Friday, July 11, 2025

67.84 ਕਰੋੜ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ – ਮੁੱਖ ਮੰਤਰੀ

‘ਆਪ’ ਸਰਕਾਰ ਨੇ ਐਸ.ਸੀ ਭਾਈਚਾਰੇ ਦਾ ਜੀਵਨ ਪੱਧਰ ਸੰਵਾਰਨ ਲਈ ਲਿਖਿਆ ਨਵਾਂ ਅਧਿਆਏ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਸੁਹਿਰਦਤਾ ਨਾਲ ਜੁਟੀ ਹੋਈ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਅੱਜ ਇਥੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਨੂੰ ਹੋਰ ਵਧੇਰੇ ਸਮਰੱਥ ਬਣਾਉਣ ਲਈ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਲਈ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪਿੱਛਲੀਆਂ ਸਰਕਾਰਾਂ ਵੱਲੋਂ ਅਮੀਰ ਲੋਕਾਂ ਦੇ ਕਰਜ਼ੇ ਮੁਆਫ਼ ਕੀਤੇ ਜਾਂਦੇ ਸਨ, ਜਦਕਿ ਗਰੀਬ ਲੋਕਾਂ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾਂਦੀ ਸੀ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਨੂੰ ਇਹ ਰਾਹਤ ਮਿਲੀ ਹੈ।ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਪਹਿਲੀ ਵਾਰ ਸੂਬੇ ਦਾ ਬਜ਼ਟ ਆਮ ਆਦਮੀ ਦੀ ਭਲਾਈ ਲਈ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਜਨਤਕ ਭਲਾਈ `ਤੇ ਖਰਚ ਕਰ ਰਹੀ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜ਼ੀਹ ਦੇ ਰਹੀ ਹੈ, ਕਿਉਂਕਿ ਇਸ ਨਾਲ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਨਵੇਂ ਰਾਹ ਖੁੱਲ੍ਹਦੇ ਹਨ।ਉਨ੍ਹਾਂ ਕਿਹਾ ਕਿ ਸਿੱਖਿਆ ਹਰੇਕ ਵਿਅਕਤੀ ਦੀ ਸਫਲਤਾ ਲਈ ਕੁੰਜ਼ੀ ਹੈ ਅਤੇ ਸੂਬੇ ਦੇ ਹਰੇਕ ਨੌਜਵਾਨ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਨਾਲ ਤਕਰੀਬਨ 4800 ਪਰਿਵਾਰਾਂ ਨੂੰ ਲਾਭ ਮਿਲਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ ਪੀ.ਐਸ.ਸੀ.ਐਫ.ਸੀ) ਵਲੋਂ 31 ਮਾਰਚ 2020 ਤੱਕ ਵੰਡੇ ਗਏ ਕਰਜ਼ਿਆਂ ’ਤੇ ਲੀਕ ਫੇਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਆਫ਼ੀ ਪੀ.ਐਸ.ਸੀ.ਐਫ.ਸੀ ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐਸ.ਸੀ ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ।ਇਸ ਕਦਮ ਨਾਲ ਕੁੱਲ 4,727 ਕਰਜ਼ਦਾਰਾਂ ਨੂੰ 67.84 ਕਰੋੜ ਰੁਪਏ ਦੀ ਕੁੱਲ ਰਕਮ ਦਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁੱਲ 4,727 ਕਰਜ਼ਦਾਰ ਸਨ ਜਿਨ੍ਹਾਂ ਵਿੱਚ 4,685 ਡਿਫਾਲਟ ਕਰਜ਼ਦਾਰ ਅਤੇ 42 ਰੈਗੂਲਰ ਕਰਜ਼ਦਾਰ ਹਨ, ਇਸ ਕਰਜ਼ਾ ਮੁਆਫ਼ੀ ਯੋਜਨਾ ਹੇਠ ਆਉਣਗੇ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ, ਲਾਲ ਚੰਦ ਕਟਾਰੂਚੱਕ ਅਤੇ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਸਖਸ਼ੀਅਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਵੂਮੈਨ ਵਿਖੇ ‘ਵਿਸ਼ਵ ਪੱਧਰ ’ਤੇ ਪਲਾਸਟਿਕ ਪ੍ਰਦੂਸ਼ਣ ਦਾ ਅੰਤ’ ਵਿਸ਼ੇ ’ਤੇ ਸੈਮੀਨਾਰ-ਕਮ-ਵਰਕਸ਼ਾਪ

ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਵਿਗਿਆਨ ਵਿਭਾਗ ਨੇ …