Monday, June 16, 2025
Breaking News

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 358ਵਾਂ ਪ੍ਰਕਾਸ਼ ਪੁਰਬ ਅੱਜ ਕਾਲਜ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅੱਜ ਕਾਲਜ ਦੇ ਗੁਰਮਤਿ ਸਟੱਡੀ ਸੈਂਟਰ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
ਸ: ਛੀਨਾ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।ਉਨ੍ਹਾਂ ਕਿਹਾ ਕਿ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਾਤ-ਪਾਤ ਦੇ ਭੇਦਭਾਵ ਨੂੰ ਖ਼ਤਮ ਕਰਕੇ ਬਰਾਬਰੀ ਦੀ ਸ਼ੁਰੂਆਤ ਕੀਤੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੁਆਰਾ ਦੇਸ਼ ਕੌਮ ਲਈ ਦਿੱਤੀ ਗਈ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਕਲਗੀਧਰ ਪਿਤਾ ਨੇ ਜ਼ੁਲਮ ਦੇ ਖਾਤਮੇ ਅਤੇ ਕੌਮ ਦੀ ਰੱਖਿਆ ਲਈ ਜਾਲਮ ਮੁਗਲਾਂ ਨਾਲ ਟਾਕਰਾ ਲੈਂਦਿਆਂ ਆਪਣਾ ਸਰਬੰਸ ਵਾਰ ਦਿੱਤਾ ਸੀ।
ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।ਉਪਰੰਤ ਗੁਰੂ ਕਾ ਲੰਗਰ ਵਰਤਾਇਆ ਗਿਆ।ਛੀਨਾ ਨੇ ਖਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨਾਲ ਮਿਲ ਕੇ ਕੀਰਤਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕੀਤਾ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਰਾਜਬੀਰ ਸਿੰਘ, ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ, ਖਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ, ਐਗਜੇਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪਿ੍ਰੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਗੁਰਦੇਵ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਲਕਸ਼ਮੀ ਚੋਪੜਾ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਅੰਡਰ ਸੈਕਟਰੀ ਡੀ.ਐਸ ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …