Saturday, August 15, 2026

ਦਫ਼ਤਰਾਂ/ਅਦਾਰਿਆਂ ਦੇ ਨਾਮ ਅਤੇ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ ਵਿੱਚ ਲਿਖੀਆਂ ਜਾਣ – ਭਾਸ਼ਾ ਅਫ਼ਸਰ

ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਜਿਲ੍ਹਾ ਭਾਸ਼ਾ ਅਫ਼ਸਰ ਅੰਮ੍ਰਿਤਸਰ ਡਾ. ਸੁਰੇਸ਼ ਮਹਿਤਾ ਨੇ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਮੂਹ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗ਼ੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਪੱਟੀਆਂ ਮੀਲ ਪੱਥਰ, ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਨਾਮ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਤੋਂ ਹੇਠਾਂ ਲਿਖਿਆ ਜਾਵੇ।
ਜਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬੇਹੱਦ ਸੰਜ਼ੀਦਾ ਹੈ ਅਤੇ ਇਸ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਨਾ ਵਰਤੀ ਜਾਵੇ, ਕਿਉਂਕਿ ਇਹਨਾਂ ਪੰਜਾਬੀ ਪ੍ਰਚਾਲਣ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀ/ਕਰਮਚਾਰੀ ਨੂੰ ਪੰਜਾਬ ਰਾਜ ਭਾਸ਼ਾ (ਸੋਧ) ਐਕਟ-2021 ਤਹਿਤ ਜ਼ੁਰਮਾਨਾ ਲਗਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਨੈਤਿਕ ਤੇ ਕਾਨੂੰਨੀ ਤੌਰ ’ਤੇ ਫ਼ਰਜ਼ ਬਣਦਾ ਹੈ ਕਿ ਅਸੀਂ ਮਾਤ ਭਾਸ਼ਾ ਨੂੰ ਉਸ ਦਾ ਬਣਦਾ ਮਾਣ-ਸਤਿਕਾਰ ਦੇਈਏ।
ਉਨ੍ਹਾਂ ਸਮੂਹ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਥਾਨਾਂ ਦੀ ਪੜਤਾਲ ਕਰਨ ਅਤੇ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜ ਠੀਕ ਹੋਣ।ਜੇਕਰ ਇਸ ਤਰ੍ਹਾਂ ਦੀ ਕੋਈ ਕਮੀ ਪਾਈ ਜਾਂਦੀ ਹੈ ਤਾਂ ਸਬੰਧਿਤ ਅਧਿਕਾਰੀਆਂ ਵਲੋਂ ਉਸ ਨੂੰ ਤੁਰੰਤ ਠੀਕ ਕੀਤਾ ਜਾਵੇ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …