੇ ਹੀ ਆਪਣੇ ਇੰਤਕਾਲ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ।
ਇਸ ਮੌਕੇ ਐਸ.ਡੀ.ਐਮ ਗੁਰਸਿਮਰਨਜੀਤ ਸਿੰਘ ਢਿੱਲੋਂ, ਐਸ.ਡੀ.ਐਮ ਮਜੀਠਾ ਸ੍ਰੀਮਤੀ ਸੋਨਮ, ਐਸ.ਡੀ.ਐਮ ਬਾਬਾ ਬਕਾਲਾ ਅਮਨਦੀਪ ਸਿੰਘ, ਐਸ.ਡੀ.ਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ, ਜਿਲ੍ਹਾ ਮਾਲ ਅਫ਼ਸਰ ਨਵਕਿਰਤ ਸਿੰਘ ਰੰਧਾਵਾ, ਤਹਿਸੀਲਦਾਰ ਅਰਚਨਾ ਸ਼ਰਮਾ, ਤਹਿਸੀਲਦਾਰ ਜਸਪਾਲ ਸਿੰਘ ਸੰਧੂ, ਨਾਇਬ ਤਹਿਸੀਲਦਾਰ ਹਿਰਦੈਪਾਲ ਸਿੰਘ, ਅਮਰਜੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …