Sunday, October 25, 2026

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

2928 ਵਿਦਿਆਰਥੀਆਂ ਨੂੰ ਮਿਲੇਗੀ ਤਕਰੀਬਨ 46 ਲੱਖ ਦੀ ਵਜੀਫਾ ਰਾਸ਼ੀ

ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2024 ਵਿਚ ਲਈ ਗਈ ਦਰਜ਼ਾ ਪਹਿਲਾ ਅਤੇ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ।2928 ਵਿਦਿਆਰਥੀਆਂ ਨੂੰ 46 ਲੱਖ 67 ਹਜ਼ਾਰ ਰੁਪਏ ਦੇ ਕਰੀਬ ਵਜੀਫਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਪ੍ਰਮਾਣ ਪੱਤਰ ਦੇ ਕੇ ਵੀ ਨਿਵਾਜ਼ਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦਾ ਕਾਰਜ਼ ਕਰਦੀ ਹੈ, ਉਥੇ ਹੀ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੀ ਨਿਰੰਤਰ ਕਾਰਜਸ਼ੀਲ ਹੈ।ਉਨ੍ਹਾਂ ਕਿਹਾ ਕਿ ਨੌਜੁਆਨਾਂ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ, ਰਹਿਤ ਮਰਯਾਦਾ ਅਤੇ ਸਿੱਖ ਸਿਧਾਂਤਾਂ ਨਾਲ ਜੋੜਨ ਲਈ ਧਾਰਮਿਕ ਪ੍ਰੀਖਿਆ ਦਾ ਵੱਡਾ ਮਹੱਤਵ ਹੈ।ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੌਰਾਨ ਹਜ਼ਾਰਾਂ ਵਿਦਿਆਰਥੀ ਹਿੱਸਾ ਲੈਂਦੇ ਹਨ, ਜਿਨ੍ਹਾਂ ਵਿੱਚੋਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵੱਖਰੇ ਤੌਰ ’ਤੇ ਵਜ਼ੀਫ਼ੇ ਵੀ ਦਿੱਤੇ ਜਾਂਦੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਾਲ ਨਵੰਬਰ 2024 ਵਿੱਚ ਆਯੋਜਿਤ ਧਾਰਮਿਕ ਪ੍ਰੀਖਿਆ ਵਿੱਚ ਦੋ ਦਰਜ਼ਿਆਂ ਅੰਦਰ 53647 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 2928 ਵਿਦਿਆਰਥੀ ਨੇ ਵਜੀਫਾ ਹਾਸਲ ਕੀਤਾ ਹੈ।ਹਰ ਦਰਜੇ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵੀ ਵਿਸ਼ੇਸ਼ ਰਾਸ਼ੀ ਦਿੱਤੀ ਜਾਵੇਗੀ।ਉਨ੍ਹਾਂ ਅਪੀਲ ਕੀਤੀ ਕਿ ਹਰ ਵਿਦਿਆਰਥੀ ਨੂੰ ਇਸ ਧਾਰਮਿਕ ਪ੍ਰੀਖਿਆ ਦਾ ਹਿੱਸਾ ਬਣਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਬੱਚੇ ਅਤੇ ਨੌਜੁਆਨ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਹੋ ਸਕਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਇੰਚਾਰਜ਼ ਬੀਬੀ ਰਣਜੀਤ ਕੌਰ ਆਦਿ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …