ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ) – ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ
ਸਿਵਲ ਸਰਜਨ ਡਾ. ਸੰਜੇ ਕਾਮਰਾ ਦੀ ਅਗਵਾਈ ਵਿੱਚ ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਥਾਨਕ ਥਾਨਾ ਸਿਟੀ ਪੁਲਿਸ-1 ਵਿਖੇ ਡੇਂਗੂ ਦੀ ਰੋਕਥਾਮ ਸਬੰਧੀ ਗਤੀਵਿਧੀ ਕੀਤੀ ਗਈ।ਡਾ. ਸੰਜੇ ਕਾਮਰਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਅਧੀਨ ਪੁਲਿਸ ਲਾਈਨ ਅਤੇ ਸਮੂਹ ਪੁਲਿਸ ਥਾਣਿਆਂ ਵਿੱਚ ਡੇਂਗੂ ਦੀ ਰੋਕਥਾਮ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਕਿਸੇ ਵੀ ਥਾਂ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਡੇਂਗੂ ਬੁਖ਼ਾਰ ਲਈ ਜਿੰਮੇਵਾਰ ਮੱਛਰ ਖੜ੍ਹੇ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ।ਇਸ ਲਈ ਹਫ਼ਤੇ ਵਿੱਚ ਘੱਟੋ-ਘੱਟ ਇਕ ਵਾਰ ਕੂਲਰਾਂ ਅਤੇ ਫ਼ਰਿੱਜਾਂ ਦੀਆਂ ਟਰੇਆਂ ਨੂੰ ਖ਼ਾਲੀ ਕਰ ਕੇ ਸੁਕਾਓ।ਹਰ ਸ਼ੁਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਇਆ ਜਾਵੇ।ਘਰਾਂ ਦੇ ਆਲੇ ਦੁਆਲੇ ਫੁੱਲਾਂ ਦੇ ਗਮਲਿਆਂ ਅਤੇ ਟੁੱਟੇ ਭੱਜੇ ਭਾਂਡਿਆਂ ਆਦਿ ਵਿੱਚ ਪਾਣੀ ਖੜਾ ਨਾ ਹੋਣ ਦਿਉ।ਪਾਣੀ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ।ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਇਸ ਲਈ ਅਜਿਹੇ ਕੱਪੜੇ ਪਾਓ, ਜਿਨ੍ਹਾਂ ਨਾਲ ਪੂਰਾ ਸਰੀਰ ਢੱਕਿਆ ਰਹੇ।ਤੇਜ਼ ਬੁਖ਼ਾਰ ਹੋਣ ਦੀ ਹਾਲਤ ਵਿੱਚ ਤੁਰੰਤ ਨੇੜਲੇ ਹਸਪਤਾਲ ਜਾਂ ਡਿਸਪੈਂਸਰੀ ਆਦਿ ਵਿੱਚ ਜਾ ਕੇ ਮੁਆਇਨਾ ਕਰਵਾਓ।ਜ਼ਿਲਾ ਐਪੀਡਿਮੋਲੋਜਿਸਟ ਡਾ. ਉਪਾਸਨਾ ਬਿੰਦਰਾ ਅਤੇ ਡਾ. ਅਕਾਂਕਸ਼ਾ ਮਹਾਜਨ ਨੇ ਡੇਂਗੂ ਦੇ ਆਮ ਲੱਛਣਾਂ ਬਾਰੇ ਕਿਹਾ ਕਿ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿੱਚ ਦਰਦ, ਹਾਲਤ ਖ਼ਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਡੇਂਗੂ ਬੁਖ਼ਾਰ ਦੇ ਆਮ ਲੱਛਣ ਹਨ।ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਦੇ ਟੈਸਟ ਅਤੇ ਇਲਾਜ਼ ਸਰਕਾਰੀ ਹਸਪਤਾਲਾਂ ਵਿੱਚ ਬਿਲਕੁੱਲ ਮੁਫ਼ਤ ਹੁੰਦਾ ਹੈ।
ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਕਰਨੈਲ ਸਿੰਘ, ਥਾਣਾ ਮੁਖੀ ਅਵਤਾਰ ਸਿੰਘ, ਐਸ.ਆਈ ਰਾਮ ਲਾਲ ਸਿੰਘ, ਮ ਪ ਹ ਵ (ਮ) ਯਾਦਵਿੰਦਰ ਸਿੰਘ, ਅਮਨਦੀਪ ਸਿੰਘ, ਅਕਰਮ, ਬਲਜਿੰਦਰ ਸਿੰਘ, ਐਂਟੀ ਲਾਰਵਾ ਸਟਾਫ, ਸਮੂਹ ਪੁਲੀਸ ਸਟਾਫ, ਨਰਸਿੰਗ ਸਿਖਿਆਰਥਣਾਂ, ਆਸ਼ਾ ਅਤੇ ਬਰੀਡ ਚੈਕਰ ਹਾਜ਼ਰ ਸਨ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media