ਜਿਲ੍ਹਾ ਸਿੱਖਿਆ ਅਫ਼ਸਰ ਨੇ ਜਾਗਰਕਤਾ ਵੈਨ ਨੂੰ ਵਿਖਾਈ ਹਰੀ ਝੰਡੀ
ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ) – ਸਿੱਖਿਆ ਵਿਭਾਗ ਪੰਜਾਬ ਵੱਲੋਂ “ਬਿਹਤਰ ਅਨੁਭਵ ਵਿੱਦਿਆ ਮਿਆਰੀ ਮਾਣ ਪੰਜਾਬ ਦਾ ਸਕੂਲ ਸਰਕਾਰੀ” ਦੇ ਨਾਂ ਹੇਠ ਨਵੇਂ ਸੈਸ਼ਨ ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਹੋਈ ’ਦਾਖ਼ਲਾ ਮੁਹਿੰਮ’ ਤਹਿਤ ਅੱਜ ਦੂਸਰੇ ਦਿਨ ਵੱਖ-ਵੱਖ ਖੇਤਰਾਂ `ਚ ਜਾਣ ਵਾਲੀ ਜਾਗਰੂਕਤਾ ਵੈਨ ਜਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਇੰਦੂ ਮੰਗੋਤਰਾ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਫੈਜਪੁਰਾ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤੀ ਗਈ।
ਬਲਾਕ ਸਿੱਖਿਆ ਅਫ਼ਸਰ ਗੁਰਦੇਵ ਸਿੰਘ ਦੀ ਦੇਖ-ਰੇਖ ‘ਚ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ‘ਤੇ ਸੁਧਾਰ ਕੀਤੇ ਜਾ ਰਹੇ ਹਨ।ਜਿਸ ਤਹਿਤ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਦਿੱਖ ਵਿੱਚ ਵੱਡੇ ਪੱਧਰ ‘ਤੇ ਬਦਲਾਅ ਆਇਆ ਹੈ ਅਤੇ ਵਿਦਿਆਰਥੀਆਂ ਨੂੰ ਹਰ ਪੱਖੋਂ ਸਮੇਂ ਦੇ ਹਾਣੀ ਬਣਾਉਣ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਅਮਲ `ਚ ਲਿਆਂਦੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਸਰਕਾਰੀ ਸਕੂਲਾਂ ‘ਤੇ ਭਰੋਸਾ ਕਰ ਕੇ ਆਪਣੇ ਬੱਚੇ ਇਨ੍ਹਾਂ ਸਕੂਲਾਂ ‘ਚ ਹੀ ਦਾਖ਼ਲ ਕਰਵਾਉਣੇ ਚਾਹੀਦੇ ਹਨ, ਕਿਉਂਕਿ ਸਰਕਾਰੀ ਸਕੂਲਾਂ ਵਿੱਚ ਨਿੱਜੀ ਸਕੂਲਾਂ ਨਾਲੋਂ ਵੱਧ ਮਿਆਰੀ ਤੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।