ਸ੍ਰੀ ਗੁਰੂ ਤੇਗ ਬਹਾਦਰ ਐਨ.ਆਰ.ਆਈ ਯਾਤਰੀ ਨਿਵਾਸ ਐਡਵੋਕੇਟ ਧਾਮੀ ਨੇ ਕੀਤਾ ਸੰਗਤ ਅਰਪਣ
ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦਾ 16 ਕਰੋੜ 20 ਲੱਖ ਰੁਪਏ ਦਾ ਸਲਾਨਾ ਬਜ਼ਟ ਬੀਤੇ ਦਿਨੀ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਪਾਸ ਕੀਤਾ ਗਿਆ।ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਨਾਗਰ ਸਿੰਘ, ਜੋਗਾ ਸਿੰਘ, ਹਰਭਜਨ ਸਿੰਘ, ਹਰਪ੍ਰੀਤ ਸਿੰਘ ਤੇ ਕਰਮਵੀਰ ਸਿੰਘ ਆਦਿ ਹਾਜ਼ਰ ਹੋਏ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦਾ ਸਾਲ 2025-26 ਲਈ 16 ਕਰੋੜ 20 ਲੱਖ ਰੁਪਏ ਦਾ ਬਜਟ ਪਾਸ ਕਰਦਿਆਂ ਗੁਰੂ ਘਰ ਦੀਆਂ ਨਵੀਆਂ ਬਣ ਰਹੀਆਂ ਇਮਾਰਤਾਂ ਦੀ ਉਸਾਰੀ, ਪੁਰਾਣੀਆਂ ਇਮਾਰਤਾਂ ਦੇ ਰੱਖ-ਰਖਾਅ, ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਮੁਫਤ ਡਿਸਪੈਂਸਰੀ, ਪ੍ਰਬੰਧ ਵਾਲੇ ਸਕੂਲਾਂ ਅਤੇ ਹੋਰ ਸੰਸਥਾਵਾਂ ਲਈ ਵਿਸ਼ੇਸ਼ ਫੰਡ ਰਾਖਵੇਂ ਰੱਖਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਬਜਟ ਵਿੱਚ ਗੁਰਦੁਆਰਾ ਸਾਹਿਬ ਵਿਖੇ ਮਨਾਏ ਜਾਣ ਵਾਲੇ ਦਿਨ-ਤਿਉਹਾਰ, ਪ੍ਰਕਾਸ਼ ਦਿਹਾੜੇ ਅਤੇ ਹੋਰ ਸਮਾਗਮਾਂ ਨੂੰ ਪਹਿਲਾਂ ਵਾਂਗ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਨਾਲ ਨਾਲ ਸੰਗਤਾਂ ਦੀ ਸਹੂਲਤ ਲਈ ਨਿਵਾਸ ਸਥਾਨਾਂ ਵਾਸਤੇ ਜ਼ਮੀਨ ਖਰੀਦ ਕਰਨ ਅਤੇ ਲੰਗਰ ਦੇ ਪ੍ਰਬੰਧ ਲਈ ਨਿਯਮਾਂ ਅਨੁਸਾਰ ਖਰੀਦ ਦੀ ਮਨਜ਼ੂਰੀ ਵੀ ਦਿੱਤੀ ਗਈ ਹੈ।ਇਸ ਦੇ ਨਾਲ ਹੀ ਇਕੱਤਰਤਾ ਵਿੱਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਕਮੇਟੀ ਦੇ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿੱਚ ਹਰਭਜਨ ਸਿੰਘ ਨੂੰ ਮੀਤ ਪ੍ਰਧਾਨ ਅਤੇ ਹਰਪ੍ਰੀਤ ਸਿੰਘ ਰਤਨ ਨੂੰ ਜਨਰਲ ਸਕੱਤਰ ਨਿਯੁੱਕਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਪ੍ਰਬੰਧਕ ਕਮੇਟੀ, ਕਾਰ ਸੇਵਾ ਬਾਬਾ ਅਮਰੀਕ ਸਿੰਘ ਪਟਿਆਲਾ ਵਾਲਿਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਬਣਾਏ ਗਏ ਸ੍ਰੀ ਗੁਰੂ ਤੇਗ ੱਹਾਦਰ ਐਨ.ਆਰ.ਆਈ ਯਾਤਰੀ ਨਿਵਾਸ ਨੂੰ ਸੰਗਤ ਅਰਪਣ ਕੀਤਾ।ਇਸ ਆਧੁਨਿਕ ਯਾਤਰੀ ਨਿਵਾਸ ਵਿੱਚ 56 ਏਅਰ-ਕੰਡੀਸ਼ਨਡ ਕਮਰੇ ਹਨ, ਜਿਨ੍ਹਾਂ ਨਾਲ ਅਟੈਚਡ ਬਾਥਰੂਮ ਦੀ ਸਹੂਲਤ ਹੈ।ਸੰਗਤਾਂ ਦੀ ਸਹੂਲਤ ਲਈ ਬਿਲਡਿੰਗ ਦੀ ਬੇਸਮੈਂਟ ਵਿੱਚ ਪਾਰਕਿੰਗ ਤਿਆਰ ਕੀਤੀ ਗਈ ਹੈ।ਇਸ ਇਮਾਰਤ ਪਹਿਲੀ ਮੰਜ਼ਿਲ ’ਤੇ ਦੁਕਾਨਾਂ ਅਤੇ ਬੈਂਕ ਦੀ ਸਹੂਲਤ ਦਿੱਤੀ ਗਈ ਹੈ, ਜਦਕਿ ਬਾਕੀ ਦੋ ਮੰਜ਼ਿਲਾਂ ’ਤੇ ਯਾਤਰੀ ਨਿਵਾਸ ਸਥਾਪਿਤ ਕੀਤਾ ਗਿਆ ਹੈ।ਸੰਗਤਾਂ ਆਪਣੀ ਸਹੂਲਤ ਅਨੁਸਾਰ ਇਸ ਯਾਤਰੀ ਨਿਵਾਸ ਵਿੱਚ ਆਨਲਾਈਨ ਕਮਰੇ ਬੁੱਕ ਕਰ ਸਕਦੀਆਂ ਹਨ।ਇਸੇ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਗੁਰਦੁਆਰਾ ਸਾਹਿਬ ਦੀ ਅਧਿਕਾਰਤ ਵੈਬਸਾਈਟ www.gurudwarapaontasahib.in ਵੀ ਲੋਕ ਅਰਪਣ ਕੀਤੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media