ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਜਗਦੀਪ ਸਿੰਘ) – ਦੇਸ਼ ਰੱਖਯਕ ਮਹਾਨ ਯੋਧੇ ਅਤੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਪੰਥ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੋਲਾ ਮਹੱਲਾ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਪਿਛਲੇ 25 ਸਾਲਾਂ ਤੋਂ ਕਰਵਾਏ ਜਾਂਦੇ ਦੋ ਰੋਜ਼ਾ ਇੰਟਰਨੈਸ਼ਨਲ ਗੱਤਕਾ ਮੁਕਾਬਲਿਆਂ ਦੀ ਅੱਜ ਅਰੰਭਤਾ ਹੋ ਗਈ ਹੈ।ਇਸ ਤੋਂ ਪਹਿਲਾਂ ਛਾਉਣੀ ਬੁੱਢਾ ਦਲ ਵਿਖੇ ਸ੍ਰੀ ਦਸਮ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਅਰੰਭ ਹੋਏ, ਜਿਸ ਦਾ ਭੋਗ 15 ਮਾਰਚ ਨੂੰ ਹੋਲਾ ਮਹੱਲਾ ਚੜਨ ਤੋਂ ਪਹਿਲਾਂ ਪਾਇਆ ਜਾਵੇਗਾ।
ਗੱਤਕਾ ਮੁਕਾਬਲਿਆਂ ਦੀ ਅਰੰਭਤਾ ਸਮੇਂ ਬਾਬਾ ਬਲਬੀਰ ਸਿੰਘ ਅਤੇ ਵੱਲੋਂ ਸੰਗਤੀ ਅਰਦਾਸ ਕਰਨ ਉਪਰੰਤ ਹੋਈ।ਵਿਰਸਾ ਸੰਭਾਲ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਬੁੱਢਾ ਦਲ ਵੱਲੋਂ ਕਰਵਾਉਣ ਦਾ ਮਨੋਰਥ ਦੱਸਦਿਆਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਬਖਸ਼ੀ ਜੁੰਗਜੂ ਯੁੱਧ ਕਲਾ ਦਾ ਪ੍ਰਚਾਰ ਪ੍ਰਸਾਰ ਅਤੇ ਵਿਕਾਸ ਵੱਧ ਤੋਂ ਵੱਧ ਹੋ ਸਕੇ ਅਤੇ ਨੌਜਵਾਨੀ ਆਪਣੇ ਵਿਰਸੇ ਪ੍ਰਤੀ ਸੁਚੇਤ ਹੋ ਕੇ ਮਨੁੱਖ ਮਾਰੂ ਨਸ਼ਿਆਂ ਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰਹੇ।ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੀਹ ਗੱਤਕਾ ਟੀਮਾਂ ਮੈਦਾਨ ਵਿੱਚ ਭਾਗ ਲੈਣ ਲਈ ਉਤਰੀਆਂ ਹਨ। ਜਿਨ੍ਹਾਂ ਦੇ ਕੱਲ੍ਹ ਨੂੰ ਫਾਇਨਲ ਮੁਕਾਬਲੇ ਹੋਣਗੇ।
ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਦੇ ਤਿਉਹਾਰ ਦੀ ਮਹਾਨਤਾ ਤੇ ਮਰਯਾਦਾ ਨੂੰ ਕਾਇਮ ਰੱਖਣ ਲਈ ਸਭ ਨੂੰ ਸਹਿਯੋਗ ਕਰਨਾ ਚਾਹੀਦਾ ਹੈ।ਮੋਟਰਸਾਇਕਲਾਂ ‘ਤੇ ਜਾਣ ਵਾਲੇ ਨੌਜਵਾਨ ਸਟੰਟਬਾਜ਼ੀ ਤੋਂ ਦੂਰ ਰਹਿਣ ਅਤੇ ਅਜਿਹਾ ਕੁੱਝ ਨਾ ਕਰਨ ਜਿਸ ਨਾਲ ਆਵਾਜਾਈ ਤੇ ਮਰਯਾਦਾ ਦੀ ਉਲੰਘਣਾ ਹੋਵੇ।ਉਨ੍ਹਾਂ ਕਿਹਾ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਨੌਜਵਾਨ ਪੀੜੀ ਧਾਰਨ ਕਰੇ ਅਤੇ ਗੁਰੂ ਸਾਹਿਬ ਦੇ ਦੱਸੇ ਮਾਰਗ ‘ਤੇ ਚੱਲਣ ਦਾ ਪ੍ਰਣ ਕਰਨ।ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤ ਛਕ ਕੇ ਗੁਰੂ ਦੇ ਲੜ ਲੱਗਣ।ਉਨ੍ਹਾਂ ਕਿਹਾ ਬੁੱਢਾ ਦਲ ਵੱਲੋਂ ਵਿਰਸਾ ਸੰਭਾਲ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਏਸੇ ਦਿਸਾ ਵਿੱਚ ਪਿਛਲੇ ਢਾਈ ਦਹਾਕਿਆਂ ਤੋਂ ਕਰਵਾਏ ਜਾਂਦੇ ਹਨ ਤਾਂ ਜੋ ਗਤਕਾ ਜੰਗਜ਼ੂ ਕਲਾ ਦਾ ਵੱਧ ਤੋਂ ਵੱਧ ਪ੍ਰਚਾਰ ਪ੍ਰਸਾਰ ਅਤੇ ਵਿਕਾਸ ਹੋ ਸਕੇ।
ਇਸ ਮੌਕੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਤੋਂ ਇਲਾਵਾ ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਰਣਜੋਧ ਸਿੰਘ, ਬਾਬਾ ਸਰਵਣ ਸਿੰਘ ਮਝੈਲ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਜੱਸਾ ਸਿੰਘ ਤਲਵੰਡੀ, ਬਾਬਾ ਮੱਘਰ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਗੁਰਮੇਲ ਸਿੰਘ ਯੂ.ਕੇ, ਬਾਬਾ ਸੁਪ੍ਰੀਤ ਸਿੰਘ ਗਤਕਾ ਮਾਸਟਰ, ਭਾਈ ਅਰਸ਼ਦੀਪ ਸਿੰਘ ਪਥਰਾਲਾ, ਬਾਬਾ ਰਣਜੋਧ ਸਿੰਘ, ਬਾਬਾ ਜਸਵਿੰਦਰ ਸਿੰਘ ਜੱਸੀ ਅਮਰੀਕਾ ਅਤੇ ਸਟੇਜ ਦੀ ਸੇਵਾ ਸਿੱਖ ਵਿਦਵਾਨ ਭਗਵਾਨ ਸਿੰਘ ਜੌਹਲ ਨੇ ਬਾਖੂਬੀ ਨਿਭਾਈ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …