ਸੰਗਰੂਰ, 22 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਸੰਗਰੂਰ ਵਲੋਂ ਨਿਰਦੇਸ਼ਕ ਪਸਾਰ ਸਿੱਖਿਆ
ਡਾ. ਮੱਖਣ ਸਿੰਘ ਭੁੱਲਰ ਦੀ ਸਰਪ੍ਰਸਤੀ ਹੇਠ ਪਿੰਡ ਮਾਨਾ ਵਿਖੇ ਇੱਕ ਪਿੰਡ ਪੱਧਰੀ ਕੈਂਪ ਲਗਾਇਆ ਗਿਆ।ਜਿਸ ਵਿੱਚ ਕਿਸਾਨ ਵੀਰਾਂ ਅਤੇ ਬੀਬੀਆਂ ਨੂੰ ਗਰਮੀ ਰੁੱਤ ਦੀ ਘਰੇਲੂ ਸਬਜ਼ੀ ਬਗੀਚੀ ਲਗਾਉਣ ਅਤੇ ਗਰਮੀ ਰੁੱਤ ਦੀ ਮੂੰਗੀ ਦੀ ਸਫਲ ਕਾਸ਼ਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਇਸ ਕੈਂਪ ਵਿੱਚ ਪਿੰਡ ਦੇ 50 ਕਿਸਾਨ ਵੀਰਾਂ ਅਤੇ ਬੀਬੀਆਂ ਨੇ ਭਾਗ ਲਿਆ।
ਡਾ. ਮਨਦੀਪ ਸਿੰਘ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਨੇ ਕਿਸਾਨ ਵੀਰਾਂ ਅਤੇ ਬੀਬੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਹਨਾਂ ਨੂੰ ਕੇ.ਵੀ.ਕੇ ਸੰਗਰੂਰ ਦੀਆਂ ਵੱਖ-ਵੱਖ ਗਤੀਵਿਧੀਆਂ, ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਬਾਰੇ ਜਾਣੂ ਕਰਵਾਇਆ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੁਦਰਤੀ ਸੋਮਿਆਂ ਦੀ ਸੰਭਾਲ ਲਈ ਪੀਏਯੂ ਵਲੋਂ ਸਿਫ਼ਾਰਸ਼ ਕੀਤੀਆਂ ਨਵੀਨਤਮ ਤਕਨੀਕਾਂ ਨੂੰ ਅਪਣਾਉਣ ਅਤੇ ਆਪਣੇ ਪਰਿਵਾਰਾਂ ਦੀ ਆਮਦਨ ਅਤੇ ਰੁਜ਼ਗਾਰ ਵਧਾਉਣ ਲਈ ਸਹਾਇਕ ਧੰਦੇ ਸ਼ੁਰੂ ਕਰਨ।ਉਨ੍ਹਾਂ ਨੇ ਮਿੱਟੀ ਦੀ ਸਿਹਤ ਨੂੰ ਵਧਾਉਣ ਅਤੇ ਨਾਈਟ੍ਰੋਜਨ ਵਾਲੀ ਖਾਦਾਂ ਦੀ ਵਰਤੋਂ ਘਟਾਉਣ ਲਈ ਗਰਮੀ ਰੁੱਤ ਦੀ ਮੂੰਗੀ ਅਤੇ ਹਰੀ ਖਾਦ ਵਾਲੀਆਂ ਫਸਲਾਂ ਦੀ ਕਾਸ਼ਤ ਕਰਨ `ਤੇ ਜ਼ੋਰ ਦਿੱਤਾ।ਉਨ੍ਹਾਂ ਨੇ ਤਾਜ਼ੀਆਂ ਅਤੇ ਸਿਹਤਮੰਦ ਸਬਜ਼ੀਆਂ ਦੀ ਜਰੂਰਤ ਨੂੰ ਪੂਰਾ ਕਰਨ ਲਈ ਗਰਮੀ ਰੁੱਤ ਦੀਆਂ ਸਬਜ਼ੀਆਂ ਦੀ ਘਰੇਲੂ ਬਗੀਚੀ ਲਗਾਉਣ `ਤੇ ਵੀ ਜ਼ੋਰ ਦਿੱਤਾ।
ਡਾ. ਰੁਕਿੰਦਰ ਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ ((ਫਸਲ ਵਿਗਿਆਨ) ਨੇ ਕਣਕ ਦੀ ਫ਼ਸਲ ਵਿੱਚ ਗਰਮੀ ਦੇ ਪ੍ਰਭਾਵ ਨੂੰ ਘਟਾਉਣ ਵਿੱਚ ਪੋਟਾਸ਼ੀਅਮ ਨਾਈਟ੍ਰੇਟ ਦੇ ਛਿੜਕਾਅ ਦੀ ਜਾਣਕਾਰੀ ਦਿੱਤੀ।ਉਨ੍ਹਾਂ ਨੇ ਮਿੱਟੀ ਦੀ ਸਿਹਤ ਅਤੇ ਪੌਸ਼ਟਿਕਤਾ ਨੂੰ ਬਿਹਤਰ ਬਣਾਉਣ ਲਈ ਗਰਮੀ ਰੁੱਤ ਦੀ ਮੂੰਗੀ ਦੀਆਂ ਉੱਨਤ ਕਿਸਮਾਂ ਅਤੇ ਸੁਧਰੀਆਂ ਕਾਸ਼ਤ ਤਕਨੀਕਾਂ ਬਾਰੇ ਵੀ ਸਾਂਝ ਪਾਈ ।
ਡਾ. ਵਿਤਸਤਾ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਮਹਿਲਾ ਸਸ਼ਕਤੀਕਰਨ ਵਿੱਚ ਕੇਵੀਕੇ ਦੀ ਭੂਮਿਕਾ ਸਾਂਝੀ ਕੀਤੀ ਅਤੇ ਜੀਵਨ ਸ਼ੈਲੀ ਦੀਆਂ ਬਿਮਾਰੀਆਂ ਦੇ ਪ੍ਰਬੰਧਨ ਲਈ ਸੰਤੁਲਿਤ ਖੁਰਾਕ ਦੀ ਮਹੱਤਤਾ `ਤੇ ਧਿਆਨ ਕੇਂਦਰਿਤ ਕੀਤਾ।
ਅੰਤ ਵਿੱਚ ਕਿਸਾਨ ਵੀਰਾਂ ਨੂੰ ਘਰੇਲੂ ਸਬਜ਼ੀ ਬਗੀਚੀ ਲਗਾਉਣ ਦੇ ਤਰੀਕੇ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਸਾਨ ਵੀਰਾਂ ਅਤੇ ਬੀਬੀਆਂ ਨੂੰ ਗਰਮੀ ਰੁੱਤ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਦੇ ਨਾਲ-ਨਾਲ ਕੱਦੂਆਂ ਅਤੇ ਕਰੇਲਿਆਂ ਦੀਆਂ ਪਲੱਗ-ਟ੍ਰੇਆਂ ਵਿੱਚ ਉਗਾਈਆਂ ਵੇਲਾਂ ਮੁਹੱਈਆ ਕਰਵਾਈਆਂ ਗਈਆਂ।ਅਮਰਿੰਦਰ ਸਿੰਘ ਅਤੇ ਸ਼੍ਰੀਮਤੀ ਹਰਪ੍ਰੀਤ ਕੌਰ ਦੇ ਕੇਵੀਕੇ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media