Wednesday, July 16, 2025
Breaking News

ਸ੍ਰੀ ਦਰਬਾਰ ਸਾਹਿਬ ਵਿਖੇ ਇਸੇ ਸਾਲ ਮੁਕੰਮਲ ਕੀਤੀਆਂ ਜਾਣਗੀਆਂ ਤਿੰਨ ਨਵੀਆਂ ਸਰਾਵਾਂ- ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਸੰਗਤ ਦੇ ਠਹਿਰਣ ਲਈ ਨਵੀਆਂ ਸਰਾਵਾਂ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ।ਤਿੰਨ ਸਰਾਵਾਂ ਇਸੇ ਸਾਲ ਵਿੱਚ ਮੁਕੰਮਲ ਕਰਕੇ ਸੰਗਤ ਅਰਪਣ ਕੀਤੀਆਂ ਜਾਣਗੀਆਂ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਾਵਾਂ ਦੇ ਚੱਲ ਰਹੇ ਕਾਰਜ਼ਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ।ਪ੍ਰਧਾਨ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਵੱਡੀ ਆਮਦ ਨੂੰ ਵੇਖਦਿਆਂ ਸਰਾਵਾਂ ਦੇ ਪ੍ਰਬੰਧਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।ਤਿਆਰ ਕੀਤੀਆਂ ਜਾ ਰਹੀਆਂ ਤਿੰਨ ਨਵੀਆਂ ਸਰਾਵਾਂ ਵਿੱਚ ਭਾਈ ਜੈਤਾ ਜੀ ਨਿਵਾਸ ਬਾਬਾ ਸਾਹਿਬ ਚੌਕ, ਬਾਬਾ ਬਸੰਤ ਸਿੰਘ ਜੀ ਨਿਵਾਸ ਪਰਾਗਦਾਸ ਚੌਕ ਅਤੇ ਭਗਤ ਨਾਮਦੇਵ ਜੀ ਨਿਵਾਸ ਕੇਸਰੀ ਬਾਗ ਵਿਖੇ 259 ਕਮਰੇ ਅਤੇ 30 ਹਾਲ ਸੰਗਤ ਵਾਸਤੇ ਇਸੇ ਸਾਲ 2025 ਵਿੱਚ ਮੁਕੰਮਲ ਕਰਨ ਲਈ ਕਾਰਜ ਨਿਰੰਤਰ ਜਾਰੀ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸਰਾਵਾਂ ਦੀਆਂ ਸੇਵਾਵਾਂ ਕਾਰਸੇਵਾ ਵਾਲੇ ਮਹਾਂਪੁਰਖਾਂ ਪਾਸੋਂ ਕਰਵਾਈਆਂ ਜਾ ਰਹੀਆਂ ਹਨ ਅਤੇ ਲੋੜੀਂਦਾ ਸਮਾਨ ਸ੍ਰੀ ਦਰਬਾਰ ਸਾਹਿਬ ਵੱਲੋਂ ਮੁਹੱਈਆ ਕੀਤਾ ਜਾ ਰਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ ਵਾਸਤੇ ਵੱਖਰਾ ਰਿਹਾਇਸ਼ੀ ਕੰਪਲੈਕਸ ਵੀ ਜਲਦ ਮੁਕੰੰਮਲ ਕੀਤਾ ਜਾਵੇਗਾ।ਇਹ ਰਿਹਾਇਸ਼ੀ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਬਿਲਕੁੱਲ ਨਜ਼ਦੀਕ ਆਟਾ ਮੰਡੀ ਬਾਹੀ ਵਿਖੇ ਤਿਆਰ ਕੀਤਾ ਜਾ ਰਿਹਾ ਹੈ।ਸਿੰਘ ਸਾਹਿਬਾਨ ਦੀਆਂ ਰਿਹਾਇਸ਼ਾਂ ਤਿਆਰ ਹੋਣ ਨਾਲ ਪਰਕਰਮਾ ਵਿਖੇ ਸਥਿਤ ਕਮਰਿਆਂ ਨੂੰ ਸਿੱਖ ਰੈਫਰੈਂਸ਼ ਲਾਇਬ੍ਰੇਰੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਨਾਲ-ਨਾਲ ਨੌਵੇਂ ਪਾਤਸ਼ਾਹ ਜੀ ਨੂੰ ਸਮਰਪਿਤ ਤਿਆਰ ਕੀਤੇ ਜਾਣ ਵਾਲੇ ਸਿੱਖ ਆਰਕਾਈਵਜ਼ ਲਾਇਬ੍ਰੇਰੀ ਲਈ ਵਰਤਿਆ ਜਾਵੇਗਾ।
ਇਸ ਓ.ਐਸ.ਡੀ ਸਤਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਐਕਸੀਅਨ ਸੁਖਜਿੰਦਰ ਸਿੰਘ, ਐਡੀਸ਼ਨਲ ਮੈਨੇਜਰ ਯੁਵਰਾਜ ਸਿੰਘ, ਐਸ.ਡੀ.ਓ ਸੁਖਬੀਰ ਸਿੰਘ ਆਦਿ ਮੌਜ਼ੂਦ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …