ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ
ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਇਤਿਹਾਸ ਅੰਦਰ ਅਨੇਕਾਂ ਮਿਸਾਲਾਂ ਮਿਲਦੀਆਂ ਹਨ, ਜਦੋਂ ਸਿੱਖਾਂ ਨੇ ਸਿਦਕ ਨਾਲ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਪੂਰਨ ਭਰੋਸਾ ਰੱਖਣ ਦੀ ਅਪੀਲ ਕੀਤੀ।ਗਿਆਨੀ ਗੜਗੱਜ ਨੇ ਪ੍ਰੇਰਣਾ ਕੀਤੀ ਕਿ ਸਿੱਖ ਕੌਮ ਸਿੱਖੀ ਦੇ ਮਹੱਤਵਪੂਰਨ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਸਿੱਖੀ ਦੀ ਚੜ੍ਹਦੀ ਕਲਾ ਲਈ ਇਕਜੁੱਟ ਹੋਵੇ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਨਰਿੰਦਰ ਸਿੰਘ, ਰਾਜਿੰਦਰ ਸਿੰਘ ਰੂਬੀ, ਮੀਤ ਮੈਨੇਜਰ ਗੁਰਿੰਦਰਪਾਲ ਸਿੰਘ ਕਾਦੀਆਂ ਆਦਿ ਹਾਜ਼ਰ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media