ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਅੰਮੋ ਨੰਗਲ ਨਾਲ ਸਬੰਧਿਤ 49 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਵੱਸਣ ਸਿੰਘ ਦਾ ਮ੍ਰਿਤਕ ਸਰੀਰ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਡਾ. ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਗੁਰਪ੍ਰੀਤ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਪਿੱਛਲੇ ਕੁੱਝ ਸਾਲਾਂ ਤੋਂ ਦੁਬਈ ਆਇਆ ਸੀ।ਪਰਿਵਾਰਕ ਮੈਂਬਰਾਂ ਮੁਤਾਬਿਕ ਬੀਤੀ 1 ਮਾਰਚ ਤੋਂ ਗੁਰਪ੍ਰੀਤ ਨਾਲ ਉਨ੍ਹਾਂ ਦਾ ਸੰਪਰਕ ਟੁੱਟ ਗਿਆ ਸੀ ਅਤੇ ਉਨ੍ਹਾਂ ਨੇ ਦੁਬਈ ਵਿਖੇ ਰਹਿੰਦੇ ਆਪਣੇ ਰਿਸ਼ਤੇਦਾਰਾਂ ਤੋਂ ਇਲਾਵਾ ਉਸਦੇ ਦੋਸਤਾਂ ਰਾਹੀਂ ਉਸਨੂੰ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਬਦਕਿਸਮਤੀ ਨਾਲ ਬੀਤੀ 23 ਅਪ੍ਰੈਲ ਨੂੰ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਰਪ੍ਰੀਤ ਨੇ ਗੁੰਮ ਹੋਣ ਤੋਂ ਅਗਲੇ ਹੀ ਦਿਨ ਭਾਵ 2 ਮਾਰਚ ਨੂੰ ਆਤਮ ਹੱਤਿਆ ਕਰ ਲਈ ਸੀ।ਡਾ. ਓਬਰਾਏ ਨੇ ਦੱਸਿਆ ਕਿ ਪਰਿਵਾਰ ਵਲੋਂ ਉਨ੍ਹਾਂ ਨਾਲ ਸੰਪਰਕ ਕਰਨ ‘ਤੇ ਉਨ੍ਹਾਂ ਨੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਰਾਹੀਂ ਜਿਥੇ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ `ਚ ਪਰਿਵਾਰ ਦੀ ਮਦਦ ਕੀਤੀ ਉਥੇ ਹੀ ਬੀਤੀ ਰਾਤ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਸਦਾ ਮ੍ਰਿਤਕ ਸਰੀਰ ਪਹੁੰਚਣ ਉਪਰੰਤ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਹਵਾਈ ਅੱਡੇ ‘ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਤੇ ਖਜ਼ਾਨਚੀ ਨਵਜੀਤ ਘਈ ਵੱਲੋਂ ਪੀੜਤ ਪਰਿਵਾਰ ਦੀ ਦੱਸੀ ਗਈ ਆਰਥਿਕ ਹਾਲਤ ਮੁਤਾਬਿਕ ਉਨ੍ਹਾਂ ਵਲੋਂ ਗੁਰਪ੍ਰੀਤ ਦੀ ਪਤਨੀ ਅਤੇ ਬਜ਼ੁਰਗ ਵਿਧਵਾ ਮਾਤਾ ਨੂੰ ਘਰ ਦੇ ਗੁਜ਼ਾਰੇ ਲਈ ਕ੍ਰਮਵਾਰ 2500/- 2500/- ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।
ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ਿਕਰ ਕਰਦਿਆਂ ਦੱਸਿਆ ਕਿ ਗੁਰਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸ ਦੀ ਕੰਪਨੀ ਵੱਲੋਂ ਕੀਤਾ ਗਿਆ ਹੈ।ਡਾ. ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 410 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਇਸ ਦੌਰਾਨ ਹਵਾਈ ਅੱਡੇ ਤੇ ਗੁਰਪ੍ਰੀਤ ਦੀ ਮ੍ਰਿਤਕ ਦੇਹ ਨਾਲ ਦੁਬਈ ਤੋਂ ਪਹੁੰਚੇ ਉਸ ਦੇ ਜੀਜਾ ਨਰਿੰਦਰ ਸਿੰਘ ਤੋਂ ਇਲਾਵਾ ਉਸ ਦੇ ਭਰਾ ਸ਼ੁਭਪ੍ਰੀਤ ਸਿੰਘ, ਰਾਣਾ ਪ੍ਰਤਾਪ ਸਿੰਘ, ਤੇਜਿੰਦਰ ਸਿੰਘ, ਅਮਰਦੀਪ ਸਿੰਘ ਤੇ ਜ਼ੋਰਾਵਰ ਸਿੰਘ ਨੇ ਡਾ. ਐਸ.ਪੀ ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਤਹਿ ਦਿਲੋਂ ਸ਼ੁਕਰਾਨਾ ਕੀਤਾ।
Check Also
ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁੱਧ …