ਸ੍ਰੀ ਦਰਬਾਰ ਸਾਹਿਬ ਲਈ ਬੱਸ ਦੀ ਖਰੀਦ ਵਾਸਤੇ ਬੈਂਕ ਅਧਿਕਾਰੀਆਂ ਨੇ ਸੌਂਪਿਆ 30 ਲੱਖ ਦਾ ਚੈਕ
ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਨਜ਼ਦੀਕ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਦਾ ਨਵੀਨੀਕਰਨ ਮਗਰੋਂ ਉਦਘਾਟਨ ਕੀਤਾ।ਇਸ ਦੌਰਾਨ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਲਈ ਸੰਗਤਾਂ ਦੀ ਸਹੂਲਤ ਲਈ ਬੱਸ ਖ਼ਰੀਦ ਕਰਨ ਵਾਸਤੇ 30 ਲੱਖ ਰੁਪਏ ਦਾ ਚੈਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਸਮੇਂ-ਸਮੇਂ ਗੁਰੂ ਘਰ ਦੀਆਂ ਸੇਵਾਵਾਂ ਵਿਚ ਸਹਿਯੋਗ ਕੀਤਾ ਜਾਂਦਾ ਹੈ, ਇਸੇ ਤਹਿਤ ਬੈਂਕ ਪ੍ਰਬੰਧਕਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਇੱਕ 32 ਸੀਟਾਂ ਵਾਲੀ ਬੱਸ ਦੀ ਖ਼ਰੀਦ ਵਾਸਤੇ 30 ਲੱਖ ਰੁਪਏ ਦਿੱਤੇ ਗਏ ਹਨ।ਬੈਂਕ ਅਧਿਕਾਰੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰਾਂ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।ਪੰਜਾਬ ਨੈਸ਼ਨਲ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਅਸ਼ੋਕ ਚੰਦਰ ਨੇ ਬੈਂਕ ਦੀ ਬ੍ਰਾਂਚ ਦੇ ਉਦਘਾਟਨੀ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪੁੱਜਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਅਮਰੀਕ ਸਿੰਘ ਵਿਛੋਆ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਹਰਜਾਪ ਸਿੰਘ ਸੁਲਤਾਨਵਿੰਡ, ਹਰਪਾਲ ਸਿੰਘ ਜੱਲਾ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਸਤਨਾਮ ਸਿੰਘ ਰਿਆੜ, ਪੰਜਾਬ ਨੈਸ਼ਨਲ ਬੈਂਕ ਦੇ ਪ੍ਰਬੰਧਕ ਨਿਰਦੇਸ਼ਕ ਅਸ਼ੋਕ ਚੰਦਰ, ਜੋਨਲ ਮੈਨੇਜਰ ਅਮਿਤਾਬ ਅਨੰਦ, ਡਿਪਟੀ ਜੋਨਲ ਮੈਨੇਜਰ ਬੋਬੀ ਤਨਵਰ, ਸਰਕਲ ਹੈਡ ਬਰਜੇਸ਼ ਕੁਮਾਰ ਯਾਦਵ, ਜਨਰਲ ਮੈਨੇਜਰ ਸੰਜੀਵ ਕੁਮਾਰ ਅਤੇ ਬ੍ਰਾਂਚ ਮੈਨੇਜਰ ਹਰਪ੍ਰੀਤ ਸਿੰਘ ਵੀ ਮੌਜ਼ੂਦ ਸਨ।