ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸਾਡੇ ਭਵਿੱਖ ਦੀ ਸੁਰੱਖਿਆ ਵਾਤਾਵਰਣ ਦੀ ਸਾਂਭ-ਸੰਭਾਲ ’ਤੇ ਨਿਰਭਰ ਕਰਦੀ ਹੈ।ਹਰੇਕ ਮਨੁੱਖ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਸ ਦੀ ਸਾਂਭ-ਸੰਭਾਲ ਲਈ ਹਮੇਸ਼ਾਂ ਤਤਪਰ ਰਹਿਣਾ ਚਾਹੀਦਾ ਹੈ।ਇਹ ਪ੍ਰਗਟਾਵਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖਾਲਸਾ ਕਾਲਜ ਵਿਖੇ ਮੁੱਖ ਮਹਿਮਾਨ ਵਜੋਂ ਪੁੱਜੇ ਸ਼ਿਰਕਤ ਕਰਦਿਆਂ ਪੌਦਾਕਰਨ ਕਰਨ ਸਮੇਂ ਕੀਤਾ।
ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਯੋਗ ਅਗਵਾਈ ਅਤੇ ਕਾਲਜ ਦੇ ਐਨ.ਐਸ.ਐਸ ਯੂਨਿਟ ਵਲੋਂ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ’ਚ ਕਰਵਾਏ ਗਏ ਸਮਾਗਮ ਮੌਕੇ ਛੀਨਾ ਨੇ ਇੱਕ ਰੁੱਖ ਸੌ ਸੁੱਖ ਦੀ ਧਾਰਨਾ ਨੂੰ ਪਰਪੱਕ ਕਰਦਿਆਂ ਕਿਹਾ ਕਿ ਅੱਜ ਸਾਡੇ ਵੱਲੋਂ ਲਗਾਇਆ ਇਕ ਰੁੱਖ ਭਵਿੱਖ ਦੇ ਹਰੇ-ਭਰੇ ਸੁਨਿਹਰੀ ਕੱਲ੍ਹ ਦਾ ਪ੍ਰਤੀਕ ਹੈ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਸੁਰੱਖਿਆ ਅਤੇ ਕੁਦਰਤ ਪ੍ਰਤੀ ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ।‘ਇਕ ਰੁੱਖ ਮਾਂ ਦੇ ਨਾਂ’ ਮੁਹਿੰਮ ਤਹਿਤ ਕਾਲਜ ਕੈਂਪਸ ’ਚ ਰੁੱਖ ਲਗਾਉਣ ਦੀ ਪ੍ਰੰਪਰਾ ਨੂੰ ਕਾਇਮ ਰੱਖਦਿਆਂ ਛੀਨਾ ਨੇ ਖੁਦ ਰੁੱਖ ਲਗਾ ਕੇ ਵਾਤਾਵਰਣ ਦੀ ਸਾਂਭ-ਸੰਭਾਲ ਪ੍ਰਤੀ ਆਪਣੀ ਵਚਨਬੱਧਤਾ ਦਰਸਾਈ।
ਇਸ ਦੌਰਾਨ ਪ੍ਰਿੰਸੀਪਲ ਡਾ. ਰੰਧਾਵਾ ਨੇ ਕਿਹਾ ਕਿ ਕਾਲਜ ਵਾਤਾਵਰਣ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਵਿਦਿਆਰਥੀਆਂ ’ਚ ਵਾਤਾਵਰਣ ਪ੍ਰਤੀ ਜਿੰਮੇਵਾਰੀ ਦੇ ਭਾਵਾਂ ਨੂੰ ਉਜਾਗਰ ਕਰਨ ਲਈ ਯੋਗ ਉਪਰਾਲੇ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਦੁਆਰਾ ਕਾਲਜ ਨੌਜਵਾਨ ਵਿਦਿਆਰਥੀਆਂ ’ਚ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਦੇ ਭਾਵਾਂ ਨੂੰ ਉਜਾਗਰ ਕਰਨ ਲਈ ਹਮੇਸ਼ਾਂ ਮੋਹਰੀ ਬਣਿਆ ਰਹੇਗਾ।
ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਤਮਿੰਦਰ ਸਿੰਘ ਭਾਟੀਆ, ਰਜਿਸਟਰਾਰ ਡਾ. ਦਵਿੰਦਰ ਸਿੰਘ, ਐਨ.ਐਸ ਯੂਨਿਟ ਦੇ ਕੋਆਡੀਨੇਟਰ ਪ੍ਰੋ. ਰਣਦੀਪ ਸਿੰਘ, ਐਨ.ਐਸ.ਐਸ ਵਲੰਟੀਅਰ, ਫੈਕਲਟੀ ਮੈਂਬਰ ਅਤੇ ਵਿਦਿਆਰਥੀਆਂ ਮੌਜ਼ੂਦ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …