Monday, February 24, 2025
Breaking News

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ
ਅੰਮ੍ਰਿਤਸਰ, 25 ਜਨਵਰੀ – (ਜਗਦੀਪ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪੰਜ਼ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜ਼ਿਆ।ਆਰੰਭਤਾ ਸਮੇਂ ਅਰਦਾਸ ਉਪਰੰਤ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ।ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਤੇ ਨਿਹੰਗ ਸਿੰਘ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਪਲਾਜ਼ਾ ਘੰਟਾ ਘਰ, ਜ਼ਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਜ਼ਾਰ ਕੋਟ ਮਾਹਣਾ ਸਿੰਘ ਅਤੇ ਤਰਨ ਤਾਰਨ ਰੋਡ ਆਦਿ ਥਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਜਿਥੇ ਗਤਕਾ ਤੇ ਬੈਂਡ ਪਾਰਟੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ, ਉਥੇ ਹੀ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ।
ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਸੁਰਜੀਤ ਸਿੰਘ ਰਾਣਾ, ਫੈਡਰੇਸ਼ਨ ਆਗੂ ਅਮਰਬੀਰ ਸਿੰਘ ਢੋਟ, ਮੈਨੇਜਰ ਹਰਪ੍ਰੀਤ ਸਿੰਘ, ਨਰਿੰਦਰ ਸਿੰਘ, ਸਤਨਾਮ ਸਿੰਘ ਰਿਆੜ, ਸਤਿੰਦਰ ਸਿੰਘ, ਜਗਤਾਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਜਸਪਾਲ ਸਿੰਘ ਢੱਡੇ, ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ ਝੰਗੀ, ਰਾਜਿੰਦਰ ਸਿੰਘ ਰੂਬੀ, ਯੁਵਰਾਜ ਸਿੰਘ, ਗੁਰਿੰਦਰ ਸਿੰਘ ਦੇਵੀਦਾਸਪੁਰ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ, ਅਜੈ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

 

Check Also

ਪ੍ਰੋ. (ਡਾ.) ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਾਧੂ ਚਾਰਜ਼ ਦੇਣ ‘ਤੇ ਵਧਾਈ

ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. …