ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ 76ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਗੁਰੂ ਨਾਨਕ ਸਟੇਡੀਅਮ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਨੂੰ ਮੁਕੰਮਲ ਰੂੂ ਦੇਣ।
ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਤਰੁਨਪ੍ਰੀਤ ਸਿੰਘ ਸੌਂਦ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਵਾਹੁਣਚਾਰੀ, ਉਦਯੋਗ ਤੇ ਵਣਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਹੋਣਗੇ।ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੌਰਾਨ ਮੁੱਖ ਮਹਿਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐਨ.ਸੀ.ਸੀ ਕੈਡਿਟ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਦੀ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ 26 ਜਨਵਰੀ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਵੀ ਯਕੀਨੀ ਬਣਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਵਧੀਕ ਡਿਪਟੀ ਕਮਿਸ਼ਨਰ ਨਗਰ ਨਿਗਮ ਸੁਰਿੰਦਰ ਸਿੰਘ, ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਐਸ.ਡੀ.ਐਮ ਗੁਰਸਿਮਰਨ ਸਿੰਘ, ਰਿਜ਼ਨਲ ਟਰਾਂਸਪੋਰਟ ਸਕੱਤਰ ਖੁਸ਼ਦਿਲ ਸਿੰਘ, ਡੀ.ਸੀ.ਪੀ ਹਰਪ੍ਰੀਤ ਸਿੰਘ ਮੰਡੇਰ, ਜਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਪਲਵ ਸ਼੍ਰੇਸ਼ਟਾ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸੰਦੀਪ ਮਲਹੋਤਰਾ, ਜਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ ਸਮੇਤ ਸੂੂਹ ਵਿਭਾਗਾਂ ਦੇ ਅਧਿਕਾਰੀ ਮੌਜ਼ੂਦ ਸਨ।