Monday, February 2, 2026

ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਸਾ ਜ਼ਿਲ੍ਹੇ ਦੇ ਹਲਕਾ ਜੋਗਾ ਤੋਂ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਯਤਨਾਂ ਨਾਲ ਪਿਛਲੇ ਇਕ ਮਹੀਨੇ ਤੋਂ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ ਗੁਰਮਤਿ ਸਿਖਲਾਈ ਕੈਂਪਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ ਸਮਾਗਮ ਅੱਜ ਗੁਰਦੁਆਰਾ ਭਾਈ ਬਹਿਲੋ ਜੀ ਫਫੜੇ ਭਾਈਕੇ ਵਿਖੇ ਆਯੋਜਤ ਕੀਤਾ ਗਿਆ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹਲਕੇ ਦੇ 54 ਪਿੰਡਾਂ ਅੰਦਰ 64 ਥਾਵਾਂ ’ਤੇ ਲਗਾਏ ਇਨ੍ਹਾਂ ਗੁਰਮਤਿ ਕੈਂਪਾਂ ਦੌਰਾਨ 3535 ਬੱਚਿਆਂ ਨੇ ਵੱਖ-ਵੱਖ ਧਾਰਮਿਕ ਮੁਕਾਬਲਿਆਂ ਵਿੱਚ ਭਾਗ ਲਿਆ। ਕੈਂਪ ਦੀ ਸਫਲਤਾ ਲਈ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਘਰ-ਘਰ ਤੱਕ ਪਹੁੰਚ ਕਰਕੇ ਬੱਚਿਆਂ ਨੂੰ ਕੈਂਪ ਵਿੱਚ ਆਉਣ ਲਈ ਪ੍ਰੇਰਿਆ।ਅੱਜ ਕੈਂਪ ਦੀ ਸਮਾਪਤੀ ਮੌਕੇ 575 ਬੱਚਿਆਂ ਦਾ ਗੁਰਮਤਿ ਸਬੰਧੀ ਲਿਖਤੀ ਪੇਪਰ ਵੀ ਲਿਆ ਗਿਆ, ਜੋ ਪਿੰਡਾਂ ਵਿੱਚ ਲੱਗੇ ਗੁਰਮਤਿ ਕੈਂਪਾਂ ਦੌਰਾਨ ਅਵੱਲ ਆਏ ਸਨ।
ਸਮਾਗਮ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਨੁੱਖ ਦੇ ਜੀਵਨ ਲਈ ਗੁਰਬਾਣੀ ਦੀ ਸਿੱਖਿਆ ਦਾ ਵੱਡਾ ਮਹੱਤਵ ਹੈ ਅਤੇ ਗੁਰਮਤਿ ਕੈਂਪਾਂ ਰਾਹੀਂ ਬੱਚਿਆਂ ਨੂੰ ਗੁਰਬਾਣੀ, ਗੁਰ ਇਤਿਹਾਸ ਨਾਲ ਸਹਿਜੇ ਹੀ ਜੋੜਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਹਲਕਾ ਜੋਗਾ ਅੰਦਰ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ ਹੈ, ਅਜਿਹੇ ਉਪਰਾਲੇ ਹਰ ਹਲਕੇ ਵਿੱਚ ਕੀਤੇ ਜਾਣੇ ਚਾਹੀਦੇ ਹਨ।ਉਨ੍ਹਾਂ ਬੱਚਿਆਂ ਨੂੰ ਰੋਜ਼ਾਨਾ ਗੁਰਬਾਣੀ ਨਿਤਨੇਮ ਕਰਨ ਅਤੇ ਸਿੱਖੀ ਵਿੱਚ ਪ੍ਰਪੱਕ ਰਹਿਣ ਦੀ ਪ੍ਰੇਰਨਾ ਕੀਤੀ।ਜਥੇਦਾਰ ਜੀ ਦੀ ਪ੍ਰੇਰਨਾ ਨਾਲ ਸੈਂਕੜੇ ਬੱਚਿਆਂ ਨੇ ਕੇਸ ਰੱਖਣ ਦਾ ਪ੍ਰਣ ਕੀਤਾ।ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਗ੍ਰੰਥੀ ਸਿੰਘਾਂ ਨੂੰ ਹਰ ਰੋਜ਼ ਬੱਚਿਆਂ ਦੀਆਂ ਗੁਰਮਤਿ ਕਲਾਸਾਂ ਲਗਾਉਣ ਲਈ ਪ੍ਰੇਰਿਆ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ, ਜਥੇਦਾਰ ਬਾਬਾ ਟੇਕ ਸਿੰਘ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਅਤੇ ਕੈਂਪ ਵਿੱਚ ਸਹਿਯੋਗ ਦੇਣ ਵਾਲੇ ਗ੍ਰੰਥੀ ਸਿੰਘਾਂ, ਹਲਕਾ ਨਿਵਾਸੀਆਂ ਅਤੇ ਕੈਂਪ ’ਚ ਸ਼ਾਮਲ ਰਹੇ ਬੱਚਿਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਇਹ ਕਾਰਜ ਹਲਕੇ ਵਿੱਚ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਸਮੇਂ-ਸਮੇਂ ਸਕੂਲਾਂ ਅੰਦਰ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਭੇਜ ਕੇ ਗੁਰਮਤਿ ਬਾਰੇ ਜਾਣਕਾਰੀ ਦਿੱਤੀ ਜਾਂਦੀ ਰਹੇਗੀ।ਸਮਾਗਮ ਦੌਰਾਨ ਲਈ ਗਈ ਧਾਰਮਿਕ ਪ੍ਰੀਖਿਆ ਵਿੱਚੋਂ ਅੱਵਲ ਆਏ ਬੱਚਿਆਂ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ, ਜਥੇਦਾਰ ਬਾਬਾ ਟੇਕ ਸਿੰਘ, ਗੁਰਪ੍ਰੀਤ ਸਿੰਘ ਝੱਬਰ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਇਨਾਮ ਵਜੋਂ ਸਾਈਕਲ ਦੇ ਕੇ ਸਨਮਾਨਿਤ ਕੀਤਾ।ਇਸ ਤੋਂ ਇਲਾਵਾ ਕੈਂਪਾਂ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਨੂੰ ਵੀ ਮੈਡਲ, ਸਨਮਾਨ ਪੱਤਰ ਦੇ ਕੇ ਸਨਮਾਨ ਦਿੱਤਾ ਗਿਆ।ਗਤਕਾ ਟੀਮਾਂ ਵੱਲੋਂ ਗੱਤਕੇ ਦੇ ਜੌਹਰ ਵੀ ਵਿਖਾਏ।
ਇਸ ਮੌਕੇ ਜਤਿੰਦਰ ਸਿੰਘ ਸੋਢੀ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਹਰਦੇਵ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਜਸਵਿੰਦਰ ਸਿੰਘ, ਪ੍ਰਿੰਸੀਪਲ ਨਰਿੰਦਰ ਸਿੰਘ, ਇੰਚਾਰਜ਼ ਭੋਲਾ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਰਾਜਪਾਲ ਸਿੰਘ, ਪ੍ਰਚਾਰਕ ਭਾਈ ਅਮਰੀਕ ਸਿੰਘ ਡਸਕਾ, ਭਾਈ ਸਵਿੰਦਰ ਸਿੰਘ, ਭਾਈ ਬਲਦੇਵ ਸਿੰਘ ਅਤੇ ਵੱਡੀ ਗਿਣਤੀ ਵਿਚ ਬੱਚੇ ਮੌਜੂਦ ਸਨ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …